ਰੋਪੜ ’ਚ ਪਰਮਿੰਦਰ ਝੋਟਾ ਦੀ ਯਾਦ ’ਚ ਕੈਂਡਲ ਮਾਰਚ/ ਅਕਾਲੀ ਆਗੂਆਂ ਤੇ ਜਥੇਬੰਦੀਆਂ ਨੇ ਕੀਤੀ ਸ਼ਿਰਕਤ/ ਡਾ. ਦਲਜੀਤ ਚੀਮਾ ਵੱਲੋਂ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ

0
4

ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸੇ ਮਾਮਲੇ ਨੂੰ ਲੈ ਕੇ ਅੱਜ ਰੋਪੜ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ. ਚੀਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਥਿਤੀ ਬੇਕਾਬੂ ਹੋ ਚੁੱਕੀ ਹੈ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਪਹਿਲਾਂ ਨਾਮਜ਼ਦ ਰਹੇ ਵਿਅਕਤੀ ਨੂੰ ਮੁੜ ਮੈਡੀਕਲ ਅਤੇ ਹਥਿਆਰਾਂ ਦਾ ਲਾਇਸੈਂਸ ਕਿਵੇਂ ਮਿਲਿਆ? ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੇ ਮਾਪੇ ਆਪਣੀ ਅਗਲੀ ਪੀੜ੍ਹੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਪੰਜਾਬ ਵਿੱਚ ਅਜਿਹੇ ਹਾਲਾਤ ਪੈਦਾ ਹੋ ਜਾਣਗੇ। ਅੱਜ ਹਰ ਮਾਂ-ਬਾਪ ਚਿੰਤਤ ਹੈ ਕਿ ਉਹ ਆਪਣੀ ਅਗਲੀ ਪੀੜ੍ਹੀ ਨੂੰ ਇਨ੍ਹਾਂ ਹਾਲਾਤਾਂ ਤੋਂ ਕਿਵੇਂ ਬਚਾਉਣਗੇ। ਡਾ. ਚੀਮਾ ਨੇ ਕਿਹਾ ਕਿ ਅੱਜ ਮਾਨਸਾ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਸਭ ਦੇ ਸਾਹਮਣੇ ਹੈ। ਇਹ ਉਹੀ ਸਰਕਾਰ ਹੈ, ਜੋ ਕਹਿੰਦੀ ਸੀ ਕਿ ਨਸ਼ਾ ਤਸਕਰਾਂ ਦੇ ਘਰਾਂ ਤੱਕ ਜਾ ਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਵਾਲ ਉਠਾਇਆ ਕਿ ਜਿਸ ਵਿਅਕਤੀ ਵਿਰੁੱਧ ਪਹਿਲਾਂ ਨਸ਼ਾ ਵੇਚਣ ਦੇ ਚਾਰ ਮਾਮਲੇ ਦਰਜ ਸਨ, ਉਸ ਨੂੰ ਮੁੜ ਦਵਾਈਆਂ ਦਾ ਮੈਡੀਕਲ ਲਾਇਸੈਂਸ ਕਿਵੇਂ ਮਿਲ ਗਿਆ ਅਤੇ ਉਸ ਨੂੰ ਹਥਿਆਰਾਂ ਦਾ ਲਾਇਸੈਂਸ ਕਿਵੇਂ ਜਾਰੀ ਹੋ ਗਿਆ?
ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ, ਪਰ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਹੁੰਦੀ ਤਾਂ ਅਜਿਹੇ ਹਾਲਾਤ ਪੈਦਾ ਹੀ ਨਾ ਹੁੰਦੇ ਅਤੇ ਇਸ ਘਟਨਾ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜੋ ਸ਼ਾਂਤੀਪੂਰਨ ਹੋਵੇਗਾ। ਪਰਮਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਪੰਜਾਬੀਆਂ ਨੂੰ ਕੀਤੀ ਗਈ ਅਪੀਲ ਦਾ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਕਰਦਾ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਕੀਤੀ ਗਈ ਮੰਗ ਦਾ ਵੀ ਅਕਾਲੀ ਦਲ ਸਮਰਥਨ ਕਰਦਾ ਹੈ, ਕਿਉਂਕਿ ਮੌਜੂਦਾ ਸਰਕਾਰ ਤੋਂ ਨਿਰਪੱਖ ਜਾਂਚ ਦੀ ਉਮੀਦ ਕਰਨੀ ਮੁਸ਼ਕਲ ਹੈ।
ਡਾ. ਚੀਮਾ ਨੇ ਕਿਹਾ ਕਿ ਸਰਕਾਰ ਦੇ ਵਿੱਤ ਮੰਤਰੀ ਲੋਕਾਂ ਦੀ ਚਿੰਤਾ ਵਧਾਉਣ ਦੀ ਬਜਾਏ ਇਸ ਮਾਮਲੇ ਨੂੰ ਆਪਸੀ ਰੰਜਿਸ਼ ਦਾ ਨਾਮ ਦੇ ਰਹੇ ਹਨ। ਇਸ ਤੋਂ ਵੱਧ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ? ਉਨ੍ਹਾਂ ਮੰਗ ਕੀਤੀ ਕਿ ਸੀਬੀਆਈ ਇਸ ਮਾਮਲੇ ਦੀ ਜਾਂਚ ਕਰੇ ਕਿ ਇਸ ਪਿੱਛੇ ਕੀ ਸਾਜ਼ਿਸ਼ ਸੀ ਅਤੇ ਕਿਸ ਦਾ ਫ਼ੋਨ ਆਉਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਗੋਲੀਆਂ ਚਲਾਈਆਂ ਗਈਆਂ। ਇਸ ਗੋਲੀਬਾਰੀ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਨਾਲ ਉਨ੍ਹਾਂ ਦੇ ਸਾਥੀ ਵੀ ਜ਼ਖ਼ਮੀ ਹੋਏ ਸਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਜਾਨ ਚਲੀ ਗਈ ਹੈ, ਪਰ ਹੁਣ ਸਵਾਲ ਇਹ ਹੈ ਕਿ ਇਸ ਘਟਨਾ ਲਈ ਆਖ਼ਰ ਜ਼ਿੰਮੇਵਾਰ ਕੌਣ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕੀ ਕਾਰਵਾਈ ਕਰਦੀ ਹੈ?

LEAVE A REPLY

Please enter your comment!
Please enter your name here