ਤਰਨ ਤਾਰਨ ਦੇ ਝਬਾਲ ਕਲਾਂ ’ਚ ਦਿਨ-ਦਿਹਾੜੇ ਡਬਲ ਮਰਡਰ/ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ/ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

0
1

ਤਰਨ ਤਾਰਨ ਦੇ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਝਬਾਲ ਕਲਾਂ ਵਿਖੇ ਇਕ ਨੌਜਵਾਨ ਵੱਲੋਂ ਕੀਤੀ ਫਾਇਰਿੰਗ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਹਮਲੇ ਦੀ ਵਜ੍ਹਾ ਨਿੱਜ਼ੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਦ ਮੁੱਖ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟੀਮਾਂ ਦਾ ਗਠਨ ਕਰ ਕੇ ਮੁਲਜਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਦੀ ਪਛਾਣ ਕੀਰਤ ਸਿੰਘ ਪੁੱਤਰ ਸ਼ਾਹਬਾਜ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਹਮਲਾਵਰ ਨੇ ਇਕ ਨੌਜਵਾਨ ਨਾਲ ਝਗੜੇ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਸ ਦੇ ਪਰਿਵਾਰਕ ਮੈਂਬਰ ਝਗੜਾ ਰੋਕਣ ਲਈ ਅੱਗੇ ਆਏ ਤਾਂ ਮੁਲਜਮ ਨੇ ਪਿਸਟਲ ਨਾਲ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਪੁਲਿਸ ਨੇ ਮੁਲਜਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਤਰਨ ਤਾਰਨ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਅਧੀਨ ਆਉਂਦੇ ਇਲਾਕੇ ਵਿੱਚ ਕੀਰਤ ਸਿੰਘ ਪੁੱਤਰ ਸ਼ਹਬਾਜ ਸਿੰਘ ਦਾ ਇੱਕ ਪਰਿਵਾਰ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਸੀ। ਮੁੱਢਲੀ ਜਾਂਚ ਅਨੁਸਾਰ ਕੀਰਤ ਸਿੰਘ ਆਪਣੇ ਕੁਝ ਸਾਥੀਆਂ ਨਾਲ ਗੱਡੀ ਵਿੱਚ ਮੌਕੇ ‘ਤੇ ਪਹੁੰਚਿਆ ਅਤੇ ਇੱਕ ਨੌਜਵਾਨ ਨਾਲ ਝਗੜਾ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਨੌਜਵਾਨ ਦੇ ਪਰਿਵਾਰਕ ਮੈਂਬਰ ਝਗੜਾ ਰੋਕਣ ਲਈ ਅੱਗੇ ਆਏ ਤਾਂ ਮੁਲਜ਼ਮ ਨੇ ਪਿਸਤੌਲ ਨਾਲ ਕਈ ਰਾਊਂਡ ਫਾਇਰ ਕਰ ਦਿੱਤੇ। ਫਾਇਰਿੰਗ ਦੌਰਾਨ ਦੋ ਸਕੇ ਭਰਾ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ,  ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਪਿੰਡ ਵਾਸੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ਇਲਾਕੇ ਦਾ ਬਹੁਤ ਹੀ ਸਤਿਕਾਰਯੋਗ ਅਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਪਰਿਵਾਰ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਭਰਾ ਵੱਖ-ਵੱਖ ਗੁਰਦੁਆਰਾ ਕਮੇਟੀਆਂ ਦੇ ਪ੍ਰਧਾਨ ਰਹਿ ਚੁੱਕੇ ਸਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਅੱਗੇ ਰਹਿੰਦੇ ਸਨ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਇਸ ਤਰ੍ਹਾਂ ਦੀ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਿੰਡ ਵਾਸੀਆਂ ਨੇ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here