ਚੋਹਲਾ ਸਾਹਿਬ ’ਚ ਪੁਲਿਸ ਤੇ ਨੌਜਵਾਨਾਂ ਵਿਚਾਲੇ ਮੁਕਾਬਲਾ/ ਜ਼ਖਮੀ ਹਾਲਤ ’ਚ ਦੋ ਮੁਲਜ਼ਮ ਗ੍ਰਿਫਤਾਰ/ ਪਿਸਤੌਲ ਤੇ ਕਾਰਤੂਸ ਬਰਾਮਦ

0
1

ਤਰਨਤਾਰਨ ਦੇ ਚੋਹਲਾ ਸਾਹਿਬ ਇਲਾਕੇ ਵਿੱਚ ਪੁਲਿਸ ਅਤੇ ਦੋ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਧੁੰਨ ਵਿੱਚ ਪੁਲਿਸ ਵੱਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਰੁਕਣ ਦੀ ਥਾਂ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ। ਐੱਸਪੀ ਰਿਪੁਤਾਪਨ ਸਿੰਘ ਸੰਧੂ ਮੁਤਾਬਕ ਮੁਲਜ਼ਮਾਂ ਦੀ ਪਛਾਣ ਵਿਸ਼ਵਾਸ ਅਤੇ ਗੁਰਜਸ਼ਨ ਵਜੋਂ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਵੇਂ ਫਿਰੌਤੀ ਨਾਲ ਸਬੰਧਤ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਚੱਲਿਆ ਹੋਇਆ ਕਾਰਤੂਸ ਬਰਾਮਦ ਹੋਇਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਪਾਰਟੀ ਪਿੰਡ ਧੁੰਨ ਵਿਖੇ ਮੌਜੂਦ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਪੁਲੀਸ ਨੇ ਰੁਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਬੈਠੇ ਨੌਜਵਾਨ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿੱਚ ਪੁਲੀਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਇੱਕ ਗੋਲੀ ਮੋਟਰਸਾਈਕਲ ਚਾਲਕ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਦੋਵੇਂ ਨੌਜਵਾਨ ਹੇਠਾਂ ਡਿੱਗ ਪਏ। ਪੁਲੀਸ ਨੇ ਮੌਕੇ ’ਤੇ ਹੀ ਦੋਵਾਂ ਨੂੰ ਕਾਬੂ ਕਰ ਲਿਆ।ਘਟਨਾ ਸਥਾਨ ’ਤੇ ਪਹੁੰਚੇ ਐੱਸਪੀ ਰਿਪੁਤਾਪਨ ਸਿੰਘ ਸੰਧੂ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਵਿਸ਼ਵਾਸ ਅਤੇ ਗੁਰਜਸ਼ਨ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਹਿਲਾਂ ਵੀ ਗੋਇੰਦਵਾਲ ਸਾਹਿਬ ਇਲਾਕੇ ਵਿੱਚ ਫਿਰੌਤੀ ਨਾਲ ਸਬੰਧਤ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਪੁਲੀਸ ਨੂੰ ਇਨ੍ਹਾਂ ਦੀ ਭਾਲ ਸੀ।ਪੁਲੀਸ ਅਨੁਸਾਰ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਚੱਲਿਆ ਹੋਇਆ ਕਾਰਤੂਸ ਬਰਾਮਦ ਕੀਤਾ ਗਿਆ ਹੈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਣ ਮਗਰੋਂ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।ਐੱਸਪੀ ਨੇ ਦੱਸਿਆ ਕਿ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਇਲਾਕੇ ਵਿੱਚ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਤਾਂ ਨਹੀਂ ਸਨ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਅਪਰਾਧਿਕ ਗਤੀਵਿਧੀਆਂ ਅਤੇ ਸੰਭਾਵੀ ਸਾਥੀਆਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here