ਸ਼ਹਿਰਾਂਅੰਮ੍ਰਿਤਸਰਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ/ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਕੀਤਾ ਗ੍ਰਿਫ਼ਤਾਰ By admin - October 17, 2026 0 2 Facebook Twitter Pinterest WhatsApp ਪੰਜਾਬ ਸਰਕਾਰ ਦੀ ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐੱਸਐੱਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੰਬੇ ਸਮੇਂ ਤੋਂ ਲੋੜੀਂਦੇ ਗੈਂਗਸਟਰਾਂ ਦੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਐੱਸਪੀ ਚਾਹਲ ਨੇ ਦੱਸਿਆ ਕਿ ਹਾਲ ਹੀ ਵਿੱਚ ਵਾਪਰੀਆਂ ਅਪਰਾਧਿਕ ਘਟਨਾਵਾਂ, ਜਿਨ੍ਹਾਂ ਵਿੱਚ ਏਐੱਸਆਈ ਉੱਤੇ ਹਮਲਾ ਕਰਨ ਅਤੇ ਪੰਡੋਰੀ ਵੜੈਚ ਵਿੱਚ ਪੈਟਰੋਲ ਬੰਬ ਸੁੱਟਣ ਦੀ ਘਟਨਾ ਸ਼ਾਮਲ ਹੈ, ਦੇ ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਦਿਸ਼ਾ-ਨਿਰਦੇਸ਼ ਦੇਣ ਵਾਲੇ ਮੁੱਖ ਹੈਂਡਲਰ ਗੁਰਵਿੰਦਰ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਗੁਰਵਿੰਦਰ ਯੂਰਪ ਵਿੱਚ ਬੈਠੇ ਗੈਂਗਸਟਰ ਬਾਦਲਪ੍ਰੀਤ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਇਸ਼ਾਰਿਆਂ ’ਤੇ ਸਥਾਨਕ ਪੱਧਰ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ 23 ਸਾਲਾ ਮੁਲਜ਼ਮ ਗੁਰਵਿੰਦਰ ਘੱਟ ਉਮਰ ਦੇ ਨੌਜਵਾਨਾਂ ਅਤੇ ਨਾਬਾਲਗਾਂ ਨੂੰ ਕਥਿਤ ਤੌਰ ’ਤੇ ਗੁਮਰਾਹ ਕਰਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਰਦਾ ਸੀ। ਉਹ ਸੋਸ਼ਲ ਮੀਡੀਆ, ਖ਼ਾਸ ਕਰਕੇ ਇੰਸਟਾਗ੍ਰਾਮ ਅਤੇ ਨਿੱਜੀ ਸੰਪਰਕਾਂ ਰਾਹੀਂ ਨੌਜਵਾਨਾਂ ਨੂੰ 15 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦੇਣ ਦਾ ਲਾਲਚ ਦੇ ਕੇ ਅਪਰਾਧਾਂ ਵੱਲ ਧੱਕਦਾ ਸੀ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਇਹ ਪਿਸਤੌਲ ਉਸ ਨੇ ਹੋਰ ਮੁਲਜ਼ਮਾਂ ਨੂੰ ਮੁਹੱਈਆ ਕਰਵਾਇਆ ਸੀ। ਐੱਸਐੱਸਪੀ ਚਾਹਲ ਨੇ ਕਿਹਾ ਕਿ ਇਸ ਗ੍ਰਿਫ਼ਤਾਰੀ ਨਾਲ ਕਈ ਸੰਭਾਵਿਤ ਅਪਰਾਧਿਕ ਵਾਰਦਾਤਾਂ ਅਤੇ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕਰਨ ਵਿੱਚ ਮਦਦ ਮਿਲੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਇੱਕ ਹੋਰ ਅਹਿਮ ਮਾਮਲੇ ਦਾ ਖ਼ੁਲਾਸਾ ਕਰਦਿਆਂ ਐੱਸਐੱਸਪੀ ਚਾਹਲ ਨੇ ਦੱਸਿਆ ਕਿ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੀ ਪੁਲਿਸ ਅਤੇ ਬੀਐੱਸਐੱਫ ਵੱਲੋਂ ਸਾਂਝੀ ਕਾਰਵਾਈ ਕੀਤੀ ਗਈ। ਇਸ ਦੌਰਾਨ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 327 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ਅਫ਼ੀਮ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਸਫ਼ਲਤਾ ਐੱਸਪੀ (ਡੀ), ਐੱਸਪੀ (ਆਪ੍ਰੇਸ਼ਨਜ਼), ਡੀਐੱਸਪੀ ਰਾਜਾਸਾਂਸੀ ਅਤੇ ਸੀਆਈਏ ਦੀਆਂ ਤਕਨੀਕੀ ਟੀਮਾਂ ਦੀ ਮਦਦ ਨਾਲ ਹਾਸਲ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਮੋਬਾਈਲ ਨੰਬਰਾਂ, ਸੋਸ਼ਲ ਮੀਡੀਆ ਖਾਤਿਆਂ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਗੈਂਗਸਟਰਾਂ ਦੇ ਨੈੱਟਵਰਕ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।