ਜਲੰਧਰ ’ਚ 6 ਨੂੰ ਹੋਣ ਵਾਲਾ ਡਰੋਨ ਲਾਈਟ ਸ਼ੋਅ ਮੁਲਤਵੀ/ 8 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ ਵਿਖੇ ਹੋਵੇਗਾ ਸ਼ੋਅ/ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਾਂਝਾ ਕੀਤੀ ਜਾਣਕਾਰੀ

0
2

ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਲਾਈਟ ਸ਼ੋਅ ਹੁਣ 6 ਸਤੰਬਰ ਦੀ ਬਜਾਏ 8 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਲਾਇਲਪੁਰ ਖਾਲਸਾ ਕਾਲਜ ਵਿਖੇ ਹੋਵੇਗਾ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਾਂਝਾ ਕੀਤੀ। ਇਸ ਦੌਰਾਨ ਉਨ੍ਹਾਂ ਨੇ  ਡਿਪਟੀ ਕਮਿਸ਼ਨਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਤਾ ਨੂੰ 8 ਸਤੰਬਰ ਨੂੰ ਹੋਣ ਵਾਲੇ ਇਸ ਸਮਾਗਮ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡਰੋਨ ਸ਼ੋਅ ਪਹਿਲਾਂ 6 ਸਤੰਬਰ ਨੂੰ ਕੀਰਤਨ ਦਰਬਾਰ ਤੋਂ ਬਾਅਦ ਹੋਣਾ ਸੀ, ਪਰ ਹੁਣ ਇਸ ਸਮਾਗਮ ਨੂੰ 8 ਸਤੰਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਜਨਤਾ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਦਰਸ਼ਨ ਨਾਲ ਜੋੜਨਾ ਹੈ। ਸਬ-ਡਵੀਜ਼ਨਲ ਮੈਜਿਸਟ੍ਰੇਟ ਸ਼ੁਭੀ ਆਂਗਰਾ ਨੇ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਉਨ੍ਹਾਂ ਨੂੰ ਜ਼ਰੂਰੀ ਡਿਊਟੀਆਂ ਸੌਂਪੀਆਂ।
ਉਨ੍ਹਾਂ ਦੱਸਿਆ ਕਿ ਡਰੋਨ ਲਾਈਟ ਸ਼ੋਅ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਦਰਸ਼ਨ ਅਤੇ ਸਦੀਵੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰੇਗਾ। ਇਸ ਪ੍ਰੋਗਰਾਮ ਵਿੱਚ ਪ੍ਰਸਿੱਧ ਰਾਗੀ ਜਥੇ ਵੀ ਹਿੱਸਾ ਲੈਣਗੇ, ਜੋ ਕੀਰਤਨ ਰਾਹੀਂ ਦਰਸ਼ਕਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਪਵਿੱਤਰ ਸਿੱਖਿਆਵਾਂ ਨਾਲ ਜੋੜਨਗੇ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਉਮੀਦ ਨੂੰ ਦੇਖਦੇ ਹੋਏ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਬੈਠਣ ਅਤੇ ਐਮਰਜੈਂਸੀ ਡਾਕਟਰੀ ਸਹਾਇਤਾ ਸਮੇਤ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿੱਚ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰ ਰਹੀ ਹੈ। 650,000 ਪੌਦੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ, ਡੇਰਾ ਸੱਚਖੰਡ ਬੱਲਾਂ ਦੇ ਨੇੜੇ ਲਗਭਗ 11 ਏਕੜ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਵਾਣੀ ਅਧਿਐਨ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਕਈ ਪ੍ਰਮੁੱਖ ਸ਼ਖਸੀਅਤਾਂ ਵੀ ਡਰੋਨ ਸ਼ੋਅ ਵਿੱਚ ਆਮ ਸ਼ਰਧਾਲੂਆਂ ਵਜੋਂ ਹਿੱਸਾ ਲੈਣਗੀਆਂ ਅਤੇ ਗੁਰੂ ਦੇ ਚਰਨਾਂ ਵਿੱਚ ਸ਼ਰਧਾ ਭੇਟ ਕਰਨਗੀਆਂ।

LEAVE A REPLY

Please enter your comment!
Please enter your name here