ਵਿਧਾਇਕ ਗਿਆਸਪੁਰਾ ਨੂੰ ਸਕੱਤਰੇਤ ਜਾਣੋ ਰੋਕਣ ਦਾ ਮਾਮਲਾ/ ਜਥੇਦਾਰ ਦੇ ਪੀਏ ਨੇ ਦਿੱਤਾ ਸਪੱਸ਼ਟੀਕਰਨ/ ਜਾਤੀ ਨਹੀਂ, ਇਤਰਾਜ਼ਯੋਗ ਬਿਆਨਾਂ ਕਾਰਨ ਰੋਕਣ ਦਾ ਦਾਅਵਾ

0
2

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅੰਦਰ ਜਾਣ ਤੋਂ ਰੋਕੇ ਜਾਣ ਦਾ ਮਾਮਲਾ ਭਖ ਗਿਆ ਹੈ। ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪੀਏ ਜਸਕਰਨ ਸਿੰਘ ਨੇ ਸਪੱਸ਼ਟਕਰਨ ਦਿੰਦਿਆਂ ਕਿਹਾ ਕਿ ਗਿਆਸਪੁਰਾ ਨੂੰ ਜਾਤੀ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਕਾਰਨ ਰੋਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜਥੇਦਾਰ ਸਾਹਿਬ ਦੇ ਆਦੇਸ਼ ’ਤੇ ਲਿਆ ਗਿਆ ਹੈ। ਜਸਕਰਨ ਸਿੰਘ ਨੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਨਕਾਰਦਿਆਂ ਕਿਹਾ ਕਿ ਸਕੱਤਰੇਤ ਵਿਖੇ ਕਿਸੇ ਨਾਲ ਵੀ ਧਰਮ, ਜਾਤ ਜਾਂ ਪਿਛੋਕੜ ਦੇ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਂਦਾ।

ਉਨ੍ਹਾਂ ਨੇ ਇਸ ਦਾਅਵੇ ਨੂੰ ਵੀ ਨਕਾਰਿਆ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਦੀ ਜਾਤੀ ਕਾਰਨ ਅੰਦਰ ਜਾਣ ਤੋਂ ਰੋਕਿਆ ਗਿਆ ਸੀ। ਜਸਕਰਨ ਸਿੰਘ ਨੇ ਦੱਸਿਆ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਬੀਤੇ ਸਮੇਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਤਿਕਾਰਤ ਸਿੱਖ ਸ਼ਖ਼ਸੀਅਤਾਂ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਸੀ। ਉਨ੍ਹਾਂ ਮੁਤਾਬਕ ਇਸੇ ਕਾਰਨ ਗਿਆਸਪੁਰਾ ਨੂੰ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਫ਼ੈਸਲਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ 29 ਜੂਨ ਨੂੰ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਮਦ ਦੌਰਾਨ ਬੇਅਦਬੀ ਨਾਲ ਸਬੰਧਤ ਕਾਨੂੰਨ ਦੇ ਮਸਲੇ ’ਤੇ ਵਿਚਾਰ-ਵਟਾਂਦਰਾ ਹੋਇਆ ਸੀ। ਜਸਕਰਨ ਸਿੰਘ ਦੇ ਦਾਅਵੇ ਅਨੁਸਾਰ, ਉਸ ਸਮੇਂ ਵਿਧਾਇਕਾਂ ਨੇ ਕਾਨੂੰਨ ਵਿੱਚ ਖ਼ਾਮੀਆਂ ਦੂਰ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਇਤਰਾਜ਼ਾਂ ਨੂੰ ਦੂਰ ਕਰਨ ਦੀ ਗੱਲ ਕਹੀ ਸੀ। ਪਰ ਬਾਅਦ ਵਿੱਚ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਮੀਡੀਆ ਵਿੱਚ ਦਿੱਤੇ ਗਏ ਬਿਆਨਾਂ ਨੂੰ ਜਸਕਰਨ ਸਿੰਘ ਨੇ ਇਤਰਾਜ਼ਯੋਗ ਕਰਾਰ ਦਿੱਤਾ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਜਾਤੀ ਦੇ ਆਧਾਰ ’ਤੇ ਰੋਕੇ ਜਾਣ ਦੇ ਦੋਸ਼ਾਂ ਬਾਰੇ ਜਸਕਰਨ ਸਿੰਘ ਨੇ ਕਿਹਾ ਕਿ ਉਸੇ ਭਾਈਚਾਰੇ ਨਾਲ ਸਬੰਧਤ ਦੋ ਹੋਰ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਵਿਧਾਇਕਾਂ ਦੇ ਵਫ਼ਦ ਨਾਲ ਆਏ ਸਨ ਅਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਅੰਦਰ ਬਿਠਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਜਾਤੀ ਦੇ ਆਧਾਰ ’ਤੇ ਕਿਸੇ ਨੂੰ ਰੋਕਣ ਦੀ ਨੀਤੀ ਹੁੰਦੀ ਤਾਂ ਦੂਜੇ ਵਿਧਾਇਕਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਂਦੀ। ਜਸਕਰਨ ਸਿੰਘ ਨੇ ਦਾਅਵਾ ਕੀਤਾ ਕਿ ਵਫ਼ਦ ਨਾਲ ਆਏ ਵਿਧਾਇਕਾਂ ਦੀ ਗੱਲ ਸੁਣੀ ਗਈ, ਉਨ੍ਹਾਂ ਨੂੰ ਚਾਹ ਪਿਲਾਈ ਗਈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ।

ਜਸਕਰਨ ਸਿੰਘ ਨੇ ਦੱਸਿਆ ਕਿ ਵਿਧਾਇਕਾਂ ਦੇ ਆਉਣ ਸਬੰਧੀ ਪਹਿਲਾਂ ਤੋਂ ਕੋਈ ਅਧਿਕਾਰਤ ਸੂਚੀ ਜਾਂ ਸਮਾਂ ਨਹੀਂ ਮਿਲਿਆ ਸੀ। ਉਨ੍ਹਾਂ ਮੁਤਾਬਕ, ਸਵੇਰੇ ਡੀਪੀਆਰਓ ਇੰਦਰਜੀਤ ਸਿੰਘ ਹਰਪੁਰਾ ਦਾ ਫ਼ੋਨ ਆਇਆ ਸੀ ਕਿ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਵਿਧਾਇਕਾਂ ਦਾ ਏਜੰਡਾ ਸਪੱਸ਼ਟ ਨਹੀਂ ਸੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਉਹ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਮੰਗ ਪੱਤਰ ਦੇਣ ਆ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਆਉਣ ਲਈ ਸਹਿਮਤੀ ਦਿੱਤੀ ਗਈ। ਜਸਕਰਨ ਸਿੰਘ ਮੁਤਾਬਕ, ਜਦੋਂ ਵਿਧਾਇਕ ਦਰਬਾਰ ਸਾਹਿਬ ਕੰਪਲੈਕਸ ਵਿੱਚ ਪਹੁੰਚੇ ਤਾਂ ਮੌਕੇ ’ਤੇ ਹੀ ਪਤਾ ਲੱਗਾ ਕਿ ਵਫ਼ਦ ਵਿੱਚ ਕੌਣ-ਕੌਣ ਸ਼ਾਮਲ ਹੈ ਅਤੇ ਇਸੇ ਦੌਰਾਨ ਗਿਆਸਪੁਰਾ ਨੂੰ ਰੋਕਣ ਦਾ ਫ਼ੈਸਲਾ ਲਾਗੂ ਕੀਤਾ ਗਿਆ।

ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਨਾਅਰੇਬਾਜ਼ੀ ਦੇ ਮਾਮਲੇ ’ਤੇ ਜਸਕਰਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਆਪਣੀ ਮਰਿਆਦਾ ਹੁੰਦੀ ਹੈ, ਜਿਸ ਦੀ ਪਾਲਣਾ ਕਰਨੀ ਸਾਰਿਆਂ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਦਰਵਾਜ਼ੇ ਹਰ ਧਰਮ ਅਤੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੇ ਹਨ। ਕੋਈ ਵੀ ਵਿਅਕਤੀ ਮੱਥਾ ਟੇਕਣ, ਲੰਗਰ ਛਕਣ ਜਾਂ ਸ਼ਰਨ ਲੈਣ ਲਈ ਆ ਸਕਦਾ ਹੈ, ਪਰ ਗੁਰਦੁਆਰਾ ਸਾਹਿਬ ਦੇ ਅੰਦਰ ਸਿਆਸੀ ਸਰਗਰਮੀਆਂ ਜਾਂ ਨਾਅਰੇਬਾਜ਼ੀ ਕਰਨਾ ਮਰਿਆਦਾ ਦੇ ਉਲਟ ਹੈ।

LEAVE A REPLY

Please enter your comment!
Please enter your name here