ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਗੁਰਦੀਪ ਸਿੰਘ ਰੰਧਾਵਾ/ ਗੁਰੂ ਘਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਜਰਮਨੀ ਦੀ ਸੱਤਾਧਾਰੀ ਪਾਰਟੀ ’ਚ ਦਸਤਾਰਧਾਰੀ ਨੁਮਾਇੰਦੇ ਹਨ ਸ. ਰੰਧਾਵਾ By admin - October 10, 2026 0 1 Facebook Twitter Pinterest WhatsApp ਭਾਰਤੀ ਮੂਲ ਦੇ ਪ੍ਰਮੁੱਖ ਜਰਮਨ ਸਿਆਸੀ ਆਗੂ ਗੁਰਦੀਪ ਸਿੰਘ ਰੰਧਾਵਾ ਆਪਣੇ ਪੰਜਾਬ ਦੌਰੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦੱਸਣ ਦਈਏ ਕਿ ਉਨ੍ਹਾਂ ਨੂੰ ਜਰਮਨੀ ਦੀ ਪ੍ਰਮੁੱਖ ਸਿਆਸੀ ਪਾਰਟੀ ਕ੍ਰਿਸਚੀਅਨ ਡੈਮੋਕ੍ਰੈਟਿਕ ਯੂਨੀਅਨ ਵੱਲੋਂ ਭਾਰਤੀ ਭਾਈਚਾਰੇ ਦੇ ਨੁਮਾਇੰਦੇ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਜਰਮਨੀ ਦੀ ਰਾਜਨੀਤੀ ਵਿੱਚ ਭਾਰਤੀ ਭਾਈਚਾਰੇ ਦੀ ਵਧ ਰਹੀ ਪਛਾਣ, ਪੰਜਾਬੀ ਨੌਜਵਾਨਾਂ ਦੇ ਵਿਦੇਸ਼ ਜਾਣ, ਯੂਰਪ ਵਿੱਚ ਪ੍ਰਵਾਸ ਦੇ ਮੁੱਦੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਅਹਿਮ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਡੀਆ ਨਾਲ ਗੱਲਬਾਤ ਦੌਰਾਨ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਪਿਛਲੇ 35 ਸਾਲਾਂ ਤੋਂ ਜਰਮਨੀ ਦੀ ਸਰਗਰਮ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਜਰਮਨ ਸੰਸਦ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਭਾਰਤੀ ਭਾਈਚਾਰੇ, ਖ਼ਾਸ ਕਰਕੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ ਕਿ ਜਰਮਨੀ ਦੀ ਇੱਕ ਪ੍ਰਮੁੱਖ ਸਿਆਸੀ ਪਾਰਟੀ CDU ਵਿੱਚ ਇੱਕ ਦਸਤਾਰਧਾਰੀ ਸਿੱਖ ਨੂੰ ਅਹਿਮ ਜ਼ਿੰਮੇਵਾਰੀ ਅਤੇ ਪਛਾਣ ਮਿਲੀ ਹੈ। ਉਨ੍ਹਾਂ ਮੁਤਾਬਕ, ਇਸ ਤਰ੍ਹਾਂ ਦੀ ਨੁਮਾਇੰਦਗੀ ਨਾਲ ਜਰਮਨੀ ਵਿੱਚ ਵੱਸਦੇ ਭਾਰਤੀ ਭਾਈਚਾਰੇ ਦੇ ਹੋਰ ਲੋਕਾਂ ਨੂੰ ਵੀ ਸਥਾਨਕ ਰਾਜਨੀਤੀ, ਨਗਰ ਕੌਂਸਲਾਂ ਅਤੇ ਹੋਰ ਸੰਸਥਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹ ਮਿਲ ਰਿਹਾ ਹੈ। ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਰੰਧਾਵਾ ਨੇ ਕਿਹਾ ਕਿ ਵਿਦੇਸ਼ ਜਾਣ ਤੋਂ ਪਹਿਲਾਂ ਨੌਜਵਾਨਾਂ ਲਈ ਸਹੀ ਤਿਆਰੀ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਈ ਨੌਜਵਾਨ ਲੋੜੀਂਦੇ ਹੁਨਰ ਅਤੇ ਭਾਸ਼ਾ ਦੀ ਜਾਣਕਾਰੀ ਹਾਸਲ ਕੀਤੇ ਬਿਨਾਂ ਹੀ ਵਿਦੇਸ਼ ਚਲੇ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਉੱਥੇ ਜਾ ਕੇ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਮਾਪਿਆਂ ਨੂੰ ਸਲਾਹ ਦਿੱਤੀ ਕਿ ਜਰਮਨੀ ਜਾਂ ਯੂਰਪ ਜਾਣ ਤੋਂ ਪਹਿਲਾਂ ਭਾਰਤ ਵਿੱਚ ਹੀ ਆਪਣੀ ਪੜ੍ਹਾਈ, ਕਿੱਤਾਮੁਖੀ ਸਿਖਲਾਈ ਅਤੇ ਜਰਮਨ ਭਾਸ਼ਾ ਦਾ ਕੋਰਸ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ, “ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਆਪਣੇ ਹੁਨਰ ਨੂੰ ਨਿਖਾਰਨਾ ਚਾਹੀਦਾ ਹੈ ਅਤੇ ਜਰਮਨ ਭਾਸ਼ਾ ਦੀ ਚੰਗੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਭਾਸ਼ਾ ਅਤੇ ਸਿਖਲਾਈ ਦੇ ਢੁੱਕਵੇਂ ਪੱਧਰ ਨਾਲ ਜਰਮਨੀ ਜਾਂ ਯੂਰਪ ਜਾਣ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਭਵਿੱਖ ਦੇ ਬਿਹਤਰ ਮੌਕੇ ਪੈਦਾ ਹੋ ਸਕਦੇ ਹਨ। ਬਿਨਾਂ ਤਿਆਰੀ ਦੇ ਵਿਦੇਸ਼ ਜਾਣ ਨਾਲ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੂੰ ਵੀ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਮਾਜ ਦੇ ਬੁੱਧੀਜੀਵੀਆਂ ਨੂੰ ਵੀ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਸਹੀ ਸੇਧ, ਹੁਨਰ ਵਿਕਾਸ ਅਤੇ ਭਾਸ਼ਾ ਦੀ ਸਿਖਲਾਈ ਦੇਣ ਲਈ ਉਪਰਾਲੇ ਕੀਤੇ ਜਾਣ। ਜਰਮਨੀ ਅਤੇ ਯੂਰਪ ਦੀ ਮੌਜੂਦਾ ਸਿਆਸੀ ਤੇ ਆਰਥਿਕ ਸਥਿਤੀ ਬਾਰੇ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਸੀਰੀਆ ਅਤੇ ਅਫ਼ਗਾਨਿਸਤਾਨ ਵਿੱਚ ਟਕਰਾਅ ਅਤੇ ਯੂਕਰੇਨ ਜੰਗ ਕਾਰਨ ਯੂਰਪ ਵਿੱਚ ਸ਼ਰਨਾਰਥੀਆਂ ਅਤੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਅਨੁਸਾਰ, ਇਸ ਸਥਿਤੀ ਦਾ ਜਰਮਨੀ ਸਮੇਤ ਕਈ ਯੂਰਪੀ ਦੇਸ਼ਾਂ ਦੀ ਅਰਥਵਿਵਸਥਾ ਅਤੇ ਸਿਆਸੀ ਮਾਹੌਲ ’ਤੇ ਅਸਰ ਪਿਆ ਹੈ। ਇਸ ਦੇ ਨਾਲ ਹੀ ਕਈ ਦੇਸ਼ਾਂ ਵਿੱਚ ਸੱਜੇ-ਪੱਖੀ ਸਿਆਸੀ ਪਾਰਟੀਆਂ ਦਾ ਪ੍ਰਭਾਵ ਵੀ ਵਧਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਦਾਰ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਸਿੱਖ ਬੰਦੀਆਂ ਨੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਦੀ ਰਿਹਾਈ ਦੇ ਮਾਮਲੇ ’ਤੇ ਕਾਨੂੰਨ ਅਤੇ ਸੰਵਿਧਾਨਕ ਵਿਵਸਥਾਵਾਂ ਅਨੁਸਾਰ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ ਅਤੇ ਹੋਰ ਮੰਚਾਂ ਰਾਹੀਂ ਵੀ ਇਸ ਮੁੱਦੇ ਨੂੰ ਉਠਾਉਂਦੇ ਰਹੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੇ ਮਾਮਲਿਆਂ ਵਿੱਚ ਭਾਰਤੀ ਸੰਵਿਧਾਨ ਅਤੇ ਨਿਆਂ ਪ੍ਰਣਾਲੀ ਦੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਜਦੋਂ ਵੀ ਉਹ ਭਾਰਤ ਆਉਂਦੇ ਹਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਜ਼ਰੂਰ ਪ੍ਰਾਪਤ ਕਰਦੇ ਹਨ।