ਜੰਡਿਆਲਾ ਗੁਰੂ ਪਹੁੰਚੀ ਮੰਤਰੀ ਹਰਭਜਨ ਸਿੰਘ ਈਟੀਓ/ ਵਿਰਾਸਤੀ ਗੇਟ ਸਮੇਤ ਕਈ ਵਿਕਾਸ ਕੰਮਾਂ ਦਾ ਉਦਘਾਟਨ/ 2027 ’ਚ ਮੁੜ ਸਰਕਾਰ ਬਣਨ ਦਾ ਕੀਤਾ ਦਾਅਵਾ

0
1

 

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਆਪਣੇ ਹਲਕੇ ਅੰਦਰ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਨੇ। ਇਸੇ ਤਹਿਤ ਉਨ੍ਹਾਂ ਵੱਲੋਂ ਅੱਜ ਇਕ ਨਵੇ ਵਿਰਾਸਤੀ ਗੇਟ ਦਾ ਨਿਰਮਾਣ ਮੁਕੰਮਲ ਹੋਣ ਬਾਅਦ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਸ਼ਹਿਰ ਦੇ ਸੱਤ ਵਿਰਾਸਤੀ ਗੇਟਾਂ ਦੀ ਨੁਹਾਰ ਬਦਲਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਇਹ ਵਿਰਾਸਤੀ ਗੇਟ ਲੋਕ ਅਰਪਨ ਕੀਤਾ ਗਿਆ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਇਲਾਕਾ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਬਾਬਾ ਜੀਵਨ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੇ ਨਾਮ ’ਤੇ ਤਿਆਰ ਕੀਤਾ ਗਿਆ ਇਹ ਵਿਰਾਸਤੀ ਗੇਟ ਇਲਾਕੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਦੇ ਵਿਕਾਸ ਅਤੇ ਸੁੰਦਰੀਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਉੱਥੇ ਹੀ ਸਥਾਨਕ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਤਸੱਲੀ ਪ੍ਰਗਟਾਈ। ਲੋਕਾਂ ਨੇ ਕਿਹਾ ਕਿ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਲੋਕਾਂ ਨੇ ਦਾਅਵਾ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਗੈਂਗਸਟਰਵਾਦ ਤੇ ਨਸ਼ੇ ਦੀ ਸਮੱਸਿਆ ਵਿੱਚ ਪਹਿਲਾਂ ਦੇ ਮੁਕਾਬਲੇ ਕਮੀ ਦੇਖਣ ਨੂੰ ਮਿਲੀ ਹੈ।
ਇਲਾਕਾ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕੀਤਾ। ਲੋਕਾਂ ਦਾ ਕਹਿਣਾ ਸੀ ਕਿ ਸ਼ਹਿਰ ਦੇ ਵਿਰਾਸਤੀ ਗੇਟਾਂ ਦੇ ਨਿਰਮਾਣ ਅਤੇ ਸੁੰਦਰੀਕਰਨ ਨਾਲ ਜੰਡਿਆਲਾ ਗੁਰੂ ਦੀ ਇਤਿਹਾਸਕ ਪਛਾਣ ਨੂੰ ਹੋਰ ਉਤਸ਼ਾਹ ਮਿਲੇਗਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਦਾ ਵਿਕਾਸ ਕਰਨਾ ਹੀ ਨਹੀਂ, ਸਗੋਂ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਸੰਭਾਲਣਾ ਵੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਅਤੇ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ ਅਤੇ ਸਾਲ 2027 ਵਿੱਚ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

LEAVE A REPLY

Please enter your comment!
Please enter your name here