ਪੰਜਾਬ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹਿਮ ਫੈਸਲੇ/ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ/ 479 ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਦੀ ਸਹਾਇਤਾ By admin - October 30, 2026 0 1 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮਹੀਨਾਵਾਰ ਮੀਟਿੰਗ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਲੜਾਈ ਦੌਰਾਨ ਸ਼ਹੀਦ ਹੋਏ ਭਾਈ ਪਲਵਿੰਦਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਅਤੇ ਇਲਾਜ ਦਾ ਖਰਚਾ ਦੇਣ ਦਾ ਵੀ ਜ਼ਿਕਰ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਬੀਬੀਆਂ ਦੀਆਂ ਚੁੰਨੀਆਂ ਅਤੇ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ। ਸਾਲ 1984 ਵਿੱਚ ਬੈਰਕਾਂ ਛੱਡਣ ਵਾਲੇ ਬਾਕੀ ਰਹਿੰਦੇ 479 ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਵੀ ਲਿਆ ਗਿਆ। ਇਸੇ ਤਰ੍ਹਾਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਰਕ ਬਣਾਉਣ ਲਈ ਜ਼ਮੀਨ ਖਰੀਦਣ ਅਤੇ ਉਸਾਰੀ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ।