ਪੰਜਾਬ ਗੁਰਦਾਸਪੁਰ ’ਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ/ ਮਹਿਲਾ ਅਧਿਆਪਕਾਵਾਂ ਨਾਲ ਬਦਸਲੂਕੀ ਦੇ ਦੋਸ਼/ ਇਨਸਾਫ਼ ਨਾ ਮਿਲਿਆ ਤਾਂ ਤੇਜ਼ ਹੋਵੇਗਾ ਸੰਘਰਸ਼ By admin - October 17, 2026 0 2 Facebook Twitter Pinterest WhatsApp ਗੁਰਦਾਸਪੁਰ ਵਿੱਚ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਬੀ.ਪੀ.ਓ. ਭੋਲਾ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਫਰੰਟ ਦੀਆਂ ਮਹਿਲਾ ਆਗੂਆਂ ਨੇ ਪੰਜਾਬ ਦੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਸੌਂਪ ਕੇ ਦੋਸ਼ ਲਗਾਇਆ ਕਿ ਸਬੰਧਤ ਅਧਿਕਾਰੀ ਵੱਲੋਂ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਬਦਸਲੂਕੀ ਕੀਤੀ ਜਾਂਦੀ ਹੈ। ਮਹਿਲਾ ਅਧਿਆਪਕਾ ਕਮਲਪ੍ਰੀਤ ਕੌਰ ਨੇ ਵੀ ਬਦਤਮੀਜ਼ੀ ਕਰਨ ਅਤੇ ਵਿਦੇਸ਼ ਜਾਣ ਲਈ ਐਨ.ਓ.ਸੀ. ਦੀ ਫਾਈਲ ਰੋਕਣ ਦੇ ਦੋਸ਼ ਲਗਾਏ। ਫਰੰਟ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ ਸਾਬਤ ਹੋਣ ’ਤੇ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਮੈਡਮ ਪਰਮਜੀਤ ਕੌਰ ਨੂੰ ਪੰਜਾਬ ਦੇ ਸਿੱਖਿਆ ਸਕੱਤਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਫਰੰਟ ਦੀਆਂ ਮਹਿਲਾ ਆਗੂਆਂ ਨੇ ਬਲਾਕ ਕਾਦੀਆਂ-1 ਦੇ ਬਲਾਕ ਸਿੱਖਿਆ ਅਧਿਕਾਰੀ (ਬੀ.ਪੀ.ਓ.) ਭੋਲਾ ਸਿੰਘ ਖ਼ਿਲਾਫ਼ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਬਦਸਲੂਕੀ ਕਰਨ, ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਅਤੇ ਵਿਭਾਗੀ ਕੰਮਾਂ ਵਿੱਚ ਰੁਕਾਵਟਾਂ ਪੈਦਾ ਕਰਨ ਦੇ ਦੋਸ਼ ਲਗਾਉਂਦਿਆਂ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਫਰੰਟ ਦੀ ਜ਼ਿਲ੍ਹਾ ਕਨਵੀਨਰ ਬਲਵਿੰਦਰ ਕੌਰ ਨੇ ਦੱਸਿਆ ਕਿ ਬੀ.ਪੀ.ਓ. ਭੋਲਾ ਸਿੰਘ ਖ਼ਿਲਾਫ਼ ਪਿਛਲੇ ਲਗਭਗ ਇੱਕ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਫਤਿਹਗੜ੍ਹ ਚੂੜੀਆਂ ਅਤੇ ਕਾਦੀਆਂ ਬਲਾਕ ਵਿੱਚ ਤਾਇਨਾਤੀ ਦੌਰਾਨ ਵੀ ਮਹਿਲਾ ਅਧਿਆਪਕਾਵਾਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਕੀਤੀ ਗਈ ਸੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਉਣ ਦੇ ਬਾਵਜੂਦ ਫਰੰਟ ਨੂੰ ਢੁੱਕਵੀਂ ਕਾਰਵਾਈ ਦੀ ਉਡੀਕ ਹੈ। ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਦੀ ਅਧਿਆਪਕਾ ਕਮਲਪ੍ਰੀਤ ਕੌਰ ਨੇ ਕਿਹਾ ਕਿ ਬੀ.ਪੀ.ਓ. ਭੋਲਾ ਸਿੰਘ ਵੱਲੋਂ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਗਈ ਅਤੇ ਵਿਦੇਸ਼ ਜਾਣ ਲਈ ਲੋੜੀਂਦੀ ਐਨ.ਓ.ਸੀ. ਦੀ ਫਾਈਲ ਵੀ ਰੋਕ ਕੇ ਰੱਖੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਫਰੰਟ ਵੱਲੋਂ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ।ਅਤੇ ਸਬੰਧਤ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਫਰੰਟ ਦੀਆਂ ਆਗੂਆਂ ਨੇ ਦੱਸਿਆ ਕਿ ਸੰਘਰਸ਼ ਤੋਂ ਬਾਅਦ ਬੀ.ਪੀ.ਓ. ਭੋਲਾ ਸਿੰਘ ਦੀ ਬਦਲੀ ਪਹਿਲਾਂ ਚੁਨੀਰ ਬਲਾਕ, ਜ਼ਿਲ੍ਹਾ ਮਾਨਸਾ ਵਿਖੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਦਾ ਕਹਿਣਾ ਹੈ।ਕਿ ਉੱਥੇ ਜੁਆਇਨ ਨਾ ਕਰਨ ਤੋਂ ਬਾਅਦ ਉਨ੍ਹਾਂ ਦੀ ਬਦਲੀ ਡੇਰਾ ਬਾਬਾ ਨਾਨਕ ਬਲਾਕ ਵਿਖੇ ਕਰ ਦਿੱਤੀ ਗਈ, ਪਰ ਨਵੇਂ ਤਾਇਨਾਤੀ ਸਥਾਨ ’ਤੇ ਵੀ ਜੁਆਇਨ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਫਰੰਟ ਨੇ ਮੰਗ ਕੀਤੀ ਕਿ ਬਦਲੀ ਸਬੰਧੀ ਹੁਕਮਾਂ ਦੀ ਸਥਿਤੀ ਅਤੇ ਉਨ੍ਹਾਂ ਦੀ ਪਾਲਣਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।ਮਹਿਲਾ ਆਗੂਆਂ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ’ਤੇ ਪਾਈਆਂ ਜਾ ਰਹੀਆਂ ਕੁਝ ਪੋਸਟਾਂ ਅਤੇ ਸਟੇਟਸ ਰਾਹੀਂ ਮਹਿਲਾ ਅਧਿਆਪਕਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਜਿਸ ਨਾਲ ਉਨ੍ਹਾਂ ਦੇ ਮਨੋਬਲ ’ਤੇ ਅਸਰ ਪੈ ਰਿਹਾ ਹੈ।ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕੋਈ ਢੁੱਕਵਾਂ ਕਦਮ ਨਾ ਚੁੱਕਿਆ ਗਿਆ ਤਾਂ ਫਰੰਟ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।