ਪੰਜਾਬ ਪਟਿਆਲਾ ਦੇ ਤ੍ਰਿਪੜੀ ’ਚ ਨੌਜਵਾਨ ਦਾ ਕਤਲ/ ਪੁਰਾਣੀ ਰੰਜਿਸ਼ ਦੇ ਚੱਲਦਿਆਂ ਚਾਕੂ ਮਾਰਨ ਦੇ ਦੋਸ਼/ ਸੀਸੀਟੀਵੀ ਫੁਟੇਜ ਵਾਇਰਲ, ਪੁਲਿਸ ਕਰ ਰਹੀ ਜਾਂਚ By admin - August 31, 2026 0 2 Facebook Twitter Pinterest WhatsApp ਪਟਿਆਲਾ ਦੇ ਤ੍ਰਿਪੜੀ ਇਲਾਕੇ ਅਧੀਨ ਪੈਂਦੇ ਰਣਜੀਤ ਨਗਰ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੇ ਪਿਤਾ ਰਾਜੀਵ ਕੁਮਾਰ ਦੇ ਦੱਸਣ ਮੁਤਾਬਕ ਕੁਝ ਨੌਜਵਾਨ ਆਪਸ ਵਿੱਚ ਲੜ ਰਹੇ ਸਨ, ਜਿਨ੍ਹਾਂ ਨੂੰ ਛੁਡਵਾਉਣ ਲਈ ਉਹ ਅੱਗੇ ਗਏ। ਇਸੇ ਦੌਰਾਨ ਉਨ੍ਹਾਂ ਦਾ ਪੁੱਤਰ ਵੀ ਪਿੱਛੇ ਆ ਗਿਆ, ਜਿਸ ਦੇ ਹਮਲਾਵਰਾਂ ਨੇ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐਸਪੀ ਸਿਟੀ-2 ਜੰਗਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਅਤੇ ਕੁਝ ਹੋਰ ਨੌਜਵਾਨਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ, ਜਦੋਂ ਇਹ ਨੌਜਵਾਨ ਸਕੂਲ ਵਿੱਚ ਪੜ੍ਹਦੇ ਸਨ, ਉਸ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਆਪਸੀ ਵਿਵਾਦ ਸੀ। ਡੀਐਸਪੀ ਅਨੁਸਾਰ ਘਟਨਾ ਵਾਲੇ ਦਿਨ ਕੁਝ ਨੌਜਵਾਨ ਇਕੱਠੇ ਬੈਠੇ ਹੋਏ ਸਨ ਅਤੇ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮ ਸਨੈਪਚੈਟ ‘ਤੇ ਲਾਈਵ ਹੋਣ ਤੋਂ ਬਾਅਦ ਪੁਰਾਣਾ ਵਿਵਾਦ ਮੁੜ ਭੜਕ ਗਿਆ। ਇਸ ਤੋਂ ਬਾਅਦ ਆਪਸੀ ਤਕਰਾਰ ਵਧ ਗਈ ਅਤੇ ਮਾਮਲਾ ਕਤਲ ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਐਸਪੀ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਦੂਜੇ ਪਾਸੇ, ਮ੍ਰਿਤਕ ਦੇ ਪਿਤਾ ਰਾਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਸਮੇਂ ਕੁਝ ਨੌਜਵਾਨ ਆਪਸ ਵਿੱਚ ਲੜ ਰਹੇ ਸਨ। ਉਨ੍ਹਾਂ ਦੇ ਅਨੁਸਾਰ, ਉਹ ਝਗੜਾ ਛੁਡਵਾਉਣ ਲਈ ਅੱਗੇ ਗਏ, ਜਿਸ ਦੌਰਾਨ ਉਨ੍ਹਾਂ ਦਾ ਪੁੱਤਰ ਵੀ ਪਿੱਛੇ ਆ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਘਟਨਾ ਵਿੱਚ ਕਰੀਬ 10 ਤੋਂ 12 ਨੌਜਵਾਨ ਸ਼ਾਮਲ ਸਨ ਅਤੇ ਉਹ ਕੁਝ ਨੌਜਵਾਨਾਂ ਨੂੰ ਜਾਣਦੇ ਵੀ ਹਨ। ਉਨ੍ਹਾਂ ਨੇ ਪੁਲਿਸ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਸਲ ਕਾਰਨਾਂ ਦੇ ਨਾਲ-ਨਾਲ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।