ਮੋਗਾ ਪੁਲਿਸ ਵੱਲੋਂ ਵਿਸ਼ੇਸ਼ ਤਲਾਸੀ ਮੁਹਿੰਮ/ ਨਸ਼ਿਆਂ ਲਈ ਬਦਨਾਮ ਥਾਵਾਂ ਦੀ ਕੀਤੀ ਜਾਂਚ/ 300 ਤੋਂ ਵੱਧ ਪੁਲਿਸ ਮੁਲਾਜ਼ਮ ਕੀਤੇ ਤੈਨਾਤ

0
1

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਤਿੰਨ ਹੌਟਸਪੌਟਸ ’ਤੇ 300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਫਰੀਦਕੋਟ ਰੇਂਜ ਦੀ ਆਈਜੀ ਨਿਲੰਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਮਾਰਚ 2025 ਤੋਂ ਹੁਣ ਤੱਕ ਰੇਂਜ ਦੇ ਮੋਗਾ, ਮੁਕਤਸਰ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ 10,694 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ 6,764 ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ 260 ਕਿਲੋ ਹੈਰੋਇਨ, 171 ਕਿਲੋ ਅਫ਼ੀਮ ਅਤੇ ਇੱਕ ਲੱਖ 41 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਆਈਜੀ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਨਸ਼ਾ ਤਸਕਰੀ ਰੋਕਣ ਦੇ ਨਾਲ-ਨਾਲ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਨਾ ਵੀ ਹੈ।
ਆਈਜੀ ਨਿਲੰਬਰੀ ਜਗਦਲੇ ਵਿਜੇ ਨੇ ਮੋਗਾ ਵਿੱਚ ਵਿਸ਼ੇਸ਼ ਸਰਚ ਆਪ੍ਰੇਸ਼ਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਸਪਲਾਈ ਅਤੇ ਵਰਤੋਂ ਨਾਲ ਜੁੜੇ ਹੌਟਸਪੌਟਸ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ। ਅੱਜ ਦੇ ਆਪ੍ਰੇਸ਼ਨ ਦੌਰਾਨ ਮੋਗਾ ਦੇ ਤਿੰਨ ਹੌਟਸਪੌਟਸ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਸਰਤਾਜ ਸਿੰਘ ਚਾਹਲ ਅਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਪੁਲਿਸ ਟੀਮਾਂ ਨੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਅਤੇ ਵੱਖ-ਵੱਖ ਥਾਵਾਂ ਤੋਂ ਬਰਾਮਦਗੀਆਂ ਕੀਤੀਆਂ।
ਆਈਜੀ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਫਰੀਦਕੋਟ ਰੇਂਜ ਵਿੱਚ ਨਸ਼ਾ ਸਪਲਾਈ ਅਤੇ ਤਸਕਰੀ ਨਾਲ ਜੁੜੇ 10,694 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਖ਼ਿਲਾਫ਼ ਕੁੱਲ 6,764 ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 260 ਕਿਲੋ ਹੈਰੋਇਨ, 171 ਕਿਲੋ ਅਫ਼ੀਮ ਅਤੇ ਇੱਕ ਲੱਖ 41 ਹਜ਼ਾਰ ਤੋਂ ਵੱਧ ਫਾਰਮਾਸਿਊਟੀਕਲ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਡੇ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ 71 ਵੱਡੇ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਕਰਨ ਵਾਲੇ 768 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਸਾਢੇ ਚਾਰ ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਆਈਜੀ ਨਿਲੰਬਰੀ ਜਗਦਲੇ ਵਿਜੇ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਲੋਕਾਂ ਤੋਂ ਮਿਲਣ ਵਾਲੀਆਂ ਸੂਚਨਾਵਾਂ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਰਾਹੀਂ 4,700 ਤੋਂ ਵੱਧ ਸੂਚਨਾਵਾਂ ਪ੍ਰਾਪਤ ਹੋਈਆਂ। ਇਨ੍ਹਾਂ ਦੇ ਆਧਾਰ ’ਤੇ 1,521 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ 2,040 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਤੋਂ ਲਗਭਗ 2,400 ਸੂਚਨਾਵਾਂ ਮਿਲੀਆਂ। ਇਨ੍ਹਾਂ ਸੂਚਨਾਵਾਂ ਦੇ ਆਧਾਰ ’ਤੇ 494 ਐਫਆਈਆਰ ਦਰਜ ਕਰਕੇ 719 ਨਸ਼ਾ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਆਈਜੀ ਨੇ ਦੱਸਿਆ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਕਮਾਈ ਗਈ ਰਕਮ ਨਾਲ ਬਣਾਈਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਸਿਵਲ ਪ੍ਰਸ਼ਾਸਨ ਵੱਲੋਂ ਹੁਣ ਤੱਕ 29 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਢਾਹੀਆਂ ਗਈਆਂ ਹਨ, ਜਿਸ ਦੌਰਾਨ ਪੁਲਿਸ ਨੇ ਲੋੜੀਂਦੀ ਸਹਾਇਤਾ ਦਿੱਤੀ। ਉਨ੍ਹਾਂ ਅਨੁਸਾਰ, ਐਨਡੀਪੀਐਸ ਐਕਟ ਤਹਿਤ ਮੋਗਾ ਜ਼ਿਲ੍ਹੇ ਵਿੱਚ ਲਗਭਗ 7 ਕਰੋੜ ਰੁਪਏ ਦੀਆਂ ਜਾਇਦਾਦਾਂ ਅਟੈਚ ਕਰਨ ਦੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪੂਰੀ ਫਰੀਦਕੋਟ ਰੇਂਜ ਵਿੱਚ ਲਗਭਗ 32 ਕਰੋੜ ਰੁਪਏ ਦੀਆਂ ਜਾਇਦਾਦਾਂ ਨਾਲ ਸਬੰਧਤ ਮਾਮਲੇ ਸਮਰੱਥ ਅਥਾਰਟੀ ਕੋਲ ਪ੍ਰਕਿਰਿਆ ਅਧੀਨ ਹਨ।
ਆਈਜੀ ਨੇ ਦੱਸਿਆ ਕਿ 1,243 ਮਾਮਲਿਆਂ ਵਿੱਚ ਅਦਾਲਤਾਂ ਤੋਂ ਲੋੜੀਂਦੇ ਹੁਕਮ ਪ੍ਰਾਪਤ ਕਰਨ ਤੋਂ ਬਾਅਦ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ। ਨਸ਼ਟ ਕੀਤੇ ਗਏ ਪਦਾਰਥਾਂ ਵਿੱਚ 91 ਕਿਲੋ ਹੈਰੋਇਨ, 13,000 ਕਿਲੋ ਤੋਂ ਵੱਧ ਭੁੱਕੀ ਅਤੇ ਪੰਜ ਲੱਖ ਤੋਂ ਵੱਧ ਫਾਰਮਾਸਿਊਟੀਕਲ ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਆਈਜੀ ਨਿਲੰਬਰੀ ਜਗਦਲੇ ਵਿਜੇ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ, ਉਨ੍ਹਾਂ ਦਾ ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਵਿੱਚ ਮਦਦ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਮਿਲ ਕੇ ਕੰਮ ਕਰਦੇ ਰਹਿਣਗੇ।

LEAVE A REPLY

Please enter your comment!
Please enter your name here