ਪੰਜਾਬ ਮੋਗਾ ਪੁਲਿਸ ਨੇ ਸੁਲਝਾਇਆ ਬਜ਼ੁਰਗ ਨਾਲ ਖੋਹ ਦਾ ਮਾਮਲਾ/ ਘਰ ਦੇ ਬਾਹਰ ਬੈਠੀ ਬਜ਼ੁਰਗ ਤੋਂ ਖੋਹੀਆਂ ਸੀ ਵਾਲੀਆਂ/ ਪੁਲਿਸ ਨੇ ਇਕ ਦੋਸ਼ੀ ਕੀਤਾ ਕਾਬੂ, ਦੂਜੇ ਦੀ ਭਾਲ ਜਾਰੀ By admin - November 6, 2026 0 1 Facebook Twitter Pinterest WhatsApp ਮੋਗਾ ਪੁਲਿਸ ਨੇ ਸ਼ਹਿਰ ਦੇ ਗੁਰੂ ਅਰਜਨ ਦੇਵ ਨਗਰ ਵਿਖੇ 82 ਸਾਲਾ ਬਜ਼ੁਰਗ ਨਾਲ ਹੋਈ ਖੋਹ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਬਜ਼ੁਰਗ ਤੋਂ ਵਾਲੀਆਂ ਝਪਟਣ ਵਾਲੇ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਜਦਕਿ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜਮ ਦੀ ਪਛਾਣ ਪਰਮਿੰਦਰ ਸਿੰਘ ਅਤੇ ਫਰਾਰ ਮੁਲਜਮ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਖੋਹ ਕੀਤੀ ਇਕ ਬਾਲੀ ਬਰਾਮਦ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜਮ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 4 ਨਵੰਬਰ ਨੂੰ ਗੁਰੂ ਅਰਜਨ ਦੇਵ ਨਗਰ ਵਿੱਚ 82 ਸਾਲਾ ਹਰਜੀਤ ਕੌਰ ਆਪਣੇ ਘਰ ਦੇ ਬਾਹਰ ਬੈਠੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਅਣਪਛਾਤੇ ਨੌਜਵਾਨ ਉੱਥੇ ਪਹੁੰਚੇ ਅਤੇ ਬਜ਼ੁਰਗ ਮਹਿਲਾ ਦੇ ਕੰਨਾਂ ਵਿੱਚੋਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ। ਡੀਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਪਰਮਿੰਦਰ ਸਿੰਘ ਨਾਮਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬਜ਼ੁਰਗ ਮਹਿਲਾ ਤੋਂ ਝਪਟੀ ਗਈ ਇੱਕ ਬਾਲੀ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਦੂਜੇ ਮੁਲਜ਼ਮ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਉਸ ਕੋਲੋਂ ਵਾਰਦਾਤ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮੁਲਜ਼ਮਾਂ ਵੱਲੋਂ ਇਸ ਤੋਂ ਪਹਿਲਾਂ ਕਿਸੇ ਹੋਰ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ ਜਾਂ ਨਹੀਂ। ਉੱਧਰ, ਇਸ ਵਾਰਦਾਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿੱਚ ਮਹਿਲਾਵਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।