ਧਰਮਕੋਟ ’ਚ ਪੰਜਾਬ ਸਰਕਾਰ ’ਤੇ ਵਰ੍ਹੇ ਨਾਇਬ ਸਿੰਘ ਸੈਣੀ/ ਨਸ਼ਿਆਂ ਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਸਾਧੇ ਤਿੱਖੇ ਨਿਸ਼ਾਨੇ/ ਕਿਹਾ, ਚੁਟਕਲਿਆਂ ਨਾਲ ਨਹੀਂ, ਵਿਕਾਸ ਨਾਲ ਚੱਲਦੀਆਂ ਸਰਕਾਰਾਂ

0
5

ਧਰਮਕੋਟ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ਤੇ ਤਿੱਖੇ ਹਮਲੇ ਕੀਤੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸੰਮੇਲਨ ਵਿੱਚ ਲੋਕਾਂ ਦੀ ਸ਼ਮੂਲੀਅਤ ਰੋਕਣ ਲਈ ਬੱਸਾਂ ਅਤੇ ਹੋਰ ਪ੍ਰਬੰਧਾਂ ਵਿੱਚ ਅੜਿੱਕੇ ਪਾਏ ਗਏ। ਉਨ੍ਹਾਂ ਕਿਹਾ ਕਿ ਸਰਕਾਰਾਂ ਚੁਟਕਲਿਆਂ ਅਤੇ ਵਾਅਦਿਆਂ ਨਾਲ ਨਹੀਂ, ਸਗੋਂ ਵਿਕਾਸ ਦੇ ਕੰਮਾਂ ਨਾਲ ਚੱਲਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਨਸ਼ਿਆਂ, ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਲੈ ਕੇ ਵੀ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਹਰਿਆਣਾ ਸੀਐਮ ਸੈਣੀ ਇੱਥੇ ਕਸ਼ਯਪ ਰਾਜਪੂਤ ਮਹਾਸਭਾ ਵੱਲੋਂ ਕਰਵਾਏ ਗਏ ਕਸ਼ਯਪ ਰਾਜਪੂਤ ਮਹਿਰਾ ਸਮਾਜ ਸੰਮੇਲਨ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਵਿਚ ਪਹੁੰਚੇ ਲੋਕਾਂ ਨੂੰ ਗੁਲਾਬ ਦੇ ਫੁੱਲ ਭੇਟ ਕਰ ਕੇ ਸਮਾਗਮ ਵਿੱਚ ਸ਼ਮੂਲੀਅਤ ਲਈ ਧੰਨਵਾਦ ਕੀਤਾ।
ਸੀਐਮ ਸੈਣੀ ਨੇ ਕਿਹਾ ਕਿ ਆਪਣੇ ਸਮਾਜ ਦੇ ਲੋਕਾਂ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਗ਼ਰੀਬ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ 1.60 ਲੱਖ ਮਕਾਨ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਪਰਿਵਾਰਾਂ ਕੋਲ ਆਪਣਾ ਘਰ ਬਣਾਉਣ ਲਈ ਜਗ੍ਹਾ ਨਹੀਂ ਸੀ, ਉਨ੍ਹਾਂ ਨੂੰ ਸ਼ਹਿਰਾਂ ਵਿੱਚ 30 ਗਜ਼ ਅਤੇ ਪਿੰਡਾਂ ਵਿੱਚ 100 ਗਜ਼ ਦੇ ਪਲਾਟ ਦੇਣ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਇਲਾਵਾ ਯੋਗ ਪਰਿਵਾਰਾਂ ਨੂੰ ਫਲੈਟਾਂ ਦੀਆਂ ਚਾਬੀਆਂ ਵੀ ਸੌਂਪੀਆਂ ਗਈਆਂ ਹਨ।  ਸੈਣੀ ਨੇ ਕਿਹਾ ਕਿ ਭਾਜਪਾ ਨਸ਼ਿਆਂ ਦੇ ਖ਼ਾਤਮੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਮੀਡੀਆ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ ਅਤੇ ਮਜ਼ਬੂਤੀ ਲਈ ਹਾਂ-ਪੱਖੀ ਮੁੱਦਿਆਂ ਨੂੰ ਉਭਾਰਿਆ ਜਾਵੇ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਪੰਜਾਬ ਨੂੰ ਪਿੱਛੇ ਧੱਕਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਵੀ ਲਾਏ।

LEAVE A REPLY

Please enter your comment!
Please enter your name here