ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਦੀ ਪ੍ਰੈੱਸ ਕਾਨਫਰੰਸ/ ਖੇਡਾਂ ਵਤਨ ਪੰਜਾਬ ਦੀਆਂ ਬਾਰੇ ਸਾਂਝਾ ਕੀਤੀ ਜਾਣਕਾਰੀ/ ਪਿੰਡ ਤੋਂ ਲੈ ਕੇ ਸੂਬਾ ਪੱਧਰੀ ਮੁਕਾਬਲਿਆਂ ਦਾ ਐਲਾਨ

0
2

 

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਖੇਡਾਂ ਨਾਲ ਜੋੜਣ ਦੇ ਮਕਸਦ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ 2022 ਵਿਚ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਹੁਣ ਤਕ 3 ਸੀਜ਼ਨ ਹੋ ਚੁੱਕੇ ਨੇ ਅਤੇ ਚੌਥਾ ਸੀਜ਼ਨ ਦੀਆਂ ਖੇਡਾਂ 5 ਸਤੰਬਰ ਤੋਂ ਸ਼ੁਰੂ ਹੋ ਕੇ 29 ਨਵੰਬਰ ਤਕ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਹੋਣ ਜਾ ਰਹੀਆਂ ਖੇਡਾਂ ਵਿਚ 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਮਿਥਿਆ ਗਿਆ ਹੈ। ਪਿੰਡਾਂ ਤੋਂ ਲੈ ਕੇ ਸੂਬਾ ਪੱਧਰੀ ਹੋਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਵਰਗ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ 12 ਅਗਸਤ ਤੋਂ 5 ਸਤੰਬਰ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ‘ਚ ਇੱਕ ਮਸ਼ਾਲ ਮਾਰਚ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ, 5 ਸਤੰਬਰ ਨੂੰ ਬਠਿੰਡਾ ‘ਚ ਖੇਡਾਂ ਲਈ ਇੱਕ ਸ਼ਾਨਦਾਰ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸਾਲ ਕੁੱਲ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਵਾਰ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਪੈਰਾ-ਐਥਲੀਟਾਂ ਲਈ ਚਾਰ ਖੇਡਾਂ – ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ।
ਪਿਛਲੇ ਤਿੰਨ ਸੀਜ਼ਨਾਂ ‘ਚ ਇਨ੍ਹਾਂ ਖੇਡਾਂ ‘ਚ 11.85 ਲੱਖ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ ਹੈ। ਇਸ ਦੌਰਾਨ, ਪਿਛਲੇ ਸਾਢੇ ਚਾਰ ਸਾਲਾਂ ‘ਚ 40,415 ਐਥਲੀਟਾਂ ਨੂੰ ਕੁੱਲ 135 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਦਿੱਤੇ ਗਏ ਹਨ। ਇਨ੍ਹਾਂ ਖੇਡਾਂ ‘ਚ ਹਿੱਸਾ ਲੈਣ ਲਈ ਐਥਲੀਟਾਂ ਲਈ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੈ। ਐਥਲੀਟ ਖੇਡ ਵਿਭਾਗ ਦੇ ਪੋਰਟਲ ਰਾਹੀਂ ਜਾਂ QR ਕੋਡ ਦੀ ਵਰਤੋਂ ਕਰਕੇ ਰਜਿਸਟਰ ਕਰ ਸਕਦੇ ਹਨ। ਇਸ ਖੇਡ ਸਮਾਗਮ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ‘ਚ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਐਥਲੀਟਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਨ੍ਹਾਂ ਦੀਆਂ ਤਿਆਰੀਆਂ ਲਈ ਵਿੱਤੀ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ। ਐਥਲੀਟਾਂ ਨੂੰ ਓਲੰਪਿਕ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਂਦੇ ਹਨ, ਜਦੋਂ ਕਿ ਏਸ਼ੀਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਾਲ, 85 ਐਥਲੀਟਾਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, 11 ਪ੍ਰਮੁੱਖ ਐਥਲੀਟਾਂ ਨੂੰ ਪੀਸੀਐਸ/ਡੀਐਸਪੀ ਪੱਧਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here