ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਅਲੌਕਿਕ ਰੌਣਕਾਂ/ ਗੁਰਦੁਆਰਾ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਰਵਾਨਾ/ ਦੇਸ਼-ਵਿਦੇਸ਼ ਤੋਂ ਸੰਗਤ ਨੇ ਕੀਤੀ ਸ਼ਿਰਕਤ

0
2

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਅੰਮ੍ਰਿਤਸਰ ਵਿੱਚ ਪੁਰਾਤਨ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੱਕ ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪੂਰਾ ਮਾਹੌਲ ਗੁਰਬਾਣੀ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਅਮਰਜੀਤ ਸਿੰਘ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਪਾਵਨ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਨਿਸ਼ਾਨਚੀ ਸਿੰਘਾਂ, ਨਗਾਰਚੀ ਸਿੰਘਾਂ ਅਤੇ ਗੁਰਬਾਣੀ ਕੀਰਤਨ ਕਰਦੀਆਂ ਸੰਗਤਾਂ ਨੇ ਇਸ ਧਾਰਮਿਕ ਯਾਤਰਾ ਨੂੰ ਹੋਰ ਵੀ ਸ਼ਰਧਾਮਈ ਬਣਾ ਦਿੱਤਾ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਸੀ। ਗੁਰਬਾਣੀ ਕੀਰਤਨ, ਅਰਦਾਸ ਅਤੇ ਧਾਰਮਿਕ ਸਮਾਗਮਾਂ ਤੋਂ ਬਾਅਦ ਪੂਰੀ ਗੁਰਮਰਿਆਦਾ ਅਨੁਸਾਰ ਨਗਰ ਕੀਰਤਨ ਦੀ ਰਵਾਨਗੀ ਕੀਤੀ ਗਈ। ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਤਿਕਾਰ ਕੀਤਾ ਗਿਆ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਹ ਉਹੀ ਇਤਿਹਾਸਕ ਅਸਥਾਨ ਹੈ, ਜਿੱਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਸਰੂਪ ਤਿਆਰ ਕਰਵਾਇਆ ਸੀ।
ਇਸੇ ਇਤਿਹਾਸਕ ਯਾਦ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਾ ਮਹਾਨ ਦਿਹਾੜਾ ਜੁੜਿਆ ਹੋਇਆ ਹੈ। ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਪੁਰਾਤਨ ਮਰਿਆਦਾ ਅਨੁਸਾਰ ਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਨੇ ਕਿਹਾ ਕਿ ਭਾਦਰੋਂ ਸੁਦੀ ਏਕਮ 1661 ਬਿਕਰਮੀ, 1604 ਈਸਵੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ ਅਤੇ ਬਾਬਾ ਬੁੱਢਾ ਸਾਹਿਬ ਜੀ ਨੂੰ ਪਹਿਲੇ ਹੈੱਡ ਗ੍ਰੰਥੀ ਵਜੋਂ ਸੇਵਾ ਸੌਂਪੀ ਗਈ ਸੀ।
ਉਨ੍ਹਾਂ ਕਿਹਾ ਕਿ ਉਸੇ ਪ੍ਰਾਚੀਨ ਰਵਾਇਤ ਨੂੰ ਮੁੱਖ ਰੱਖਦਿਆਂ ਹਰ ਸਾਲ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਸਮਾਪਤ ਹੁੰਦਾ ਹੈ। ਗਿਆਨੀ ਅਮਰਜੀਤ ਸਿੰਘ ਜੀ ਨੇ ਸਮੁੱਚੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਘਰ ਵਿੱਚ ਗੁਰ-ਸ਼ਬਦ ਦਾ ਪ੍ਰਕਾਸ਼ ਹੋਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਮੋਬਾਈਲ ਦੇ ਨਾਲ-ਨਾਲ ਗੁਟਕੇ, ਪੋਥੀਆਂ ਅਤੇ ਗੁਰਬਾਣੀ ਦੀ ਸੰਥਿਆ ਨਾਲ ਜੋੜਿਆ ਜਾਵੇ, ਤਾਂ ਜੋ ਉਹ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਬਚੇ ਰਹਿਣ ਅਤੇ ਸਿੱਖੀ ਨਾਲ ਜੁੜੇ ਰਹਿਣ।
ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸੰਪੂਰਨ ਕਰਕੇ ਬਾਬਾ ਬੁੱਢਾ ਜੀ ਦੇ ਸੀਸ ’ਤੇ ਪਾਵਨ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕਰਵਾਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪਰੰਪਰਾ ਆਦਿ ਕਾਲ ਤੋਂ ਚੱਲੀ ਆ ਰਹੀ ਹੈ ਅਤੇ ਹਰ ਸਾਲ ਪਹਿਲੇ ਪ੍ਰਕਾਸ਼ ਪੁਰਬ ਮੌਕੇ ਰਾਮਸਰ ਸਾਹਿਬ ਤੋਂ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾਇਆ ਜਾਂਦਾ ਹੈ। ਉਨ੍ਹਾਂ ਸਮੁੱਚੇ ਗੁਰੂ ਨਾਨਕ ਨਾਮਲੇਵਾ ਪਰਿਵਾਰਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

LEAVE A REPLY

Please enter your comment!
Please enter your name here