ਚੋਣਪੰਜਾਬ ਧਾਰੀਵਾਲ ਦੀ ਮੰਡੀ ਦਾ ਦੌਰਾ ਕਰਨ ਪਹੁੰਚੇ ਪ੍ਰਤਾਪ ਬਾਜਵਾ/ ਖਰੀਦ ਪ੍ਰਬੰਧਾਂ ’ਤੇ ਘੇਰੀ ਸਰਕਾਰ/ ਮੁੱਦਾ ਵਿਧਾਨ ਸਭਾ ’ਚ ਚੁੱਕਣ ਦਾ ਐਲਾਨ By admin - October 10, 2026 0 2 Facebook Twitter Pinterest WhatsApp ਵਿਰੋਧੀ ਧਿਰ ਦੇ ਨੇਤਾ ਅਤੇ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਧਾਰੀਵਾਲ ਦੀ ਦਾਣਾ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ, ਰੇਟ, ਨਮੀ ਅਤੇ ਫ਼ਸਲ ’ਤੇ ਲੱਗ ਰਹੀਆਂ ਕਟੌਤੀਆਂ ਸਬੰਧੀ ਜਾਣਕਾਰੀ ਲਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਵਿਕਰੀ ਦੌਰਾਨ 161 ਤੋਂ 250 ਰੁਪਏ ਪ੍ਰਤੀ ਕੁਇੰਟਲ ਤੱਕ ਦਾ ਕੱਟ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਦਾ ਹਿਸਾਬ ਪ੍ਰਤੀ ਏਕੜ ਦੇ ਪੱਧਰ ’ਤੇ ਕੀਤਾ ਜਾਵੇ ਤਾਂ ਕਿਸਾਨ ਨੂੰ ਲਗਭਗ 8 ਤੋਂ 10 ਹਜ਼ਾਰ ਰੁਪਏ ਤੱਕ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਬਾਜਵਾ ਨੇ ਕਿਹਾ ਕਿ ਕਿਸਾਨ ਆਪਣੀ ਫ਼ਸਲ ’ਤੇ ਸਾਲ ਭਰ ਮਿਹਨਤ ਅਤੇ ਵੱਡਾ ਖਰਚਾ ਕਰਦਾ ਹੈ ਪਰ ਮੰਡੀ ਵਿੱਚ ਪਹੁੰਚਣ ਤੋਂ ਬਾਅਦ ਉਸ ਨੂੰ ਆਪਣੀ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ ਦੇ ਮੁਕਾਬਲੇ ਧਾਰੀਵਾਲ ਮੰਡੀ ਵਿੱਚ ਸੁੱਕੇ ਝੋਨੇ ਦਾ ਰੇਟ ਕਰੀਬ 2,200 ਰੁਪਏ ਪ੍ਰਤੀ ਕੁਇੰਟਲ ਦੇ ਆਸ-ਪਾਸ ਲਗਾਇਆ ਜਾ ਰਿਹਾ ਹੈ।ਉਨ੍ਹਾਂ ਨਮੀ ਦੇ ਮੁੱਦੇ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਪਰਮਲ ਦੀ ਨਵੀਂ ਕਿਸਮ ਦਾ ਝਾੜ ਚੰਗਾ ਨਿਕਲਿਆ ਹੈ। ਇਹ ਕਿਸਮ ਘੱਟ ਪਾਣੀ ਦੀ ਖਪਤ ਅਤੇ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀ ਦੱਸੀ ਜਾਂਦੀ ਹੈ। ਇਸ ਦੇ ਬਾਵਜੂਦ ਕਿਸਾਨਾਂ ਦੀ ਫ਼ਸਲ ਵਿੱਚ ਨਮੀ ਦੇ ਨਾਂ ’ਤੇ ਕਥਿਤ ਤੌਰ ’ਤੇ ਵਾਧੂ ਕਟੌਤੀਆਂ ਕੀਤੇ ਜਾਣ ਨੂੰ ਲੈ ਕੇ ਉਨ੍ਹਾਂ ਸਰਕਾਰ ਅਤੇ ਖਰੀਦ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦੀ ਸੀਲਿੰਗ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਤੀ ਕੁਇੰਟਲ ਔਸਤਨ 200 ਰੁਪਏ ਦੀ ਕਟੌਤੀ ਜਾਂ ਕਿਸਾਨਾਂ ਤੋਂ ਵਸੂਲੀ ਹੁੰਦੀ ਹੈ ਤਾਂ ਕੁੱਲ ਮਿਲਾ ਕੇ ਇਹ ਰਕਮ ਲਗਭਗ 3,600 ਕਰੋੜ ਰੁਪਏ ਬਣਦੀ ਹੈ।ਬਾਜਵਾ ਨੇ ਕਿਹਾ ਕਿ ਇਹ ਪੈਸਾ ਕਿਸਾਨਾਂ ਦੀ ਜੇਬ ਵਿੱਚ ਜਾਣ ਦੀ ਬਜਾਏ ਕਥਿਤ ਤੌਰ ’ਤੇ ਭ੍ਰਿਸ਼ਟ ਤੰਤਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਪਾਰੀਆਂ ਦੇ ਹਿੱਸੇ ਜਾ ਰਿਹਾ ਹੈ। ਉਨ੍ਹਾਂ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਤੇ ਵਾਜਬ ਮੁੱਲ ਦਿਵਾਉਣ ਦੀ ਮੰਗ ਕੀਤੀ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਕਿਸਾਨ ਇਸ ਸਮੇਂ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਹੇ ਹਨ।ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਦੇਖਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ, ਕਿਸਾਨਾਂ ਅਤੇ ਸਿਆਸੀ ਆਗੂਆਂ ਨੂੰ ਅਪੀਲ ਕੀਤੀ ਕਿ ਇਹ ਵੋਟਾਂ ਮੰਗਣ ਦਾ ਸਮਾਂ ਨਹੀਂ, ਸਗੋਂ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਖੜ੍ਹਨ ਅਤੇ ਕਥਿਤ ਲੁੱਟ ਨੂੰ ਰੋਕਣ ਦਾ ਸਮਾਂ ਹੈ।ਬਾਜਵਾ ਨੇ ਕਿਹਾ ਕਿ ਉਹ ਪੰਜਾਬ ਦੀਆਂ ਪ੍ਰਮੁੱਖ ਮੰਡੀਆਂ ਦਾ ਦੌਰਾ ਕਰਕੇ ਜ਼ਮੀਨੀ ਹਕੀਕਤ ਨੂੰ ਸਮਝ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਦੀਆਂ, ਧਾਰੀਵਾਲ, ਕਾਹਨੂੰਵਾਨ ਅਤੇ ਭੈਣੀ ਮੀਆਂ ਖਾਂ ਸਮੇਤ ਚਾਰ ਵੱਡੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ 22 ਤਾਰੀਖ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ, ਕਟੌਤੀਆਂ ਅਤੇ ਖਰੀਦ ਪ੍ਰਬੰਧਾਂ ਵਿੱਚ ਬੇਨਿਯਮੀਆਂ ਦਾ ਮੁੱਦਾ ਪੂਰੇ ਜ਼ੋਰ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਮਿਹਨਤ ਦੀ ਕਮਾਈ ’ਤੇ ਕਿਸੇ ਵੀ ਤਰ੍ਹਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਜਵਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ, ਕਿਸਾਨਾਂ ਨੂੰ ਨਿਰਧਾਰਤ ਮੁੱਲ ਯਕੀਨੀ ਬਣਾਇਆ ਜਾਵੇ ਅਤੇ ਕਥਿਤ ਗੈਰ-ਕਾਨੂੰਨੀ ਕਟੌਤੀਆਂ ’ਤੇ ਤੁਰੰਤ ਰੋਕ ਲਗਾਈ ਜਾਵੇ।