ਅੰਮ੍ਰਿਤਸਰ ’ਚ ਦੀਵਾਲੀ ਦੀ ਰਾਤ ਵੱਡਾ ਖੂਨੀ ਟਕਰਾਅ / ਪੁਲਿਸ ਟੀਮ ਸਾਹਮਣੇ ਫਾਇਰਿੰਗ ’ਚ ਨੌਜਵਾਨ ਦੀ ਮੌਤ/ ਸੋਨੇ ਦੇ ਲੈਣ-ਦੇਣ ਬਣਿਆ ਕਾਰਨ, ASI ਵੀ ਜ਼ਖ਼ਮੀ

0
1

ਅੰਮ੍ਰਿਤਸਰ ਵਿੱਚ ਦੀਵਾਲੀ ਦੀ ਰਾਤ ਖੂਨੀ ਸੰਘਰਸ਼ ਵਿੱਚ ਬਦਲ ਗਈ, ਜਿੱਥੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲ ਰਹੇ ਪੁਰਾਣੇ ਵਿਵਾਦ ਨੇ ਭਿਆਨਕ ਰੂਪ ਧਾਰ ਲਿਆ। ਦੋਵਾਂ ਧਿਰਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਪ੍ਰਤਾਪ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਝਗੜਾ ਸ਼ਾਂਤ ਕਰਵਾਉਣ ਪਹੁੰਚੇ ਪੰਜਾਬ ਪੁਲਿਸ ਦੇ ਏਐਸਆਈ ਵੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਦੀਵਾਲੀ ਦੀ ਰਾਤ ਹੋਈ ਤਕਰਾਰ ਤੋਂ ਬਾਅਦ ਇੱਕ ਧਿਰ ਦੀ ਸ਼ਿਕਾਇਤ ਉਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਸੀ। ਪੁਲਿਸ ਨੇ ਕਤਲ ਅਤੇ ਜਾਨਲੇਵਾ ਹਮਲੇ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਝਗੜੇ ਵਿੱਚ ਸ਼ਾਮਲ ਦੋਵੇਂ ਧਿਰਾਂ ਦੇ ਮੈਂਬਰ ਪਹਿਲਾਂ ਇੱਕ-ਦੂਜੇ ਦੇ ਚੰਗੇ ਦੋਸਤ ਸਨ। ਇੱਕ ਪਾਸੇ ਦੋ ਭਰਾ ਸਨ, ਜਦਕਿ ਦੂਜੇ ਪਾਸੇ ਵੀ ਦੋ ਭਰਾ ਸ਼ਾਮਲ ਸਨ। ਵਿਵਾਦ ਦੀ ਮੁੱਖ ਵਜ੍ਹਾ ਕਰੀਬ 1400 ਗ੍ਰਾਮ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਸੀ। ਮ੍ਰਿਤਕ ਨੌਜਵਾਨ ਪ੍ਰਤਾਪ ਸਿੰਘ ਅਤੇ ਦੂਜੀ ਧਿਰ ਵਿਚਾਲੇ ਸੋਨੇ ਦੀ ਵਾਪਸੀ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਦੋਸ਼ ਹੈ ਕਿ ਸੋਨੇ ਦੀ ਅਮਾਨਤ ਵਿੱਚ ਬੇਈਮਾਨੀ ਦੀ ਨੀਅਤ ਕਾਰਨ ਦੋਵਾਂ ਧਿਰਾਂ ਵਿਚਾਲੇ ਤਣਾਅ ਲਗਾਤਾਰ ਵਧਦਾ ਗਿਆ। ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਅਤੇ ਸਮਝੌਤਾ ਕਰਵਾਉਣ ਦੀਆਂ ਕਈ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ, ਪਰ ਵਿਵਾਦ ਦਾ ਕੋਈ ਹੱਲ ਨਹੀਂ ਨਿਕਲ ਸਕਿਆ।
ਦੀਵਾਲੀ ਦੀ ਰਾਤ ਦੋਵਾਂ ਧਿਰਾਂ ਦਾ ਇੱਕ ਵਾਰ ਫਿਰ ਆਹਮੋ-ਸਾਹਮਣਾ ਹੋ ਗਿਆ ਅਤੇ ਦੋਵਾਂ ਵਿਚਾਲੇ ਜੰਮ ਕੇ ਤਕਰਾਰ ਹੋਈ। ਇਸ ਤੋਂ ਬਾਅਦ ਇੱਕ ਧਿਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੇ ਏਐਸਆਈ ਆਪਣੀ ਟੀਮ ਅਤੇ ਸੀਨੀਅਰ ਕਾਂਸਟੇਬਲ ਸਾਹਿਬ ਸਿੰਘ ਦੇ ਨਾਲ ਮੌਕੇ ’ਤੇ ਪਹੁੰਚ ਗਏ। ਪੁਲਿਸ ਟੀਮ ਦੇ ਮੌਕੇ ’ਤੇ ਪਹੁੰਚਦਿਆਂ ਹੀ ਇੱਕ ਧਿਰ ਦੇ ਨੌਜਵਾਨ ਨੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੋਲੀ ਲੱਗਣ ਕਾਰਨ ਪ੍ਰਤਾਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉੱਥੇ ਹੀ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਪੁਲਿਸ ਦੇ ਏਐਸਆਈ ਵੀ ਫਾਇਰਿੰਗ ਦੀ ਲਪੇਟ ਵਿੱਚ ਆ ਕੇ ਜ਼ਖ਼ਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਮੌਕੇ ’ਤੇ ਤਾਇਨਾਤ ਕਰ ਦਿੱਤੀ ਗਈ। ਜ਼ਖ਼ਮੀ ਏਐਸਆਈ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਕਤਲ ਅਤੇ ਜਾਨਲੇਵਾ ਹਮਲੇ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here