ਪੰਜਾਬ ਮੋਗਾ ਪੁਲਿਸ ਦਾ ਈ-ਰਿਕਸ਼ਾ ਚਾਲਕਾਂ ’ਤੇ ਸਿਕੰਜਾ/ 48 ਦੇ ਕੱਟੇ ਚਲਾਨ, 17 ਈ-ਰਿਕਸ਼ਾ ਜ਼ਬਤ/ ਆਰਟੀਓ ਤੇ ਪੁਲਿਸ ਦੀ ਸਾਂਝੀ ਚੈਕਿੰਗ By admin - August 23, 2026 0 1 Facebook Twitter Pinterest WhatsApp ਮੋਗਾ ਸ਼ਹਿਰ ਵਿੱਚ ਲਗਾਤਾਰ ਵੱਧ ਰਹੀ ਈ-ਰਿਕਸ਼ਿਆਂ ਦੀ ਗਿਣਤੀ ਅਤੇ ਪ੍ਰਮੁੱਖ ਬਾਜ਼ਾਰਾਂ ਤੇ ਸੜਕਾਂ ’ਤੇ ਵਧ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵੱਲੋਂ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ। ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਏਆਰਟੀਓ, ਆਰਟੀਓ ਅਤੇ ਪੁਲਿਸ ਵਿਭਾਗ ਦੀ ਟੀਮ ਨੇ ਸਾਂਝੀ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 48 ਈ-ਰਿਕਸ਼ਾ ਚਾਲਕਾਂ ਦੇ ਚਲਾਨ ਕੱਟੇ ਗਏ, ਜਦਕਿ 17 ਈ-ਰਿਕਸ਼ੇ ਜ਼ਬਤ ਕੀਤੇ ਗਏ ਹਨ। ਪੁਲਿਸ ਨੇ ਇਹ ਕਾਰਵਾਈ ਅੱਗੇ ਵੀ ਜਾਰੀ ਰੱਖਣ ਦੀ ਗੱਲ ਕਹੀ ਹੈ। ਪੀਸੀਆਰ ਵਿੰਗ ਦੇ ਇੰਚਾਰਜ ਸਬ-ਇੰਸਪੈਕਟਰ ਖੇਮਚੰਦ ਪਾਰਾਸ਼ਰ ਨੇ ਦੱਸਿਆ ਕਿ ਮੋਗਾ ਸ਼ਹਿਰ ਵਿੱਚ ਕਰੀਬ 15 ਹਜ਼ਾਰ ਈ-ਰਿਕਸ਼ੇ ਚੱਲ ਰਹੇ ਹਨ। ਵੱਡੀ ਗਿਣਤੀ ਵਿੱਚ ਈ-ਰਿਕਸ਼ਿਆਂ ਦੀ ਆਵਾਜਾਈ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਲਾਵਾ ਕੁਝ ਚਾਲਕਾਂ ਵੱਲੋਂ ਸੜਕਾਂ ਦੇ ਕਿਨਾਰੇ, ਬਾਜ਼ਾਰਾਂ ਅਤੇ ਭੀੜ ਵਾਲੀਆਂ ਥਾਵਾਂ ’ਤੇ ਈ-ਰਿਕਸ਼ੇ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਅਕਸਰ ਜਾਮ ਦੀ ਸਥਿਤੀ ਬਣ ਜਾਂਦੀ ਹੈ। ਇਸ ਨਾਲ ਆਮ ਵਾਹਨ ਚਾਲਕਾਂ ਦੇ ਨਾਲ-ਨਾਲ ਪੈਦਲ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਈ-ਰਿਕਸ਼ਾ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਸਮੇਂ-ਸਮੇਂ ’ਤੇ ਜਾਗਰੂਕ ਕੀਤਾ ਜਾਂਦਾ ਰਿਹਾ ਹੈ। ਇਸ ਸਬੰਧੀ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾਂਦੇ ਹਨ ਅਤੇ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਤੇ ਅਹੁਦੇਦਾਰਾਂ ਨੂੰ ਵੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ਕਾਰਨ ਹੁਣ ਚੈਕਿੰਗ ਮੁਹਿੰਮ ਰਾਹੀਂ ਕਾਰਵਾਈ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਈ-ਰਿਕਸ਼ਾ ਚਾਲਕਾਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਵਾਹਨ ਦੇ ਅੱਗੇ ਅਤੇ ਪਿੱਛੇ ਨੰਬਰ ਪਲੇਟ ਲੱਗੀ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਚਾਲਕ ਕੋਲ ਵਰਦੀ, ਆਰਸੀ ਸਮੇਤ ਵਾਹਨ ਨਾਲ ਸਬੰਧਤ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਹੋਣੇ ਚਾਹੀਦੇ ਹਨ। ਜਾਂਚ ਦੌਰਾਨ ਜੇਕਰ ਦਸਤਾਵੇਜ਼ ਅਧੂਰੇ ਪਾਏ ਜਾਂਦੇ ਹਨ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਚਾਲਕ ਦੇ ਨਾਲ-ਨਾਲ ਈ-ਰਿਕਸ਼ਾ ਮਾਲਕ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਖੇਮਚੰਦ ਪਾਰਾਸ਼ਰ ਨੇ ਕਿਹਾ ਕਿ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਉਦੇਸ਼ ਈ-ਰਿਕਸ਼ਾ ਚਾਲਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।