ਮੋਗਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਚੈਕਿੰਗ ਮੁਹਿੰਮ/ 100 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕੀਤੀ ਸ਼ਿਰਕਤ/ ਹੌਟਸਪੌਟ ਇਲਾਕਿਆਂ ’ਚ ਤਲਾਸ਼ੀ, ਮੈਡੀਕਲ ਸਟੋਰਾਂ ਵੀ ਜਾਂਚ

0
1

ਮੋਗਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਆਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਮੈਡੀਕਲ ਸਟੋਰਾਂ ਦੀ ਵੀ ਜਾਂਚ ਕੀਤੀ ਗਈ। ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਸਮੇਤ ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਮੁਹਿੰਮ ਦਾ ਜਾਇਜ਼ਾ ਲਿਆ। ਐਸਐਸਪੀ ਨੇ ਆਮ ਜਨਤਾ ਨੂੰ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜਾਂ ਨਸ਼ੇ ਤਸਕਰਾਂ ਤੇ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਐਸ.ਐਸ.ਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਈ ਨਸ਼ਾ ਵੇਚਣ ਵਾਲਾ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਕਰਨ ਵਾਲਾ ਸ਼ੱਕੀ ਅਨਸਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਲੋਕ ਪੰਜਾਬ ਸਰਕਾਰ ਦੇ ਸੇਫ ਪੰਜਾਬ ਪੋਰਟਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਮਿਲਣ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੀਆਂ ਵੀਡੀਓ ਬਣਾਉਣ ਜਾਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਬਜਾਏ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਮੈਂਬਰ ਜਾਂ ਰਿਸ਼ਤੇਦਾਰ ਨਸ਼ੇ ਦੀ ਲਤ ਨਾਲ ਪੀੜਤ ਹੈ ਤਾਂ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਦੀ ਲਤ ਨਾਲ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਮਿਲ ਕੇ ਸਹਿਯੋਗ ਕਰਨਗੇ। ਅਜਿਹੇ ਵਿਅਕਤੀਆਂ ਦੀ ਮਦਦ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ, ਤਾਂ ਜੋ ਉਹ ਨਸ਼ਿਆਂ ਤੋਂ ਮੁਕਤ ਹੋ ਕੇ ਆਮ ਜੀਵਨ ਬਤੀਤ ਕਰ ਸਕਣ।
ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਜਾਣਕਾਰੀ ਪੁਲਿਸ ਹੈਲਪਲਾਈਨ ਨੰਬਰ 112 ’ਤੇ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਿਵਲ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਵੀ ਸਹਾਇਤਾ ਲਈ ਜਾ ਸਕਦੀ ਹੈ। ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਰੋਜ਼ਗਾਰ ਲਈ ਹੁਨਰ ਵਿਕਾਸ ਨਾਲ ਸਬੰਧਤ ਵਿਭਾਗਾਂ ਦੀ ਮਦਦ ਲੈਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਐਸਐਸਪੀ ਨੇ ਦੱਸਿਆ ਕਿ ਇੰਦਰਾ ਬਸਤੀ ਸਮੇਤ ਜ਼ਿਲ੍ਹੇ ਦੇ ਹੋਰ ਸ਼ੱਕੀ ਇਲਾਕਿਆਂ ਵਿੱਚ ਵੀ ਚੈਕਿੰਗ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ।

LEAVE A REPLY

Please enter your comment!
Please enter your name here