ਗੁਰਦਾਸਪੁਰ ਦੇ ਪਿੰਡ ਪੱਡਾ ’ਚ ਸਰਪੰਚ ਦੇ ਭਰਾ ਦਾ ਕਤਲ/ ਅਣਪਛਾਤੇ ਹਮਲਾਵਰ ਗੋਲੀਆਂ ਮਾਰ ਕੇ ਫਰਾਰ/ ਪਿੰਡ ’ਚ ਸੋਗ ਦੀ ਲਹਿਰ, ਪੁਲਿਸ ਕਰ ਰਹੀ ਜਾਂਚ

0
1

ਸਰਹੱਦੀ ਜਿਲ੍ਹਾ ਗੁਰਦਾਸਪੁਰ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਘਟਨਾ ਪਿੰਡ ਪੱਡਾ ਤੋਂ ਸਾਹਮਣੇ ਆਈ ਹੈ, ਜਿੱਥੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ 27 ਸਾਲਾ ਸੁਖਰਾਜ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਅੰਦਰ ਸੋਗ ਦੀ ਲਹਿਰ ਹੈ। ਪੁਲਿਸ ਮੁਤਾਬਕ ਇਹ ਕਤਲ ਆਪਸੀ ਰੰਜ਼ਿਸ਼ ਕਾਰਨ ਹੋਇਆ ਹੈ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਇੱਕ ਸਵਿਫਟ ਗੱਡੀ ਵਿੱਚ ਸਵਾਰ ਕੁਝ ਨੌਜਵਾਨਾਂ ਨੇ ਉਸ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੁਖਰਾਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਵੀ ਪਿੰਡ ਸ਼ਾਹਪੁਰ ਜਾਜਨ ਵਿਖੇ ਸੁਖਰਾਜ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਗੰਭੀਰ ਜ਼ਖਮੀ ਹੋ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਪੁਲਿਸ ਨੇ ਹਮਲਾਵਰਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਸੀ, ਜਿਸ ਕਾਰਨ ਅੱਜ ਇਹ ਵੱਡੀ ਵਾਰਦਾਤ ਵਾਪਰ ਗਈ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਹਨ। ਐਸ.ਐਚ.ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਉਰਫ਼ ਕਾਕਾ ‘ਤੇ ਵੀ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਹਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਫਸਰਾਂ ਦੇ ਧਿਆਨ ਵਿੱਚ ਮਾਮਲਾ ਲਿਆ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here