ਪੰਜਾਬ ਮੋਗਾ ’ਚ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ/ 3500 ਤੋਂ ਵੱਧ ਦੀ ਹੋ ਚੁੱਕੀ ਰਜਿਸਟ੍ਰੇਸ਼ਨ/ 11 ਤੋਂ 18 ਤੱਕ ਹੋਣਗੇ ਇਹ ਮੁਕਾਬਲੇ By admin - September 9, 2026 0 2 Facebook Twitter Pinterest WhatsApp ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਸ਼ੁਰੂਆਤ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 3500 ਤੋਂ ਵੱਧ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ, ਜਦਕਿ ਖਿਡਾਰੀਆਂ ਦੀ ਸਹੂਲਤ ਲਈ ਆਫਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 11 ਤੋਂ 18 ਸਤੰਬਰ ਤੱਕ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣਗੇ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ 25 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਦਾ ਪੂਰਾ ਸ਼ਡਿਊਲ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਟੈਨਿਸ ਬਾਲ ਕ੍ਰਿਕਟ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੈਨਿਸ ਬਾਲ ਨਾਲ ਕ੍ਰਿਕਟ ਖੇਡਣ ਦਾ ਰੁਝਾਨ ਹਰ ਪਿੰਡ, ਗਲੀ ਅਤੇ ਮੁਹੱਲੇ ਵਿੱਚ ਆਮ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਸ ਖੇਡ ਨੂੰ ਵੀ ਮੁਕਾਬਲਿਆਂ ਦਾ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਅਥਲੈਟਿਕਸ, ਵਾਲੀਬਾਲ, ਸ਼ੂਟਿੰਗ, ਫੁੱਟਬਾਲ, ਖੋ-ਖੋ, ਕਬੱਡੀ ਸਮੇਤ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੂਰੀ ਤਰ੍ਹਾਂ ਸਮਾਵੇਸ਼ੀ ਖੇਡ ਮੰਚ ਹੈ, ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਇਸ ਵਿੱਚ ਨੌਜਵਾਨਾਂ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨੂੰ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਿੱਤੀ ਇਨਾਮ ਵੀ ਦਿੱਤੇ ਜਾਣਗੇ। ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੂੰ 10 ਹਜ਼ਾਰ ਰੁਪਏ ਅਤੇ ਦੂਜੇ ਸਥਾਨ ਵਾਲੇ ਨੂੰ 7 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖਿਡਾਰੀਆਂ ਲਈ ਰਿਫਰੈਸ਼ਮੈਂਟ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹਾ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਇੱਥੋਂ ਕਈ ਨਾਮਵਰ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਲਈ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਖੇਡ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਹਾਸਲ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਮੁਕਾਬਲੇ ਦੀ ਭਾਵਨਾ ਨਾਲ ਆਪਣੇ ਖੇਡ ਪੱਧਰ ਨੂੰ ਹੋਰ ਬਿਹਤਰ ਬਣਾਉਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕ ਖੁਦ ਵੀ ਆਪਣੀ ਪਸੰਦ ਦੀ ਖੇਡ ਲਈ ਰਜਿਸਟ੍ਰੇਸ਼ਨ ਕਰਵਾ ਕੇ ਇਨ੍ਹਾਂ ਖੇਡਾਂ ਦਾ ਹਿੱਸਾ ਬਣ ਸਕਦੇ ਹਨ।