ਫਿਲੌਰ ਪੁਲਿਸ ਅਕੈਡਮੀ ਵਿਖੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਸਮਾਗਮ/ ਮੁੱਖ ਮੰਤਰੀ ਮਾਨ ਨੇ ਕੀਤਾ ਸੰਬੋਧਨ

0
2

ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਨਸ਼ਿਆਂ ਖ਼ਿਲਾਫ਼ ਚੰਗਾ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਕ ਨਤੀਜੇ ਵੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਨੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਕਾਰਵਾਈ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਅਤੇ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ, ਇਸ ਲਈ ਲੋਕਾਂ ਤੇ ਪੁਲਿਸ ਵਿਚਾਲੇ ਨੇੜਤਾ ਬਣਾਉਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵੱਲੋਂ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਗੱਲ ਵੀ ਆਖੀ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿਚ ਕੀਤੇ ਜਾ ਰਹੇ ਸੁਧਾਰਾਂ ਬਾਰੇ ਜਾਣਕਾਰੀ ਸਾਂਝਾ ਕੀਤੀ। ਸੜਕ ਸੁਰੱਖਿਆ ਫੋਰਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਦੀ ਇਸ ਪਹਿਲ ਨਾਲ ਹਜ਼ਾਰਾਂ ਜਾਨਾਂ ਬਚਾਈਆਂ ਜਾ ਸਕੀਆਂ ਹਨ।
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਈਮਾਨਦਾਰੀ ਤੇ ਲੋਕ ਸੇਵਾ ਦੀ ਭਾਵਨਾ ਨਾਲ ਡਿਊਟੀ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਵਿਚ ਭਰੋਸਾ ਬਣ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨਸ਼ੇ ਰੋਕਣ ਵਿਚ ਬਹੁਤ ਵਧੀਆਂ ਕੰਮ ਕੀਤਾ ਹੈ ਅਤੇ ਹੋਰ ਚੰਗੇ ਨਤੀਜਿਆਂ ਲਈ ਸਕੂਲਾਂ, ਕਾਲਜਾਂ ਵਿਚ ਜਾ ਕੇ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਪਤਾ ਚੱਲ ਸਕੇ।
ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਮਿਲਣ ’ਤੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐਨਡੀਪੀਐਸ ਐਕਟ ਵਿਚ ਕੁੱਝ ਕਮੀਆਂ ਹਨ, ਜਿਨ੍ਹਾਂ ਨੂੰ ਦੂਰ ਲਈ ਕੇਂਦਰ ਸਰਕਾਰ ਤਕ ਪਹੁੰਚ ਕੀਤੀ ਜਾ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਤਹਿਤ ਫੜੇ ਗਏ ਤਸਕਰਾਂ ਨੂੰ ਛੇਤੀ ਜ਼ਮਾਨਤ ਨਾ ਮਿਲ ਸਕੇ।

LEAVE A REPLY

Please enter your comment!
Please enter your name here