ਮੋਗਾ ’ਚ ‘ਰਨ ਫਾਰ ਇਕੁਇਟੀ’ ਮੈਰਾਥਨ/ 1500 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ/ ਬਰਾਬਰੀ ਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

0
1

ਮੋਗਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਇਟੀ’ ਮੈਰਾਥਨ ਕਰਵਾਈ ਗਈ। 5 ਕਿਲੋਮੀਟਰ ਦੀ ਇਸ ਮੈਰਾਥਨ ਵਿੱਚ 1500 ਤੋਂ ਵੱਧ ਨੌਜਵਾਨਾਂ, ਖਿਡਾਰੀਆਂ ਅਤੇ ਮੋਗਾ ਵਾਸੀਆਂ ਨੇ ਹਿੱਸਾ ਲੈ ਕੇ ਬਰਾਬਰੀ, ਭਾਈਚਾਰੇ, ਤੰਦਰੁਸਤੀ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਮੈਰਾਥਨ ਦੀ ਅਗਵਾਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਸਮਾਪਤੀ ਉਪਰੰਤ ਯੋਗਾ ਸੈਸ਼ਨ ਵੀ ਕਰਵਾਇਆ ਗਿਆ ਅਤੇ ਪਹਿਲੇ 10 ਨੌਜਵਾਨਾਂ ਸਮੇਤ ਏਸ਼ੀਅਨ ਗੇਮਜ਼-2026 ਵਿੱਚ ਭਾਰਤ ਦੀ ਨੁਮਾਇੰਦਗੀ ਕਰ ਕੇ ਪਰਤੇ ਰੋਇੰਗ ਖਿਡਾਰੀਆਂ ਕੁਲਵਿੰਦਰ ਸਿੰਘ ਤੇ ਜਸਮੇਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸਰਕਾਰੀ ਆਈ.ਟੀ.ਆਈ. ਮੋਗਾ ਤੋਂ ਰਵਾਨਾ ਹੋਈ ਇਹ ਮੈਰਾਥਨ ਕੈਂਪ ਹਾਊਸ, ਜੋਗਿੰਦਰ ਸਿੰਘ ਚੌਂਕ, ਮੇਨ ਬਾਜ਼ਾਰ, ਗੁਰੂ ਨਾਨਕ ਕਾਲਜ ਅਤੇ ਕਲਾਕ ਟਾਵਰ ਤੋਂ ਹੁੰਦੀ ਹੋਈ ਮੁੜ ਸਰਕਾਰੀ ਆਈ.ਟੀ.ਆਈ. ਵਿਖੇ ਸੰਪੰਨ ਹੋਈ। ਮੈਰਾਥਨ ਦੀ ਅਗਵਾਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)  ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਮਿਸ ਹਰਸ਼ਿਤਾ ਸ਼ਰਮਾ, ਐਸ.ਡੀ.ਐਮ. ਮੋਗਾ  ਸਤਵਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ  ਨਵਦੀਪ ਜਿੰਦਲ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।
ਮੈਰਾਥਨ ਦੀ ਸਮਾਪਤੀ ਉਪਰੰਤ ਸਰਕਾਰੀ ਆਈ.ਟੀ.ਆਈ. ਵਿਖੇ ਯੋਗਾ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਹਾਜ਼ਰੀਨ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ, ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਅਤੇ ਨਸ਼ਿਆਂ ਤੋਂ ਹਮੇਸ਼ਾ ਦੂਰ ਰਹਿਣ ਦਾ ਪ੍ਰਣ ਲਿਆ। ਮੈਰਾਥਨ ਵਿੱਚ ਸਭ ਤੋਂ ਪਹਿਲਾਂ ਪਹੁੰਚਣ ਵਾਲੇ 10 ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ, ਸਨਮਾਨ ਚਿੰਨ੍ਹ ਅਤੇ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਏਸ਼ੀਅਨ ਗੇਮਜ਼-2026, ਜਪਾਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਕੇ ਪਰਤੇ ਮੋਗਾ ਜ਼ਿਲ੍ਹੇ ਦੇ ਹੋਣਹਾਰ ਰੋਇੰਗ ਖਿਡਾਰੀ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਅੰਮ੍ਰਿਤ ਪਾਲ ਸੁਖਾਨੰਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਇਟੀ’ ਮੈਰਾਥਨ ਸਿਰਫ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ, ਮਨੁੱਖੀ ਸਾਂਝ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੀ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਭਾਈਚਾਰੇ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ। ਸੁਖਾਨੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਖੇਡ ਅਤੇ ਜਾਗਰੂਕਤਾ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਮਹੱਤਵਪੂਰਨ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 3100 ਤੋਂ ਵੱਧ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਲਈ ਬਜਟ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ ਅਤੇ 2020-21 ਵਿੱਚ 50 ਕਰੋੜ ਰੁਪਏ ਦੇ ਮੁਕਾਬਲੇ 2025-26 ਵਿੱਚ ਖੇਡਾਂ ਦਾ ਬਜਟ ਵਧਾ ਕੇ 1791 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here