ਕਣਕ ਦੇ ਸਮਰਥਨ ਮੁੱਲ ਵਾਧੇ ਤੋਂ ਕਿਸਾਨ ਨਾਖੁਸ਼/ ਭਾਰਤੀ ਕਿਸਾਨ ਯੂਨੀਅਨ ਆਗੂ ਨੇ ਦੱਸਿਆ ਨਾਕਾਫੀ/ ਖੇਤੀ ਲਾਗਤ ’ਚ ਵਾਧੇ ਮੁਤਾਬਕ ਐਮਐਸਪੀ ਦੇਣ ਦੀ ਮੰਗ

0
1

ਕੇਂਦਰ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਰੁਪਏ ਦੇ ਕੀਤੇ ਵਾਧੇ ਨੂੰ ਕਿਸਾਨ ਜਥੇਬੰਦੀਆਂ ਨੇ ਨਾਕਾਫੀ ਕਰਾਰ ਦਿੱਤਾ  ਹੈ। ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮੁੱਖ ਫਸਲ ਕਣਕ ਦੇ ਸਮਰਥਨ ਮੁੱਲ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਵਧ ਰਹੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਬੀਜਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਮਜ਼ਦੂਰੀ ਦੇ ਖਰਚੇ ਲਗਾਤਾਰ ਵੱਧ ਰਹੇ ਹਨ। ਪਰ ਸਰਕਾਰ ਨੇ ਕਣਕ ਦੇ ਭਾਅ ਵਿਚ ਮਹਿਜ਼ 25 ਰੁਪਏ ਵਾਧਾ ਕਰ ਕੇ ਕਿਸਾਨਾਂ ਦੀ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ।
ਦੌਲਤਪੁਰਾ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਪੈਦਾਵਾਰ ਲਈ ਪਹਿਲਾਂ ਨਾਲੋਂ ਕਿਤੇ ਵੱਧ ਖਰਚ ਕਰਨਾ ਪੈ ਰਿਹਾ ਹੈ, ਜਦਕਿ ਫਸਲਾਂ ਦੇ ਭਾਅ ਵਿੱਚ ਉਸ ਅਨੁਪਾਤ ਵਿੱਚ ਵਾਧਾ ਨਹੀਂ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ 1970 ਦੇ ਮੁਕਾਬਲੇ ਕਣਕ ਦੇ ਭਾਅ ਵਿੱਚ ਵਾਧਾ ਖੇਤੀ ਨਾਲ ਜੁੜੀਆਂ ਹੋਰ ਵਸਤਾਂ ਅਤੇ ਸੇਵਾਵਾਂ ਦੀਆਂ ਕੀਮਤਾਂ ਦੇ ਵਾਧੇ ਦੇ ਮੁਕਾਬਲੇ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਵਧ ਰਹੀਆਂ ਲਾਗਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਤਾਂ ਕਣਕ ਦੀ MSP ਹੋਰ ਵੱਧ ਹੋਣੀ ਚਾਹੀਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ MSP ਤੈਅ ਕਰਦੇ ਸਮੇਂ ਖੇਤੀ ਦੀ ਅਸਲ ਲਾਗਤ, ਡੀਜ਼ਲ, ਖਾਦਾਂ, ਦਵਾਈਆਂ, ਮਜ਼ਦੂਰੀ ਅਤੇ ਹੋਰ ਖਰਚਿਆਂ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਅਤੇ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ MSP ਵਿੱਚ ਕੀਤੇ ਵਾਧੇ ’ਤੇ ਮੁੜ ਵਿਚਾਰ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਲਾਹੇਵੰਦ ਅਤੇ ਵਾਜਬ ਮੁੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਬੈਠ ਕੇ ਖੇਤੀ ਲਾਗਤ ਅਤੇ ਫਸਲਾਂ ਦੇ ਭਾਅ ਸਬੰਧੀ ਗੱਲਬਾਤ ਕਰਨੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਹਾੜੀ ਦੇ ਸੀਜ਼ਨ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਕਣਕ ਸਮੇਤ ਛੇ ਹਾੜੀ ਦੀਆਂ ਫਸਲਾਂ ਦੀ MSP ਵਿੱਚ ਵਾਧਾ ਕੀਤਾ ਗਿਆ ਹੈ। ਕਸੁੰਭਾ ਦੀ MSP ਵਿੱਚ ਸਭ ਤੋਂ ਵੱਧ 675 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜਦਕਿ ਕਣਕ ਦੀ MSP ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਣ ਤੋਂ ਬਾਅਦ ਇਸ ਦਾ ਨਵਾਂ ਭਾਅ 2610 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।
ਇਸੇ ਤਰ੍ਹਾਂ ਜੌਂ ਦੀ MSP ਵਿੱਚ 136 ਰੁਪਏ ਦਾ ਵਾਧਾ ਕਰਕੇ 2286 ਰੁਪਏ ਪ੍ਰਤੀ ਕੁਇੰਟਲ, ਚਣੇ ਦੀ MSP ਵਿੱਚ 83 ਰੁਪਏ ਦਾ ਵਾਧਾ ਕਰ ਕੇ 5958 ਰੁਪਏ ਪ੍ਰਤੀ ਕੁਇੰਟਲ ਅਤੇ ਕਸੁੰਭਾ ਦੀ MSP 675 ਰੁਪਏ ਵਧਾ ਕੇ 7015 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਹੈ। ਮਸੂਰ ਅਤੇ ਸਰ੍ਹੋਂ ਦੀ MSP ਵਿੱਚ ਵੀ ਕ੍ਰਮਵਾਰ 390 ਰੁਪਏ ਅਤੇ 413 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਦੇ ਅਨੁਮਾਨ ਅਨੁਸਾਰ ਹਾੜੀ ਸੀਜ਼ਨ ਦੌਰਾਨ ਲਗਭਗ 324 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here