ਗੁਰਦਾਸਪੁਰ ’ਚ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ/ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਕੀਤਾ ਸੰਬੋਧਨ/ ਨਸ਼ਿਆਂ ਤੇ ਅਪਰਾਧਿਕ ਮਾਮਲਿਆਂ ਦੀ CBI ਜਾਂਚ ਦੀ ਮੰਗ

0
2

 

ਗੁਰਦਾਸਪੁਰ ਵਿੱਚ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਅਹਿਮ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਕੀਤੀ। ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਨਸ਼ਿਆਂ, ਗੈਂਗਸਟਰਵਾਦ ਅਤੇ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਜਨੀਸ਼ ਧੀਮਾਨ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਉਤੇ ਲੈਂਦਿਆਂ ਗੰਭੀਰ ਅਪਰਾਧਿਕ ਘਟਨਾਵਾਂ ਤੇ ਨਸ਼ਾ ਤਸਕਰੀ ਮਾਮਲਿਆਂ ਦੀ ਸੀਬੀਆਈ ਜਾਂਚ ਮੰਗੀ ਹੈ।
ਰਜਨੀਸ਼ ਧੀਮਾਨ ਨੇ ਕਿਹਾ ਕਿ 16 ਤਰੀਕ ਨੂੰ ਸੰਗਰੂਰ ਵਿਖੇ ਹੋਈ ਸੂਬਾ ਕਾਰਜਕਾਰਨੀ ਦੀ ਬੈਠਕ ਵਿੱਚ ਲਏ ਗਏ ਰਾਜਨੀਤਿਕ ਫ਼ੈਸਲਿਆਂ ਅਤੇ ਮਤਿਆਂ ਨੂੰ ਹੁਣ ਜ਼ਿਲ੍ਹਾ ਅਤੇ ਬਲਾਕ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਤਾਂ ਜੋ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਰਜਨੀਸ਼ ਧੀਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦੇ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਅਨੁਸਾਰ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।
ਭਾਜਪਾ ਆਗੂ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿੱਚ ਅਪਰਾਧਿਕ ਘਟਨਾਵਾਂ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀਆਂ ਹਨ। ਉਨ੍ਹਾਂ ਸਮਾਣਾ ਵਿਖੇ ਪਰਮਿੰਦਰ ਝੋਟੇ ਦੀ ਹੱਤਿਆ, ਸੰਗਰੂਰ ਵਿੱਚ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਅਤੇ ਹੋਰ ਅਪਰਾਧਿਕ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਧੀਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਦੇ ਵਾਅਦੇ ਕੀਤੇ ਸਨ।ਪਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋਂ ਬਚਣ ਨਾ ਦਿੱਤਾ ਜਾਵੇ ਭਾਜਪਾ ਆਗੂ ਨੇ ਪੰਜਾਬ ਵਿੱਚ ਵਾਪਰ ਰਹੀਆਂ ਗੰਭੀਰ ਅਪਰਾਧਿਕ ਘਟਨਾਵਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਮਾਮਲਿਆਂ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਰਾਹੀਂ ਤੱਥ ਸਾਹਮਣੇ ਆਉਣੇ ਚਾਹੀਦੇ ਹਨ।ਤਾਂ ਜੋ ਲੋਕਾਂ ਦਾ ਕਾਨੂੰਨ ਅਤੇ ਨਿਆਂ ਪ੍ਰਣਾਲੀ ਵਿੱਚ ਭਰੋਸਾ ਮਜ਼ਬੂਤ ਹੋ ਸਕੇ ਰਜਨੀਸ਼ ਧੀਮਾਨ ਨੇ ਵੋਟਰ ਸੂਚੀਆਂ ਦੀ ਸੋਧ ਅਤੇ ਵਿਸ਼ੇਸ਼ ਵੋਟਰ ਸੂਚੀ ਪੁਨਰ-ਜਾਂਚ ਪ੍ਰਕਿਰਿਆ (SIR) ਦਾ ਜ਼ਿਕਰ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਲੋਕਤੰਤਰ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰਕਿਰਿਆ ਦੌਰਾਨ ਲੱਖਾਂ ਮ੍ਰਿਤਕ ਵੋਟਰਾਂ ਦੇ ਨਾਂ ਸੂਚੀਆਂ ਵਿੱਚੋਂ ਹਟਾਏ ਗਏ ਹਨ। ਉਨ੍ਹਾਂ ਵਿਰੋਧੀ ਪਾਰਟੀਆਂ ਦੀ ਭੂਮਿਕਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਵੋਟਰ ਸੂਚੀਆਂ ਦੇ ਮੁੱਦੇ ’ਤੇ ਵੱਖ-ਵੱਖ ਥਾਵਾਂ ’ਤੇ ਵੱਖਰੇ ਬਿਆਨ ਦੇਣ ਦੀ ਬਜਾਏ ਲੋਕਾਂ ਨੂੰ ਤੱਥਾਂ ਦੇ ਆਧਾਰ ’ਤੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।
ਬੈਠਕ ਦੌਰਾਨ ਧੀਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਅਤੇ ਪਾਰਟੀ ਦੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।ਅੰਤ ਵਿੱਚ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਉਂਦੀ ਰਹੇਗੀ ਅਤੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਵਿਰੁੱਧ ਲੋਕਤੰਤਰੀ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ।

LEAVE A REPLY

Please enter your comment!
Please enter your name here