ਪੰਜਾਬ ਸਿੱਖ ਨੌਜਵਾਨ ਨਾਲ ਪੁਲਿਸ ਧੱਕੇ ਦਾ ਮਾਮਲਾ/ਪੀੜਤ ਨੂੰ ਮਿਲੇ ਸੁਖਬੀਰ ਬਾਦਲ/ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ By admin - September 4, 2026 0 3 Facebook Twitter Pinterest WhatsApp ਮੁੱਖ ਮੰਤਰੀ ਦੇ ਵਿਰੋਧ ਚ ਕਾਲਾ ਝੰਡਾ ਦਿਖਾਉਣ ਵਾਲੇ ਨੌਜਵਾਨ ’ਤੇ ਕਥਿਤ ਪੁਲਿਸ ਤਸ਼ੱਦਦ ਦੇ ਮਾਮਲਾ ’ਤੇ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਸਪਤਾਲ ਪਹੁੰਚ ਕੇ ਪੀੜਤ ਨੌਜਵਾਨ ਦਾ ਹਾਲ-ਚਾਲ ਜਾਣਿਆ ਅਤੇ ਪੰਜਾਬ ਪੁਲਿਸ ਸਮੇਤ ਸੂਬਾ ਸਰਕਾਰ ਵੱਲ ਤਿੱਖੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਹੈ ਕਿ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਕਰਨਾ ਹਰ ਨਾਗਰਿਕ ਦਾ ਹੱਕ ਹੈ, ਪਰ ਪੁਲਿਸ ਨੇ ਨੌਜਵਾਨ ਤੇ ਅਣਮਨੁੱਖੀ ਤਸ਼ੱਦਦ ਢਾਹ ਕੇ ਉਸ ਦੀ ਬੇਅਦਬੀ ਕੀਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਯੂਟਿਊਬ ਅਤੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦਿਖ ਰਿਹਾ ਹੈ ਕਿ ਇੱਕ ਬੇਕਸੂਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੇ ਦੂਰ ਕਿਸੇ ਕੋਠੇ ‘ਤੇ ਚੜ੍ਹ ਕੇ ਸਿਰਫ਼ ਕਾਲਾ ਕੱਪੜਾ ਦਿਖਾ ਕੇ ਆਪਣਾ ਰੋਸ ਦਰਜ ਕਰਵਾਇਆ ਸੀ। ਉਹਨਾਂ ਕਿਹਾ ਕਿ ਲੋਕਤੰਤਰੀ ਢਾਂਚੇ ਵਿੱਚ ਸ਼ਾਂਤਮਈ ਵਿਰੋਧ ਕਰਨਾ ਸੰਵਿਧਾਨਕ ਅਧਿਕਾਰ ਹੈ। ਉਹਨਾਂ ਕਿਹਾ ਕਿ ਡੀਐਸਪੀ ਖਹਿਰਾ ਸਰਕਾਰ ਦਾ ਕਮਾਊ ਪੁੱਤ ਬਣਿਆ ਹੋਇਆ ਹੈ. ਨੌਜਵਾਨ ਨਾਲ ਗੁੰਡਾਗਰਦੀ ਕੀਤੀ ਗਈ, ਕੇਸ ਪਟੇ ਗਏ ਅਤੇ ਕਰੰਟ ਲਗਾਇਆ ਗਿਆ। ਸਥਾਨਕ ਡੀਐਸਪੀ ਤੇ ਗੰਭੀਰ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਨਿਯਮ-ਕਾਨੂੰਨਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਹਨਾਂ ਦੋਸ਼ ਲਗਾਇਆ ਕਿ ਨੌਜਵਾਨ ਦੇ ਕੱਪੜੇ ਉਤਾਰ ਕੇ ਉਸ ਦੀ ਕੁੱਟਮਾਰ ਕੀਤੀ ਗਈ, ਉਸ ਦੇ ਕੰਨ ਦਾ ਪਰਦਾ ਫੱਟ ਗਿਆ ਅਤੇ ਸਰੀਰ ਤੇ ਗੰਭੀਰ ਸੱਟਾਂ ਮਾਰੀਆਂ ਗਈਆਂ ਹਨ। ਉੱਥੇ ਹੀ ਉਹਨਾਂ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਸੂਬੇ ਦੇ ਡੀਜੀਪੀ ਅਤੇ ਡੀਆਈਜੀ ਨਾਲ ਵੀ ਗੱਲਬਾਤ ਕੀਤੀ ਹੈ। ਉਹਨਾਂ ਨੇ ਕਾਨੂੰਨ ਦਾ ਉਲੰਘਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਦੋਸ਼ੀ ਪੁਲਿਸ ਵਾਲਿਆਂ ਤੇ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਜਿਹੇ ਅਧਿਕਾਰੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।