ਚੰਡੀਗੜ੍ਹ ਦੀਆਂ ਸੜਕਾਂ ’ਤੇ ਉੱਤਰੀ ਕਾਂਗਰਸ/ ਚੋਣ ਕਮਿਸ਼ਨ ਦਫਤਰ ਅੱਗੇ ਕੀਤਾ ਪ੍ਰਦਰਸ਼ਨ/ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਕੀਤੀ ਮੰਗ

0
1

ਭਾਰਤੀ ਚੋਣ ਕਮਿਸ਼ਨ ਵਿੱਚ ਕਥਿਤ ਤੌਰ ’ਤੇ ਹੋ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਦੀਆਂ ਸੜਕਾਂ ਉਤੇ ਉਤਰ ਕੇ ਪ੍ਰਦਰਸ਼ਨ ਕੀਤਾ। ਸੈਕਟਰ-18 ਸਥਿਤ ਚੋਣ ਕਮਿਸ਼ਨ ਦਫਤਰ ਅੱਗੇ ਇਕੱਤਰ ਹੋਏ ਕਾਂਗਰਸੀ ਆਗੂਆਂ ਨੇ ਮੁੱਖ ਚੋਣ ਕਮਿਸ਼ਨ ਗਿਆਨੇਸ਼ ਕੁਮਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂਆਂ ਨੇ ਮੁੱਖ ਚੋਣ ਕਮਿਸ਼ਨ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਇਸ ਦੌਰਾਨ ਕਾਂਗਰਸੀਆਂ ਨੇ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ।  ਕਾਂਗਰਸੀ ਆਗੂਆਂ ਨੇ ਕਿਹਾ ਕਿ ਮੀਡੀਆ ਵਿੱਚ ਨਸ਼ਰ ਹੋਈ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਵਿੱਚ ਘੱਟੋ-ਘੱਟ 14 ਵਾਰ ਚੋਣ ਕਮਿਸ਼ਨ ਦੇ ਕੁਝ ਫ਼ੈਸਲਿਆਂ ’ਤੇ ਇਤਰਾਜ਼ ਦਰਜ ਕਰਵਾਏ ਸਨ। ਰਿਪੋਰਟ ਵਿੱਚ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਵੋਟਰ ਸੂਚੀਆਂ ਵਿੱਚੋਂ ਨਾਂ ਸ਼ਾਮਲ ਕਰਨ ਜਾਂ ਕੱਟਣ ਅਤੇ ਚੋਣ ਡਾਟਾ ਤੇ ਸਾਫ਼ਟਵੇਅਰ ਨਾਲ ਜੁੜੇ ਮੁੱਦਿਆਂ ’ਤੇ ਦੋਵਾਂ ਚੋਣ ਕਮਿਸ਼ਨਰਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਪਰ ਭਾਰਤੀ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੇ ਸਾਰੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੇਸ਼ ਦੇ ਲੋਕਤੰਤਰ ਦੀ ਅਹਿਮ ਸੰਵਿਧਾਨਕ ਸੰਸਥਾ ਹੈ ਅਤੇ ਇਸ ਦੀ ਕਾਰਜਪ੍ਰਣਾਲੀ ਵਿੱਚ ਜਨਤਾ ਦਾ ਭਰੋਸਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਵੋਟਰ ਸੂਚੀ ਵਿੱਚ ਕਿਸੇ ਵੀ ਕਿਸਮ ਦਾ ਬਦਲਾਅ ਪਾਰਦਰਸ਼ੀ ਪ੍ਰਕਿਰਿਆ ਤਹਿਤ ਹੋਣਾ ਚਾਹੀਦਾ ਹੈ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਵੋਟ ਕਿਸੇ ਸਿਆਸੀ ਪਾਰਟੀ ਦੀ ਜਾਇਦਾਦ ਨਹੀਂ, ਸਗੋਂ ਦੇਸ਼ ਦੇ ਹਰ ਇੱਕ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਵੋਟਰ ਸੂਚੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸਵਾਲ ਦਾ ਜਵਾਬ ਪਾਰਦਰਸ਼ੀ ਢੰਗ ਨਾਲ ਜਨਤਾ ਦੇ ਸਾਹਮਣੇ ਆਉਣਾ ਚਾਹੀਦਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਵਿੱਚ ਦਰਜ ਇਤਰਾਜ਼ਾਂ, ਵੋਟਰ ਸੂਚੀ ਵਿੱਚ ਬਦਲਾਅ ਨਾਲ ਜੁੜੇ ਫ਼ੈਸਲਿਆਂ ਅਤੇ ਚੋਣ ਡਾਟਾ ਦੀ ਸੁਰੱਖਿਆ ਨਾਲ ਸਬੰਧਤ ਉਠਾਏ ਗਏ ਸਵਾਲਾਂ ’ਤੇ ਸਪੱਸ਼ਟ ਜਾਣਕਾਰੀ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।

LEAVE A REPLY

Please enter your comment!
Please enter your name here