ਬਠਿੰਡਾ ਦੇ ਨੰਨੀ ਛਾਂ ਸਿਲਾਈ ਸੈਂਟਰ ਪਹੁੰਚੇ ਹਰਸਿਮਰਤ ਬਾਦਲ/ ਟਰੈਨਿੰਗ ਪੂਰੀ ਕਰ ਚੁੱਕੀਆਂ ਲੜਕੀਆਂ ਨਾਲ ਕੀਤੀ ਮੁਲਾਕਾਤ/ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨ

0
1

ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਬਾਦਲ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਸਿੱਖ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਂ ਕਿਹਾ ਕਿ ਇਹ ਸੈਂਟਰ ਨੰਨ੍ਹੀ ਛਾਂ ਮੁਹਿੰਮ ਤਹਿਤ ਖੋਲ੍ਹਿਆ ਗਿਆ ਸੀ, ਜਿਸ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ ਅਤੇ ਇੱਥੋਂ ਸਿਲਾਈ ਸਿੱਖ ਕੇ ਲੜਕੀਆਂ ਆਪਣੇ ਪੈਰਾਂ ਤੇ ਖੜ੍ਹੀਆਂ ਹੋ ਰਹੀਆਂ ਹਨ। ਇਸ ਦੇ ਨਾਲ ਉਹਨਾਂ ਅਕਾਲੀ ਦਲ ਦੀ ਸਰਕਾਰ ਬਣਨ ਉਤੇ ਹਰ ਪਿੰਡ ਵਿੱਚ ਔਰਤਾਂ ਨੰਨੀ ਛਾਂ ਸਿਲਾਈ ਸੈਂਟਰ ਖੋਲ੍ਹਣ ਦਾ ਐਲਾਨ ਵੀ ਕੀਤਾ। ਸਿੱਖਿਆ ਕ੍ਰਾਂਤੀ ਨੂੰ ਲੈ ਕੇ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਹਿੱਤ ਤੇ ਖਜਾਨਾ ਦਿੱਲੀ ਵਾਲਿਆਂ ਕੋਲ ਲੁਟਾ ਦਿੱਤਾ ਹੈ।
ਬੀਤੇ ਦਿਨ ਮੌੜ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ‘ਸਿੱਖਿਆ ਕ੍ਰਾਂਤੀ’ ਬਾਰੇ ਕੀਤੇ ਪ੍ਰਗਟਾਵੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੌੜ ਦੇ ਵਿਧਾਇਕ ਨੇ ਖੁਦ ਹੀ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਹਕੀਕਤ ਜੱਗ ਜ਼ਾਹਿਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੱਲੋਂ ਬਣਾਏ ਗਏ ਮੈਰੀਟੋਰੀਅਸ ਸਕੂਲਾਂ ਦਾ ਨਾਂ ਬਦਲ ਕੇ ‘ਸਕੂਲ ਆਫ ਐਮੀਨੈਂਸ’ ਰੱਖ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌੜ ਦੇ ਵਿਧਾਇਕ ਦਾ ਪੁੱਤਰ ਵੀ ਇਸੇ ਸਕੂਲ ਵਿੱਚ ਪੜ੍ਹਦਾ ਹੈ ਅਤੇ ਉੱਥੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਵਿਧਾਇਕ ਵੱਲੋਂ ਲਗਾਤਾਰ ਸਰਕਾਰ ਕੋਲ ਮੰਗ ਕੀਤੀ ਜਾਂਦੀ ਰਹੀ।
ਉਨ੍ਹਾਂ ਕਿਹਾ ਕਿ ਵਿਧਾਇਕ ਵੱਲੋਂ ਅਧਿਆਪਕਾਂ ਦੀ ਕਮੀ ਪੂਰੀ ਕਰਵਾਉਣ ਲਈ ਕਦੇ ਮਨੀਸ਼ ਸਿਸੋਦੀਆ ਅਤੇ ਕਦੇ ਦਿੱਲੀ ਦੇ ਹੋਰ ਆਗੂਆਂ ਕੋਲ ਆਪਣੀ ਗੱਲ ਰੱਖੀ ਗਈ, ਪਰ ਇਸ ਦੇ ਬਾਵਜੂਦ ਸਕੂਲ ਵਿੱਚ ਅਧਿਆਪਕਾਂ ਦੀ ਕਮੀ ਦੂਰ ਨਹੀਂ ਹੋਈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸੇ ਕਾਰਨ ਵਿਧਾਇਕ ਬੀਤੇ ਦਿਨ ਭਾਵੁਕ ਹੋ ਗਏ ਸਨ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦਾ ਖਜ਼ਾਨਾ ਦਿੱਲੀ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੰਤਰੀਆਂ ਅਤੇ ਵਿਧਾਇਕਾਂ ਦੇ ਕੰਮਕਾਜ ’ਤੇ ਵੀ ਦਿੱਲੀ ਦੇ ਆਗੂਆਂ ਦਾ ਪ੍ਰਭਾਵ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਦਿੱਲੀ ਤੋਂ ਆਉਣ ਵਾਲੇ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਦੇ ਘਰਾਂ ਤੱਕ ’ਤੇ ਕਬਜ਼ਾ ਕਰ ਰੱਖਿਆ ਹੈ।
ਕਾਂਗਰਸ ਵੱਲੋਂ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੜਾਈ ਪੰਜਾਬ ਦੇ ਲੋਕਾਂ ਜਾਂ ਪੰਜਾਬ ਦੇ ਮੁੱਦਿਆਂ ਲਈ ਨਹੀਂ, ਸਗੋਂ ਮੁੱਖ ਮੰਤਰੀ ਦੀ ਕੁਰਸੀ ਲਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਾਲੇ ਤੱਕ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਕੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ, ਜਾਂ ਸੁਖਜਿੰਦਰ ਸਿੰਘ ਰੰਧਾਵਾ ਨੂੰ, ਜਾਂ ਫਿਰ ਕਿਸੇ ਹੋਰ ਆਗੂ ਨੂੰ ਅੱਗੇ ਕੀਤਾ ਜਾਵੇਗਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਅਜੇ ਸਪੱਸ਼ਟ ਨਹੀਂ ਹੈ।
ਬਠਿੰਡਾ ਵਿੱਚ ਨਸ਼ੇ ਦੀ ਹਾਲਤ ਵਿੱਚ ਇੱਕ ਲੜਕੀ ਦੀ ਵੀਡੀਓ ਵਾਇਰਲ ਹੋਣ ’ਤੇ ਵੀ ਹਰਸਿਮਰਤ ਕੌਰ ਬਾਦਲ ਨੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਵੀਡੀਓ ਦੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਨੌਜਵਾਨਾਂ ਦੇ ਨਸ਼ਿਆਂ ਦੀ ਗੱਲ ਹੁੰਦੀ ਸੀ, ਪਰ ਹੁਣ ਲੜਕੀਆਂ ਵੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਨਸ਼ਿਆਂ ’ਤੇ ਕਾਬੂ ਨਾ ਪਾਇਆ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਲੜਕੀਆਂ ਦੀ ਨਸ਼ਿਆਂ ਕਾਰਨ ਮੌਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਣਗੀਆਂ। ਨਸ਼ਿਆਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਮਾਂ ਧੀਆਂ ਦੀ ਬਹੁਤ ਹੋ ਗਿਆ, ਇਨਸਾਫ਼ ਦੀ ਲੜਾਈ’ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਤੋਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here