ਮੋਗਾ ਦੇ ਹਲਕਾ ਧਰਮਕੋਟ ’ਚ ਅਕਾਲੀ ਦਲ ਦਾ ਇਕੱਠ/ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਸੰਬੋਧਨ/ ਸਰਕਾਰ ਵੱਲ ਸਾਧੇ ਤਿੱਖੇ ਨਿਸ਼ਾਨੇ

0
1

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੋਗਾ ਦੇ ਹਲਕਾ ਧਰਮਕੋਟ ਵਿਖੇ ਵੱਡਾ ਇਕੱਠ ਕੀਤਾ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕੀਤਾ। ਇਸ ਦੌਰਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਸੁਖਬੀਰ ਬਾਦਲ ਨੇ ਭ੍ਰਿਸ਼ਟਾਚਾਰ ਦੇ ਮੁੱਦੇ ਤੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਸਰਕਾਰ ਰੇਪ ਵਰਗੇ ਮਾਮਲਿਆਂ ਵਿਚ ਵੀ ਪੈਸੇ ਲਏ ਜਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬੇਅਦਬੀਆਂ ਦੇ ਝੂਠੇ ਦੋਸ਼ ਲਾ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ ਗਿਆ ਸੀ, ਪਰ ਪੰਜਾਬ ਦੇ ਸੂਝਵਾਨ ਲੋਕ ਹੁਣ ਵਿਰੋਧੀਆਂ ਦੀਆਂ ਚਾਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ। ਮੋਗਾ ਅਨਾਜ ਮੰਡੀ ਵਿਖੇ ਅਕਾਲੀ ਆਗੂ ਮੱਖਣ ਬਰਾੜ ਦੀ ਅਗਵਾਈ ਹੇਠ ਹੋਈ ਭਰਵੀਂ ‘ਪੰਜਾਬ ਬਚਾਓ ਰੈਲੀ’ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਲੰਘੇ ਦਸ ਸਾਲਾਂ ਵਿੱਚ 650 ਧਾਰਮਿਕ ਬੇਅਦਬੀਆਂ ਹੋਈਆਂ ਹਨ, ਜਿਨ੍ਹਾਂ ਵਿੱਚੋਂ ਮਲੇਰਕੋਟਲਾ ਬੇਅਦਬੀ ਕੇਸ ਵਿੱਚ ਆਮ ਆਦਮੀ ਪਾਰਟੀ ਦਾ ਵਿਧਾਇਕ ਕਸੂਰਵਾਰ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ ਲੱਗੀ ਹੋਈ ਹੈ, ਪਰ ਸਾਡੇ ਬਜ਼ੁਰਗਾਂ ਦੀਆਂ ਕੁਰਬਾਨੀਆਂ ਨਾਲ 105 ਸਾਲ ਪਹਿਲਾਂ ਖੜ੍ਹੀ ਹੋਈ ਪਾਰਟੀ ਕਦੇ ਖ਼ਤਮ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਸਰਕਾਰ ਵੇਲੇ ਹੋਈ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨਾ ਕਦੇ ਡਰਿਆ ਹੈ ਅਤੇ ਨਾ ਹੀ ਕਦੇ ਝੁਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰੋਂ ਕਾਨੂੰਨ ਦਾ ਰਾਜ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਡਰੇ ਤੇ ਘਬਰਾਏ ਹੋਏ ਹਨ, ਇਸ ਲਈ ਅੱਜ ਪੰਜਾਬ ਨੂੰ ਬਚਾਉਣ ਦਾ ਵੇਲਾ ਆ ਗਿਆ ਹੈ।
‘ਆਪ’ ਅਤੇ ‘ਵਾਰਿਸ ਪੰਜਾਬ’ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ’ ਨੂੰ ਅਸਲ ਵਿੱਚ ‘ਆਪ’ ਨੇ ਹੀ ਖੜ੍ਹਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਦੇ ਪਰਿਵਾਰ ਨੇ ਗੁਰੀ ਚਹਿਲ ਮਾਮਲੇ ਵਿੱਚ ਪੰਜ ਕਰੋੜ ਰੁਪਏ ਦਾ ਨਜ਼ਰਾਨਾ ਹਾਸਲ ਕੀਤਾ ਹੈ, ਜਿਸ ਦੇ ਸਬੂਤ ਵੀ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਕਲਾਕਾਰ ਹੁੰਦਿਆਂ ਲੋਕਾਂ ਨੂੰ ਹਸਾਇਆ ਸੀ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਰੋਣ ਲਾ ਦਿੱਤਾ ਹੈ। ਮੁੱਖ ਮੰਤਰੀ ਨੇ ਪੰਜ ਸਾਲ ਲੋਕਾਂ ਨੂੰ ਝੂਠ ਅਤੇ ਚੁਟਕਲਿਆਂ ਵਿੱਚ ਹੀ ਲੰਘਾ ਦਿੱਤੇ ਹਨ।

LEAVE A REPLY

Please enter your comment!
Please enter your name here