ਸੱਜਣ ਕੁਮਾਰ ਦੇ ਭੋਗ ’ਤੇ ਭਾਜਪਾ ਨੇਤਾਵਾਂ ਦੀ ਸ਼ਮੂਲੀਅਤ ਦਾ ਮੁੱਦਾ ਗਰਮਾਇਆ/ਆਪ ਆਗੂ ਬਲਤੇਜ ਸਿੰਘ ਪੰਨੂ ਨੇ ਭਾਜਪਾ ਤੋਂ ਸਪੱਸ਼ਟੀਕਰਨ ਦੀ ਮੰਗ

0
2

1984 ਦੇ ਸਿੱਖ ਕਤਲੇਆਮ ਦੋ ਦੋਸ਼ੀ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਸ਼ਰਧਾਂਜਲੀ ਸਭਾ ਅਤੇ ਭੋਗ ਵਿੱਚ ਭਾਜਪਾ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਅਤੇ ਦਿੱਲੀ ਤੋਂ ਪਾਰਟੀ ਵਿਧਾਇਕ ਜਰਨੈਲ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ਨੂੰ ਨਿਸ਼ਾਨੇ ਤੇ ਲਿਆ ਹੈ।
ਬਲਤੇਜ ਸਿੰਘ ਪੰਨੂ ਨੇ ਭਾਜਪਾ ਆਗੂਆਂ ਦੀ ਸ਼ਮੂਲੀਅਤ ’ਤੇ ਸਵਾਲ ਖੜ੍ਹੇ ਕਰਦਿਆਂ  ਕਿਹਾ ਕਿ 1984 ਦੇ ਪੀੜਤ ਸਿੱਖ ਪਰਿਵਾਰਾਂ ਦਾ ਦੁੱਖ ਸਾਂਝਾ ਕਰਨ ਕੋਈ ਨਹੀਂ ਗਿਆ, ਪਰ ਸੱਜਣ ਕੁਮਾਰ ਦੀ ਮੌਤ ’ਤੇ ਹਮਦਰਦੀ ਦਿਖਾਈ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਸੱਜਣ ਕੁਮਾਰ ਪ੍ਰਤੀ ਇੰਨੀ ਹਮਦਰਦੀ, ਪਰ 1984 ਦੇ ਪੀੜਤਾਂ ਪ੍ਰਤੀ ਚੁੱਪੀ—ਇਹ ਦੋਹਰਾ ਮਾਪਦੰਡ ਕਿਉਂ? ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੀ ਸ਼ਮੂਲੀਅਤ ਨੇ ਭਾਜਪਾ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕਰ ਦਿੱਤਾ ਹੈ।
ਇਸੇ ਤਰ੍ਹਾਂ ਆਪ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਦਿੱਲੀ ਤੋਂ ਭਾਜਪਾ ਦੇ ਵੱਡੇ ਆਗੂਆਂ ਦੀ ਮੌਜੂਦਗੀ ’ਤੇ BJP ਨੂੰ ਆਪਣਾ ਰੁਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ 1984 ਦੇ ਪੀੜਤਾਂ ਦੇ ਨਾਲ ਖੜ੍ਹੀ ਹੈ ਜਾਂ ਉਸ ਵਿਅਕਤੀ ਪ੍ਰਤੀ ਸਨਮਾਨ ਜਤਾਉਣ ਵਾਲਿਆਂ ਦੇ ਨਾਲ, ਜਿਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।
ਜਰਨੈਲ ਸਿੰਘ ਨੇ ਕਿਹਾ ਕਿ 1984 ਕੋਈ ਰਾਜਨੀਤੀ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਦਾ ਦਰਦ ਹੈ। ਉਨ੍ਹਾਂ ਕਿਹਾ ਕਿ ਇਸ ਦਰਦ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋ ਸਕਦਾ। ਦੋਵਾਂ ਆਗੂਆਂ ਨੇ ਭਾਜਪਾ ਤੋਂ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੇ ਵਤੀਰੇ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਇਸ ਲਈ ਭਾਜਪਾ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here