ਮੋਗਾ ਪ੍ਰਸ਼ਾਸਨ ਦਾ ਪਰਾਲੀ ਨੂੰ ਲੈ ਕੇ ਵੱਡਾ ਕਦਮ/ ਜ਼ਿਲ੍ਹੇ ਨੂੰ ਜ਼ੀਰੋ ਪਰਾਲੀ ਸਾੜਨ ਵਾਲੇ ਕੇਸਾਂ ਦਾ ਟੀਚਾ/ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼

0
1

ਮੋਗਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਲਿਆਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਪਰਾਲੀ ਦਾ ਸਹੀ ਨਿਪਟਾਰਾ ਕੀਤਾ ਜਾ ਸਕੇ। ਵਿਭਾਗ ਨੇ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਕਰਨ ਦਾ ਟੀਚਾ ਮਿੱਥਿਆ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ਡਾ. ਸੁਖਰਾਜ ਕੌਰ ਦਿਉਲ ਨੇ ਦੱਸਿਆ ਕਿ ਪਿਛਲੇ ਪੰਜ-ਛੇ ਸਾਲਾਂ ਤੋਂ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਬਸਿਡੀ ’ਤੇ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮੋਗਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ 332 ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਦੀ ਪਛਾਣ ਸੈਟੇਲਾਈਟ ਰਾਹੀਂ ਵੀ ਕੀਤੀ ਜਾਂਦੀ ਹੈ।
ਡਾ. ਦਿਉਲ ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੇ ਸਾਧਨ ਮੁਹੱਈਆ ਕਰਵਾਉਣ ਵਾਸਤੇ ਸਰਕਾਰ ਵੱਲੋਂ ਸਬਸਿਡੀ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ਦੀ ਖਰੀਦ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਾਲ ਹੁਣ ਤੱਕ ਵਿਅਕਤੀਗਤ ਕਿਸਾਨਾਂ ਨੂੰ 870 ਮਸ਼ੀਨਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ, ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਅਤੇ ਗ੍ਰਾਮ ਪੰਚਾਇਤਾਂ ਵਰਗੇ ਕਸਟਮ ਹਾਇਰਿੰਗ ਸੈਂਟਰਾਂ ਨੂੰ 362 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਹਰ ਕਿਸਾਨ ਲਈ ਆਪਣੇ ਖੇਤਾਂ ਵਾਸਤੇ ਵੱਖਰੀ ਮਸ਼ੀਨ ਖਰੀਦਣਾ ਜ਼ਰੂਰੀ ਨਹੀਂ ਹੈ। ਕਿਸਾਨ ਸਹਿਕਾਰੀ ਸਭਾਵਾਂ ਤੋਂ ਮਸ਼ੀਨਾਂ ਕਿਰਾਏ ’ਤੇ ਲੈ ਕੇ ਵੀ ਪਰਾਲੀ ਦਾ ਪ੍ਰਬੰਧਨ ਕਰ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਸੰਪਰਕ ਕਰਕੇ ਲੋੜੀਂਦੀ ਮਸ਼ੀਨ ਦੀ ਬੁਕਿੰਗ ਕਰਵਾਉਣ। ਇਸ ਦੇ ਨਾਲ ਹੀ ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨਾਂ ਹਨ, ਉਹ ਆਪਣੇ ਗੁਆਂਢੀ ਕਿਸਾਨਾਂ ਦੀ ਮਦਦ ਕਰਨ, ਤਾਂ ਜੋ ਕਿਸੇ ਨੂੰ ਵੀ ਸਾਧਨਾਂ ਦੀ ਘਾਟ ਕਾਰਨ ਪਰਾਲੀ ਸਾੜਨ ਲਈ ਮਜਬੂਰ ਨਾ ਹੋਣਾ ਪਵੇ।
ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਇਸ ਸਾਲ ਵਿਭਾਗ ਨੂੰ 221 ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਉਣ ਦਾ ਟੀਚਾ ਮਿਲਿਆ ਸੀ, ਜਿਸ ਦੇ ਮੁਕਾਬਲੇ ਹੁਣ ਤੱਕ 2021 ਕੈਂਪ ਲਗਾਏ ਜਾ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਬਲਾਕ ਪੱਧਰ ’ਤੇ ਵੀ 10 ਕੈਂਪ ਲਗਾਏ ਗਏ ਹਨ ਅਤੇ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਵਿਭਾਗ ਵੱਲੋਂ ਹੋਰ ਫ਼ਸਲਾਂ ਸਬੰਧੀ ਲਗਾਏ ਜਾਂਦੇ ਕੈਂਪਾਂ ਵਿੱਚ ਵੀ ਪਰਾਲੀ ਪ੍ਰਬੰਧਨ ਦੇ ਵਿਸ਼ੇ ਨੂੰ ਸ਼ਾਮਲ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹਾ ਪੱਧਰ ’ਤੇ ਲਗਾਏ ਗਏ ਇੱਕ ਕੈਂਪ ਵਿੱਚ ਲਗਭਗ 800 ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪਿੰਡਾਂ ਦੇ ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਪੇਂਟਿੰਗਾਂ ਅਤੇ ਜਾਗਰੂਕਤਾ ਸੰਦੇਸ਼ਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਸਮਝਾਏ ਜਾ ਰਹੇ ਹਨ। ਸਕੂਲਾਂ ਵਿੱਚ ਵੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਆਪਣੇ ਮਾਪਿਆਂ ਨੂੰ ਵੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਸਕਣ।
ਡਾ. ਦਿਉਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਧੂੰਆਂ ਵੱਡੀ ਮਾਤਰਾ ਵਿੱਚ ਪੈਦਾ ਹੁੰਦਾ ਹੈ, ਜਿਸ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਕਾਰਨ ਮਿੱਟੀ ਦਾ ਤਾਪਮਾਨ ਵਧ ਜਾਂਦਾ ਹੈ, ਜਿਸ ਨਾਲ ਮਿੱਟੀ ਵਿੱਚ ਮੌਜੂਦ ਸੂਖਮ ਜੀਵਾਂ ਅਤੇ ਹੋਰ ਲਾਹੇਵੰਦ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ। ਮਿੱਟੀ ਵਿੱਚ ਮੌਜੂਦ ਜੈਵਿਕ ਪਦਾਰਥ ਅਤੇ ਪੌਸ਼ਟਿਕ ਤੱਤਾਂ ’ਤੇ ਵੀ ਇਸ ਦਾ ਮਾੜਾ ਅਸਰ ਪੈਂਦਾ ਹੈ। ਖੇਤਾਂ ਵਿੱਚ ਅੱਗ ਲੱਗਣ ਕਾਰਨ ਪੰਛੀਆਂ ਅਤੇ ਹੋਰ ਜੀਵ-ਜੰਤੂਆਂ ਦਾ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵਧੀ ਹੈ, ਪਰ ਕੁਝ ਕਿਸਾਨ ਅਜੇ ਵੀ ਸਾਧਨਾਂ ਦੀ ਘਾਟ ਜਾਂ ਸਮੇਂ ਦੀ ਕਮੀ ਦਾ ਹਵਾਲਾ ਦੇ ਕੇ ਪਰਾਲੀ ਨੂੰ ਅੱਗ ਲਗਾਉਂਦੇ ਹਨ। ਅਜਿਹੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਲੈਣ ਅਤੇ ਸਹਿਕਾਰੀ ਸਭਾਵਾਂ ਜਾਂ ਨੇੜਲੇ ਕਿਸਾਨਾਂ ਨਾਲ ਸੰਪਰਕ ਕਰਨ।

LEAVE A REPLY

Please enter your comment!
Please enter your name here