ਪੰਜਾਬ ਰੂਪਨਗਰ ਦੇ ਪਿੰਡ ਦੇਹਣੀ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀ/ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨਾਲ ਵਿਚਾਰ-ਚਰਚਾ/ 15 ਦਿਨਾਂ ’ਚ ਖੇਡ ਮੈਦਾਨ ਦੀ ਮੰਗ ਹੱਲ ਕਰਨ ਦਾ ਭਰੋਸਾ By admin - November 1, 2026 0 1 Facebook Twitter Pinterest WhatsApp ਰੂਪਨਗਰ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਦੇਹਣੀ ਵਿਖੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਡੀਸੀ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਹੇਠ ਆਏ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦੀ ਮਦਦ ਅਤੇ ਇਲਾਜ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਖੇਡ ਮੈਦਾਨ ਬਣਾਉਣ ਦੀ ਮੰਗ ਵੀ ਰੱਖੀ ਗਈ, ਜਿਸ ਨੂੰ 15 ਦਿਨਾਂ ਦੇ ਅੰਦਰ ਹੱਲ ਕਰਨ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਐਸਐਸਪੀ ਨੇ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਭਰੋਸੇਯੋਗ ਜਾਣਕਾਰੀ ਸਾਂਝੀ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਹੈ ਜਾਂ ਕਿਸੇ ਹੋਰ ਸਮਾਜਿਕ ਜਾਂ ਨਿੱਜੀ ਸਮੱਸਿਆ ਨਾਲ ਜੂਝ ਰਿਹਾ ਹੈ ਤਾਂ ਉਸ ਦੀ ਪਛਾਣ ਕਰਕੇ ਉਸ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਚਾਇਤ ਨਾਲ ਹੋਈ ਮੀਟਿੰਗ ਦੌਰਾਨ ਪਿੰਡ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਖੇਡ ਮੈਦਾਨ ਬਣਾਉਣ ਦੀ ਮੰਗ ਨੂੰ ਵਿਸ਼ੇਸ਼ ਤੌਰ ‘ਤੇ ਨੋਟ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ 15 ਦਿਨਾਂ ਦੇ ਅੰਦਰ ਹੱਲ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਨਸ਼ਿਆਂ ਤੋਂ ਦੂਰ ਰੱਖਣ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਨਿੱਜੀ ਰੰਜਿਸ਼ਾਂ ਕਾਰਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ। ਪੁਲਿਸ ਵੱਲੋਂ ਵੀ ਕਿਸੇ ਵਿਅਕਤੀ ਨੂੰ ਬੁਲਾਉਣ ਤੋਂ ਪਹਿਲਾਂ ਉਸ ਦੇ ਪਿਛੋਕੜ ਦੀ ਜਾਂਚ ਕਰਨ ਅਤੇ ਹਰ ਕਾਰਵਾਈ ਨਿਰਪੱਖ ਢੰਗ ਨਾਲ ਕਰਨ ਦੇ ਯਤਨ ਕੀਤੇ ਜਾਂਦੇ ਹਨ। ਐਸ.ਐਸ.ਪੀ. ਰੂਪਨਗਰ ਸ੍ਰੀ ਮਨਿੰਦਰ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਸਰਕਾਰ ਜਾਂ ਪੁਲਿਸ ਦੀ ਮੁਹਿੰਮ ਨਹੀਂ, ਸਗੋਂ ਇਹ ਇੱਕ ਲੋਕ ਲਹਿਰ ਹੈ, ਜਿਸ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਲੋਕਾਂ ਵੱਲੋਂ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਇੱਕ ਸ਼ੁਭ ਸੰਕੇਤ ਹੈ। ਨਸ਼ਿਆਂ ਦਾ ਮਾੜਾ ਪ੍ਰਭਾਵ ਸਿਰਫ਼ ਨਸ਼ਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਇਸ ਨਾਲ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਮਾਵਾਂ ਅਤੇ ਭੈਣਾਂ ਨੂੰ ਇਸ ਮੁਹਿੰਮ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰਾਂ ਦੀ ਜਾਗਰੂਕਤਾ ਅਤੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਭਰੋਸੇਯੋਗ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ। ਡੀ.ਐਸ.ਪੀ. ਜਸ਼ਨਦੀਪ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਨਸ਼ਿਆਂ ਖ਼ਿਲਾਫ਼ ਦੋਹਰੀ ਰਣਨੀਤੀ ਤਹਿਤ ਕੰਮ ਕਰ ਰਿਹਾ ਹੈ। ਇੱਕ ਪਾਸੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਨਸ਼ੇ ਦੀ ਲੱਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਇਲਾਜ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਇਲਾਕੇ ਵਿੱਚ ਨਸ਼ਾ ਤਸਕਰੀ ਸਬੰਧੀ ਪੰਜ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਜਦਕਿ ਲਗਭਗ 15 ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਭੂਗੋਲਿਕ ਸਥਿਤੀ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੀ ਹੋਣ ਕਾਰਨ ਅਤੇ ਮੁੱਖ ਮਾਰਗਾਂ ‘ਤੇ ਕੁਝ ਸੰਵੇਦਨਸ਼ੀਲ ਥਾਵਾਂ ਹੋਣ ਕਰਕੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਸ ਮਕਸਦ ਲਈ ਵੱਖ-ਵੱਖ ਪੁਲਿਸ ਚੌਕੀਆਂ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਿਲਣ ਵਾਲੀ ਹਰ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਲਗਾਤਾਰ ਗਸ਼ਤ ਅਤੇ ਨਿਗਰਾਨੀ ਵੀ ਕੀਤੀ ਜਾ ਰਹੀ ਹੈ।