ਪੰਜਾਬ ਮੋਗਾ ’ਚ ਬਿਜਲੀ ਦਫਤਰ ਅੱਗੇ ਕਿਸਾਨਾਂ ਦਾ ਧਰਨਾ/ ਲੋੜੀਂਦੀ ਬਿਜਲੀ ਨਾ ਮਿਲਣ ਖਿਲਾਫ ਕੀਤੀ ਨਾਅਰੇਬਾਜ਼ੀ/ 8 ਦੀ ਥਾਂ 2 ਤੋਂ ਢਾਈ ਘੰਟੇ ਸਪਲਾਈ ਦੇ ਇਲਜ਼ਾਮ By admin - September 10, 2026 0 1 Facebook Twitter Pinterest WhatsApp ਝੋਨੇ ਦੀ ਫ਼ਸਲ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਅੱਜ ਮੋਗਾ ਦੇ ਬਿਜਲੀ ਦਫ਼ਤਰ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਐਲਾਨ ਮੁਤਾਬਕ ਅੱਠ ਘੰਟੇ ਲਗਾਤਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਕਿਸਾਨਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੇ ਸਰਕਾਰ ਦੇ ਬਿਜਲੀ ਵਿਭਾਗ ਨੂੰ ਕਈ ਵਾਰ ਜਾਣੂ ਕਰਵਾਇਆ ਪਰ ਕੋਈ ਸੁਧਾਰ ਨਹੀਂ ਹੋਇਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਦੇ ਕਿਸਾਨ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੀਡੀਆ ਰਾਹੀਂ ਵੀ ਕਈ ਵਾਰ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਹੈ, ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਸਾਰੇ ’ਤੇ ਹੈ ਅਤੇ ਇਸ ਪੜਾਅ ’ਤੇ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ। ਜੇਕਰ ਫ਼ਸਲ ਨੂੰ ਸਮੇਂ ਸਿਰ ਪਾਣੀ ਨਾ ਮਿਲੇ ਤਾਂ ਇਸ ਦਾ ਸਿੱਧਾ ਅਸਰ ਝਾੜ ’ਤੇ ਪੈਂਦਾ ਹੈ, ਜਿਸ ਕਾਰਨ ਪਹਿਲਾਂ ਹੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਹੋਰ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਦਾ ਐਲਾਨ ਕੀਤਾ ਗਿਆ ਹੈ, ਪਰ ਕਈ ਪਿੰਡਾਂ ਵਿੱਚ ਅਸਲ ਵਿੱਚ ਸਿਰਫ਼ ਦੋ ਤੋਂ ਢਾਈ ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ ਲੰਬੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕ ਵੀ ਪ੍ਰੇਸ਼ਾਨ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਮੁਫ਼ਤ ਬਿਜਲੀ ਸਮੇਤ ਕਈ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਇਨ੍ਹਾਂ ਸਹੂਲਤਾਂ ਦੀ ਲਗਾਤਾਰ ਅਤੇ ਯੋਗ ਸਪਲਾਈ ਯਕੀਨੀ ਬਣਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਬੋਰਡ ਨੂੰ ਸਬਸਿਡੀ ਦੀ ਰਕਮ ਸਮੇਂ ਸਿਰ ਦਿੱਤੀ ਜਾਵੇ ਅਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ।