ਅਜਨਾਲਾ ’ਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਹੁਲਾਰਾ/ ਕਈ ਆਗੂਆਂ ਨੇ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ/ ਸੀਨੀਅਰ ਆਗੂ ਤਰਸੇਮ ਸਿੰਘ ਨੇ ਕੀਤਾ ਸਵਾਗਤ

0
2

ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਅਜਨਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਨ੍ਹਾਂ ਆਗੂਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਮਿਲੇ ਪਿਆਰ ਅਤੇ ਸਮਰਥਨ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਵਿੱਚ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਆਪਣੇ ਮਤਭੇਦ ਭੁਲਾ ਕੇ ਇੱਕ ਮੰਚ ’ਤੇ ਆਉਣਾ ਪਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਨੂੰ ਪੰਜਾਬ ਅਤੇ ਵਿਦੇਸ਼ਾਂ ਵਿੱਚੋਂ ਮਿਲ ਰਹੇ ਸਮਰਥਨ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੀ ਹੋਂਦ, ਹੱਕਾਂ ਅਤੇ ਭਵਿੱਖ ਨੂੰ ਲੈ ਕੇ ਗੰਭੀਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਰਹੇ ਹਨ। ਉਨ੍ਹਾਂ ਅਨੁਸਾਰ ਜਿਹੜੇ ਲੋਕ ਪੰਜਾਬ ਅਤੇ ਪੰਥ ਨੂੰ ਚੜ੍ਹਦੀ ਕਲਾ ਵਿੱਚ ਦੇਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਪਲੇਟਫਾਰਮ ਵਿੱਚ ਇੱਕ ਆਸ ਦੀ ਕਿਰਨ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਹਰ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਬੰਦੀ ਸਿੰਘਾਂ ਦੇ ਮੁੱਦੇ ’ਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਬੰਦੀ ਸਿੰਘਾਂ ਪ੍ਰਤੀ ਬਹੁਤ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਸਰਕਾਰਾਂ ਨੂੰ ਲੋਕਾਂ ਨੂੰ ਇੱਕ-ਦੂਜੇ ਦੇ ਖ਼ਿਲਾਫ਼ ਵਰਤਣ ਦਾ ਮੌਕਾ ਮਿਲਦਾ ਰਿਹਾ ਹੈ। 29 ਤਰੀਕ ਨੂੰ ਹੋਏ ਇਕੱਠ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੇ ਇਕੱਠੇ ਹੋ ਕੇ ਆਪਣੀ ਤਾਕਤ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਸੰਦੇਸ਼ ਗਿਆ ਹੈ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਅਤੇ ਬੰਦੀ ਸਿੰਘਾਂ ਦੇ ਮੁੱਦੇ ਨੂੰ ਲੈ ਕੇ ਜਾਗਰੂਕ ਹਨ।
ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਵਿੱਚ ਨਾ ਆਉਣ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ, ਪੰਥ ਅਤੇ ਨੌਜਵਾਨੀ ਨਾਲ ਜੁੜੇ ਮੁੱਦੇ ਉਠਾਉਂਦੇ ਹਨ ਅਤੇ ਇਸੇ ਕਾਰਨ ਉਨ੍ਹਾਂ ਨਾਲ ਸਿਆਸੀ ਤੌਰ ’ਤੇ ਧੱਕਾ ਕੀਤਾ ਜਾ ਰਿਹਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਉਨ੍ਹਾਂ ਨੂੰ ਧਰਮ, ਜਾਤ ਅਤੇ ਹੋਰ ਮੁੱਦਿਆਂ ਦੇ ਆਧਾਰ ’ਤੇ ਵੰਡ ਕੇ ਲੰਮੇ ਸਮੇਂ ਤੋਂ ਰਾਜਨੀਤੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਸਾਰੇ ਵਰਗਾਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਹਾਲੇ ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਵੱਖ-ਵੱਖ ਹਲਕਿਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ, ਬੰਦੀ ਸਿੰਘਾਂ ਨਾਲ ਸਬੰਧਤ ਪਰਿਵਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੀ ਪਾਰਟੀ ਵੱਲੋਂ ਅੱਗੇ ਲਿਆਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਸਿਰਫ਼ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਾਰਿਆਂ ਦਾ ਸਾਂਝਾ ਹੈ ਅਤੇ ਹਿੰਦੂ, ਸਿੱਖ ਅਤੇ ਹੋਰ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਵੱਖ-ਵੱਖ ਭਾਈਚਾਰਿਆਂ ਨੂੰ ਉਚਿਤ ਨੁਮਾਇੰਦਗੀ ਦੇਣ ਦੀ ਯੋਜਨਾ ਹੈ। ਭਾਜਪਾ ਨਾਲ ਗਠਜੋੜ ਦੀਆਂ ਚਰਚਾਵਾਂ ਬਾਰੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦਾ ਕਿਸੇ ਵੀ ਕੌਮੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਜਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਜਾਂ ਸਮਝੌਤੇ ਸਬੰਧੀ ਕੋਈ ਗੱਲਬਾਤ ਨਹੀਂ ਚੱਲ ਰਹੀ।

LEAVE A REPLY

Please enter your comment!
Please enter your name here