ਪੰਜਾਬ ਗੁਰਦਾਸਪੁਰ ਦੇ ਪਿੰਡਾਂ ਨੂੰ ਸਰਕਾਰ ਦਾ ਤੋਹਫਾ/ ਪਿੰਡ ਸਲੀਮਪੁਰ ਤੇ ਹਸਨਪੁਰ ਨੂੰ ਮਿਲੇ ਖੇਡ ਮੈਦਾਨ/ ਹਲਕਾ ਇੰਚਰਾਜ ਰਮਨ ਬਹਿਲ ਨੇ ਕੀਤਾ ਉਦਘਾਟਨ By admin - September 10, 2026 0 1 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡ ਪੱਧਰ ’ਤੇ ਖੇਡਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਧੁਨਿਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸੇ ਤਹਿਤ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਸਲੀਮਪੁਰ ਅਤੇ ਪਿੰਡ ਹਸਨਪੁਰ ਵਿਖੇ ਆਧੁਨਿਕ ਖੇਡ ਮੈਦਾਨ ਲੋਕ ਅਰਪਨ ਕੀਤੇ ਗਏ। ਇਨ੍ਹਾਂ ਦੋਵੇਂ ਸਟੇਡੀਅਮਾਂ ਉਤੇ ਕਰਮਵਾਰ 17 ਲੱਖ 29 ਹਜ਼ਾਰ ਤੇ 10 ਲੱਖ ਰੁਪਏ ਖਰਚ ਹੋਏ ਹਨ। ਰਮਨ ਬਹਿਲ ਨੇ ਕਿਹਾ ਕਿ ‘ਨਸ਼ਿਆਂ ਨੂੰ ਨਾਂਹ, ਖੇਡਾਂ ਨੂੰ ਹਾਂ’ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਪ੍ਰਭਾਵਸ਼ਾਲੀ ਸਾਧਨਾਂ ਵਿੱਚੋਂ ਇੱਕ ਹਨ। ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਅਤੇ ਪ੍ਰਤਿਭਾ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਦੇ ਵਧੀਆ ਮੌਕੇ ਮਿਲਣਗੇ। ਰਮਨ ਬਹਿਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਪਿੰਡਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਅੱਗੇ ਆਉਣ ਦੇ ਵੱਧ ਤੋਂ ਵੱਧ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3100 ਪੇਂਡੂ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਦੇ ਦੂਸਰੇ ਪੜਾਅ ਤਹਿਤ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਰਮਨ ਬਹਿਲ ਨੇ ਦੱਸਿਆ ਕਿ ਉਸਾਰੇ ਗਏ ਇਸ ਖੇਡ ਸਟੇਡੀਅਮ ਵਿੱਚ ਵਾਲੀਬਾਲ ਕੋਰਟ, ਫੈਨਸਿੰਗ, ਟਾਇਲਟ ਬਲਾਕ, ਸਟੋਰ ਰੂਮ, ਆਰ.ਸੀ.ਸੀ. ਬੈਂਚ, 26 ਫੁੱਟ ਉੱਚੀਆਂ ਲਾਈਟਾਂ, ਹਾਈ ਮਾਸਟ ਲਾਈਟਾਂ, ਪਾਰਕ ਲਈ ਪਾਣੀ ਦੀ ਸਪਲਾਈ ਅਤੇ ਗੇਟ ਆਦਿ ਦੀ ਉਸਾਰੀ ਕੀਤੀ ਗਈ ਹੈ। ਇਸ ਮੌਕੇ ਖਿਡਾਰੀਆਂ ਨੂੰ ਫੁੱਟਬਾਲ, ਫੁੱਟਬਾਲ ਬੂਟ, ਫੁੱਟਬਾਲ ਨੈੱਟ, ਵਾਲੀਬਾਲ, ਵਾਲੀਬਾਲ ਨੈੱਟ ਅਤੇ ਕ੍ਰਿਕਟ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ। ਪਿੰਡ ਵਾਸੀਆਂ ਵੱਲੋਂ ਇਸ ਮੌਕੇ ਖੇਡ ਮੈਦਾਨਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਧੰਨਵਾਦ ਕੀਤਾ ਗਿਆ।