
ਆਪ ਆਗੂ ਬਲਤੇਜ ਪੰਨੂ ਨੇ ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਅਕਾਲੀ ਦਲ ਤੇ ਐਸਜੀਪੀਸੀ ਨੂੰ ਨਿਸ਼ਾਨੇ ਉਤੇ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਸਮੇਤ ਜਿਨ੍ਹਾਂ ਲੋਕਾਂ ਦਾ ਨਾਮ ਐਫਆਈਆਰ ਵਿਚ ਦਰਜ ਹੈ, ਉਨ੍ਹਾਂ ਦੇ ਗੁਰਦੁਆਰਿਆਂ ਦੇ ਬਾਹਰ ਬੋਰਡ ਕਿਉਂ ਨਹੀਂ ਲਗਾਏ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਨੇ ਪਰ ਅਕਾਲੀ ਦਲ ਬਾਦਲ ਇਸ ਬਾਰੇ ਚੁੱਪ ਹੈ।
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੱਝਰ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਸਨੇ ਔਰਤ ਨੂੰ ਲਿਆਉਣ ਲਈ ਟਿਕਟ ਕਿਉਂ ਖਰੀਦੀ ਸੀ, ਅਤੇ ਵਲਟੋਹਾ ਵੀ ਨਹੀਂ ਬੋਲ ਰਹੇ ਹਨ। ਕਾਂਗਰਸੀ ਆਗੂ ਸੁਖਪਾਲ ਖਹਿਰ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਹਰ ਰੋਜ਼ ਸਵੇਰੇ ਉੱਠ ਕੇ ਸਰਕਾਰ ਨੂੰ ਭੰਡਣਾ ਸ਼ੁਰੂ ਕਰ ਦਿੰਦੇ ਨੇ ਪਰ ਹੁਣ ਇਸ ਮਾਮਲੇ ਵਿਚ ਚੁੱਪੀ ਧਾਰੀ ਹੋਈ ਹੈ।
ਬਿਕਰਮ ਮਜੀਠੀਆ ਬਾਰੇ ਉਨ੍ਹਾਂ ਕਿਹਾ ਕਿ ਮਜੀਠੀਆ ਜੋ ਡਾਕਟਰ ਹੋਣ ਦਾ ਦਿਖਾਵਾ ਕਰਦਾ ਹੈ ਅਤੇ ਦਵਾਈ ਬਾਰੇ ਜਾਣਕਾਰੀ ਦਿੰਦਾ ਹੈ ਹੁਣ ਬੋਲਣ ਵਿਚ ਦੇਰੀ ਕਰ ਰਿਹਾ ਹੈ। ਉਨ੍ਹਾਂ ਪ੍ਰਤਾਪ ਬਾਜਵਾ ਨੂੰ ਵੀ ਸਵਾਲ ਕੀਤਾ ਕਿ ਉਹ ਇਸ ਔਰਤ ਨੂੰ ਇਨਸਾਫ ਦਿਵਾਉਣ ਖਾਤਰ ਕਿਉਂ ਨਹੀਂ ਬੋਲ ਰਹੇ, ਅਤੇ ਰਾਜਾ ਵੜਿੰਗ ਵੀ ਕਿਉਂ ਚੁੱਪ ਹਨ। ਪੰਨੂ ਨੇ ਕਿਹਾ ਕਿ ਇਹ ਮਾਮਲਾ ਜਿੰਨਾ ਗੰਭੀਰ ਹੈ, ਮੁੱਖ ਕਸਟੋਡੀਅਨ ਚੁੱਪ ਹੈ, ਅਤੇ ਹਰਸਿਮਰਤ ਕੌਰ ਬਾਦਲ ਵੀ ਨਹੀਂ ਬੋਲ ਰਹੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਦੀ ਇਸ ਮਾਮਲੇ ਵਿਚ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ। ਇਸੇ ਤਰ੍ਹਾਂ ਭਾਜਪਾ ਆਗੂ ਵੀ ਇਸ ਮਾਮਲੇ ਬਾਰੇ ਚੁੱਪ ਹਨ। ਉਨ੍ਹਾਂ ਅੱਗੇ ਕਿਹਾ ਕਿ ਬਹਿਰੀਨ ਦੀ ਔਰਤ ਨਾਲ ਬਲਾਤਕਾਰ ਮਾਮਲੇ ਵਿੱਚ ਅਮਰਜੀਤ ਸਿੰਘ ਦੀ ਕਥਿਤ ਭੂਮਿਕਾ ਦੀ ਜਾਂਚ ਲਈ ਇੱਕ ਐਸਆਈਟੀ ਬਣਾਈ ਜਾਵੇਗੀ, ਅਤੇ ਮੁੱਖ ਮੰਤਰੀ ਵੱਲੋਂ ਜਲਦੀ ਹੀ ਇਸਦਾ ਐਲਾਨ ਕਰਨ ਦੀ ਉਮੀਦ ਹੈ। ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ।

