ਸਿੱਖ ਅਜਾਇਬ ਘਰ ’ਚ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ/ ਜਸਟਿਸ ਕੁਲਦੀਪ ਸਿੰਘ ਤੇ ਭਾਈ ਗਜਿੰਦਰ ਸਿੰਘ ਨੂੰ ਮਿਲਿਆ ਸਨਮਾਨ

0
1

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਿੱਖ ਕੌਮ ਦੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਜਸਟਿਸ ਕੁਲਦੀਪ ਸਿੰਘ, ਭਾਈ ਗਜਿੰਦਰ ਸਿੰਘ ਅਤੇ ਅਮਰ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ (ਧੀਰਪੁਰ) ਦੀਆਂ ਤਸਵੀਰਾਂ ਸਤਿਕਾਰ ਸਹਿਤ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਮੌਜੂਦ ਰਹੀਆਂ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਪੰਥ ਅਤੇ ਕੌਮ ਲਈ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਜੀਵਨ ਸਮਰਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਿੱਖ ਇਤਿਹਾਸ ਵਿੱਚ ਸ਼ਹਾਦਤ ਅਤੇ ਨਾਇਕਤਾ ਦਾ ਦਰਜਾ ਹਾਸਲ ਹੁੰਦਾ ਹੈ। ਉਨ੍ਹਾਂ ਨੇ ਤਿੰਨਾਂ ਸ਼ਖ਼ਸੀਅਤਾਂ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ।
ਜਸਟਿਸ ਕੁਲਦੀਪ ਸਿੰਘ ਦੇ ਯੋਗਦਾਨ ਨੂੰ ਯਾਦ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸੇਵਾ ਨਿਭਾਉਂਦਿਆਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਕਥਿਤ ਫ਼ਰਜ਼ੀ ਮੁਕਾਬਲਿਆਂ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦਿਆਂ ’ਤੇ ਨਿਡਰਤਾ ਨਾਲ ਆਵਾਜ਼ ਉਠਾਈ। ਭਾਈ ਗਜਿੰਦਰ ਸਿੰਘ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਦੇਸ਼ ਤੋਂ ਬਾਹਰ ਜਲਾਵਤਨੀ ਵਿੱਚ ਬਿਤਾਇਆ, ਪਰ ਇਸ ਦੇ ਬਾਵਜੂਦ ਕੌਮ ਦੇ ਹੱਕਾਂ ਲਈ ਆਪਣੀ ਲੇਖਣੀ ਅਤੇ ਸੰਘਰਸ਼ ਰਾਹੀਂ ਆਵਾਜ਼ ਬੁਲੰਦ ਕਰਦੇ ਰਹੇ। ਇਸੇ ਤਰ੍ਹਾਂ ਭਾਈ ਗੁਰਦੇਵ ਸਿੰਘ ਦੇਬੂ ਵੱਲੋਂ ਝੱਲੇ ਗਏ ਅਸਹਿ ਤਸ਼ੱਦਦ ਅਤੇ ਉਨ੍ਹਾਂ ਦੀ ਦ੍ਰਿੜ੍ਹ ਨਿਸ਼ਠਾ ਦਾ ਜ਼ਿਕਰ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਮ ਅਤੇ ਕੌਮ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ।
ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਇਸ ਉਪਰਾਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਦੀ ਤਸਵੀਰ ਕੇਵਲ ਇੱਕ ਵਿਅਕਤੀ ਦੀ ਤਸਵੀਰ ਨਹੀਂ ਹੈ, ਸਗੋਂ ਇਹ ਸਮੁੱਚੇ ਸਿੱਖ ਆਜ਼ਾਦੀ ਸੰਘਰਸ਼ ਅਤੇ ਕੁਰਬਾਨੀਆਂ ਨੂੰ ਦਿੱਤੀ ਗਈ ਇੱਕ ਇਤਿਹਾਸਕ ਮਾਨਤਾ ਹੈ। ਕੰਵਰਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਭਾਈ ਗਜਿੰਦਰ ਸਿੰਘ ਦੀ ਧੀ ਬਿਕਰਮਜੀਤ ਕੌਰ ਨੇ ਇੰਗਲੈਂਡ ਤੋਂ ਸੁਨੇਹਾ ਭੇਜ ਕੇ ਇਸ ਸਨਮਾਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਐੱਸਜੀਪੀਸੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ।
ਕੇਂਦਰੀ ਸਿੱਖ ਅਜਾਇਬ ਘਰ ਵਿੱਚ ਤਸਵੀਰਾਂ ਸੁਸ਼ੋਭਿਤ ਕੀਤੇ ਜਾਣ ਤੋਂ ਬਾਅਦ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਉਨ੍ਹਾਂ ਮਹਾਨ ਸਿੱਖ ਸੂਰਮਿਆਂ ਦੀ ਯਾਦਗਾਰ ਹੈ, ਜਿਨ੍ਹਾਂ ਨੇ ਗੁਰਬਾਣੀ, ਬਾਣੇ ਅਤੇ ਗੁਰੂ ਸਿਧਾਂਤਾਂ ’ਤੇ ਚੱਲਦਿਆਂ ਆਪਣਾ ਜੀਵਨ ਕੌਮ ਲਈ ਸਮਰਪਿਤ ਕੀਤਾ ਅਤੇ ਸ਼ਹਾਦਤਾਂ ਦਿੱਤੀਆਂ। ਜਸਟਿਸ ਕੁਲਦੀਪ ਸਿੰਘ ਦੀਆਂ ਨਿਆਂਇਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਖਾਲੜਾ ਮਾਮਲੇ, ਬੰਦੀ ਸਿੰਘਾਂ ਦੇ ਕੇਸਾਂ ਅਤੇ ਪੁਲਿਸ ਤਸ਼ੱਦਦ ਦੇ ਵਿਰੁੱਧ ਇਨਸਾਫ਼ ਦੀ ਮਿਸਾਲ ਪੇਸ਼ ਕੀਤੀ। ਇਸ ਤੋਂ ਇਲਾਵਾ ਭਾਈ ਗਜਿੰਦਰ ਸਿੰਘ ਦੇ ਸੰਘਰਸ਼ਮਈ ਜੀਵਨ ਅਤੇ ਭਾਈ ਗੁਰਦੇਵ ਸਿੰਘ ਦੇਬੂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਅਜਿਹੇ ਅਨਮੋਲ ਰਤਨਾਂ ਦੀਆਂ ਤਸਵੀਰਾਂ ਅਜਾਇਬ ਘਰ ਵਿੱਚ ਸੁਸ਼ੋਭਿਤ ਕਰਨਾ ਐੱਸਜੀਪੀਸੀ ਦੀ ਜ਼ਿੰਮੇਵਾਰੀ ਹੈ।
ਪੱਤਰਕਾਰਾਂ ਵੱਲੋਂ ਅਜਾਇਬ ਘਰ ਦੇ ਨਵੀਨੀਕਰਨ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਜਾਇਬ ਘਰ ਦੇ ਵਿਸਥਾਰ ਅਤੇ ਆਧੁਨਿਕੀਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਖਾਲੀ ਜਗ੍ਹਾ ਅਤੇ ਪ੍ਰਬੰਧਕੀ ਰਿਹਾਇਸ਼ਾਂ ਦੀ ਉਸਾਰੀ ਦੇ ਕੰਮ ਮੁਕੰਮਲ ਹੋਣ ਤੋਂ ਬਾਅਦ ਜਨਵਰੀ ਤੋਂ ਅਜਾਇਬ ਘਰ ਦੇ ਵਿਸਥਾਰ ਦਾ ਕੰਮ ਨਵੇਂ ਸਿਰੇ ਤੋਂ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਇਸ ਦਾ ਮਕਸਦ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਇਤਿਹਾਸ ਬਾਰੇ ਹੋਰ ਵਧੇਰੇ ਵਿਵਸਥਿਤ ਅਤੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਉਣਾ ਹੈ।

LEAVE A REPLY

Please enter your comment!
Please enter your name here