ਪੰਜਾਬ ਮੋਗਾ ’ਚ ਬਾਲਮੀਕੀ ਭਾਈਚਾਰੇ ਦਾ ਰੋਸ ਪ੍ਰਦਰਸ਼ਨ/ ਡਾ. ਅੰਬੇਦਕਰ ਦੇ ਬੁੱਤ ਦੀ ਬੇਅਦਬੀ ਖਿਲਾਫ ਨਾਅਰੇਬਾਜ਼ੀ/ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ By admin - September 11, 2026 0 1 Facebook Twitter Pinterest WhatsApp ਲੁਧਿਆਣਾ ਵਿੱਚ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤਿਮਾ ਨਾਲ ਹੋਈ ਬੇਅਦਬੀ ਦੀ ਘਟਨਾ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਇਸੇ ਘਟਨਾ ਦੇ ਵਿਰੋਧ ਵਿੱਚ ਅੱਜ ਮੋਗਾ ਵਿੱਚ ਵਾਲਮੀਕ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਘਟਨਾ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਵਾਲਮੀਕ ਭਾਈਚਾਰੇ ਦੇ ਆਗੂ ਸਾਹਿਲ ਖੇਰਾਲੀਆ ਨੇ ਕਿਹਾ ਕਿ ਲੁਧਿਆਣਾ ਵਿੱਚ ਬਾਬਾ ਸਾਹਿਬ ਦੀ ਪ੍ਰਤਿਮਾ ਦਾ ਅਪਮਾਨ ਕਰਨਾ ਬੇਹੱਦ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਪ੍ਰਤਿਮਾ ’ਤੇ ਜੁੱਤੀਆਂ ਦਾ ਹਾਰ ਪਾਉਣ ਦੀ ਘਟਨਾ ਨਾਲ ਬਾਬਾ ਸਾਹਿਬ ਨੂੰ ਮੰਨਣ ਵਾਲੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਸਾਹਿਲ ਖੇਰਾਲੀਆ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀ ਪ੍ਰਤਿਮਾ ਅਤੇ ਉਨ੍ਹਾਂ ਦੇ ਸਨਮਾਨ ਦੀ ਰੱਖਿਆ ਲਈ ਸਰਕਾਰ ਨੂੰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਾ ਇਸ ਮਾਮਲੇ ਨੂੰ ਲੈ ਕੇ ਚੁੱਪ ਨਹੀਂ ਬੈਠੇਗਾ ਅਤੇ ਜਥੇਬੰਦੀਆਂ ਦੀ ਅਗਲੀ ਰਣਨੀਤੀ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਬੰਸ ਸਾਗਰ ਨੇ ਕਿਹਾ ਕਿ ਇਹ ਘਟਨਾ ਸਿਰਫ਼ ਆਮ ਘਟਨਾ ਨਹੀਂ, ਸਗੋਂ ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਦੇ ਹੋਏ ਸ਼ਾਂਤੀ ਅਤੇ ਸੂਝਬੂਝ ਨਾਲ ਆਪਣਾ ਰੋਸ ਪ੍ਰਗਟ ਕਰਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਬੀਤੇ ਦਿਨ ਲੁਧਿਆਣਾ ਬੰਦ ਰਿਹਾ, ਜਦਕਿ ਅੱਜ ਜਲੰਧਰ ਵਿੱਚ ਵੀ ਬੰਦ ਦਾ ਸੱਦਾ ਦੇ ਕੇ ਰੋਸ ਪ੍ਰਗਟ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਈਚਾਰੇ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਅਤੇ ਜਦੋਂ ਤੱਕ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਰਕਾਰ ’ਤੇ ਕਾਰਵਾਈ ਲਈ ਦਬਾਅ ਬਣਾਇਆ ਜਾਂਦਾ ਰਹੇਗਾ।