ਪੰਜਾਬ ਅੰਮ੍ਰਿਤਸਰ ਵਿਖੇ ਸਿਮਰਨਜੀਤ ਮਾਨ ਦੀ ਪ੍ਰੈੱਸ ਕਾਨਫਰੰਸ/ ਚੰਡੀਗੜ੍ਹ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ/ ਅੱਥਰੂ ਗੈਸ ਵਾਲੇ ਡਰੋਨ ਦੀ ਵਰਤੋਂ ਦੀ ਸਖਤ ਨਿੰਦਾ By admin - August 18, 2026 0 1 Facebook Twitter Pinterest WhatsApp ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰ ਕੇ ਚੰਡੀਗੜ੍ਹ ਵੱਲੋਂ ਪ੍ਰਦਰਨਕਾਰੀਆਂ ਤੇ ਅੱਥਰੂ ਗੈਸ ਵਾਲੇ ਡਰੋਨ ਦੀ ਵਰਤੋਂ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੀ ਪਰ ਪੁਲਿਸ ਨੇ ਜਿਸ ਤਰ੍ਹਾਂ ਅਥਰੂ ਗੈਸ ਸੁੱਟਣ ਲਈ ਡਰੋਨਾਂ ਦੀ ਵਰਤੋਂ ਕੀਤੀ ਹੈ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਡਰੋਨ ਇਕ ਮਿਲਟਰੀ ਦੀ ਵਰਤੋਂ ਵਾਲਾ ਹਥਿਆਰ ਹੈ, ਜਿਸ ਦਾ ਆਮ ਲੋਕਾਂ ਉਤੇ ਇਸਤੇਮਾਲ ਕਰਨਾ ਗਲਤ ਪਿਰਤ ਹੈ। ਉਨ੍ਹਾਂ ਕਿਹਾ ਕਿ ਨਿਹੱਥੇ ਸਿੱਖਾਂ ਖ਼ਿਲਾਫ਼ ਇਸ ਤਰ੍ਹਾਂ ਦੀ ਕਾਰਵਾਈ ਨਹੀਂ ਹੋਣੀ ਚਾਹੀਦੀ ਸੀ। ਮਾਨ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਕਾਨੂੰਨੀ ਤੌਰ ’ਤੇ ਵੀ ਆਪਣੀ ਆਵਾਜ਼ ਉਠਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਮੌਕੇ ’ਤੇ ਸੰਗਤ ਉੱਤੇ ਲਾਠੀਚਾਰਜ ਕੀਤਾ ਗਿਆ ਅਤੇ ਪਾਈਪਾਂ ਰਾਹੀਂ ਗੰਦਾ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਡਰੋਨ ਰਾਹੀਂ ਅੱਥਰੂ ਗੈਸ ਛੱਡਣ ਦੀ ਕਾਰਵਾਈ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਡਰੋਨ ਦੀ ਵਰਤੋਂ ਕਰਨ ਦਾ ਫੈਸਲਾ ਕਿਸ ਦੇ ਹੁਕਮ ਜਾਂ ਸਲਾਹ ’ਤੇ ਲਿਆ ਗਿਆ। ਮਾਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ ਡਰੋਨ ਦੀ ਇਸ ਤਰ੍ਹਾਂ ਵਰਤੋਂ ਭਵਿੱਖ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਉਨ੍ਹਾਂ ਅੰਮ੍ਰਿਤਸਰ ਅਤੇ ਸਰਹੱਦੀ ਇਲਾਕਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਲਈ ਸਰਕਾਰੀ ਏਜੰਸੀਆਂ ਨੂੰ ਡਰੋਨ ਤਕਨਾਲੋਜੀ ਦੀ ਵਰਤੋਂ ਕਰਦਿਆਂ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕਈ ਬੰਦੀ ਸਿੰਘ 30-30 ਸਾਲ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਆਪਣੇ ਬਜ਼ੁਰਗਾਂ ਅਤੇ ਮਾਤਾ-ਪਿਤਾ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਮਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰਾਅ ਅਤੇ ਖੁਫੀਆ ਏਜੰਸੀਆਂ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਹੋਰ ਕੈਦੀਆਂ ਨੂੰ ਪੈਰੋਲ ਅਤੇ ਕਾਨੂੰਨੀ ਰਾਹਤ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਵੱਖਰਾ ਰਵੱਈਆ ਕਿਉਂ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂਉਮੀਦ ਮੁਤਾਬਕ ਯੋਗਦਾਨ ਨਹੀਂ ਪਾਇਆ ਗਿਆ। ਇਸ ਦੌਰਾਨ ਮਾਨ ਨੇ 21 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਗੰਭੀਰ ਹੈ ਅਤੇ ਇਸ ਲਈ ਕੀਤੇ ਜਾ ਰਹੇ ਸ਼ਾਂਤਮਈ ਯਤਨਾਂ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ।