
ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਦੀਆਂ ਚਰਚਾਵਾਂ ਵਿਚਾਲੇ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਲਗਾਤਾਰ ਜਾਰੀ ਰਹੇਗੀ। ਉੱਧਰ ਆੜ੍ਹਤੀਆਂ ਨੇ ਦੱਸਿਆ ਕਿ ਲੇਬਰ ਅਤੇ ਟਰਾਂਸਪੋਰਟ ਦੀ ਘਾਟ ਕਾਰਨ ਲਿਫਟਿੰਗ ਪ੍ਰਭਾਵਿਤ ਹੋਈ ਹੈ। ਡੀਸੀ ਮੁਤਾਬਕ ਜ਼ਿਲ੍ਹੇ ਵਿੱਚ ਰੋਜ਼ਾਨਾ 43 ਤੋਂ 44 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀ ਵਿੱਚ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਾਇਜ਼ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਲਈ ਕਿਸੇ ਵੀ ਕਿਸਾਨ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਰਕਾਰੀ ਖਰੀਦ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਆੜ੍ਹਤੀ ਰਾਹੁਲ ਗਰਗ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿੱਚ ਸਰਕਾਰੀ ਖਰੀਦ ਬੰਦ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਕੇਂਦਰ ਸਰਕਾਰ ਵੱਲੋਂ ਨਿਰਧਾਰਤ 81 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਪੂਰਾ ਹੋਣ ਦੀਆਂ ਖ਼ਬਰਾਂ ਕਾਰਨ ਕਈ ਮੰਡੀਆਂ ਵਿੱਚ ਖਰੀਦ ਪ੍ਰਭਾਵਿਤ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪੈਦਾਵਾਰ ਵਧੀ ਹੈ ਅਤੇ ਬਾਸਮਤੀ ਦਾ ਰਕਬਾ ਘਟਣ ਕਾਰਨ ਆਮ ਝੋਨੇ ਦੀ ਆਮਦ ਜ਼ਿਆਦਾ ਹੋਈ ਹੈ। ਮੋਗਾ ਜ਼ਿਲ੍ਹੇ ਵਿੱਚ ਅਜੇ ਵੀ ਲਗਭਗ 25 ਫੀਸਦੀ ਫਸਲ ਮੰਡੀਆਂ ਵਿੱਚ ਆਉਣੀ ਬਾਕੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਤਿਉਹਾਰਾਂ ਕਾਰਨ ਲੇਬਰ ਅਤੇ ਟਰਾਂਸਪੋਰਟ ਦੀ ਘਾਟ ਰਹੀ, ਜਿਸ ਕਾਰਨ ਲਿਫਟਿੰਗ ਦੀ ਰਫ਼ਤਾਰ ਘਟੀ ਅਤੇ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਖੁਦ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਅਤੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਫਸਲ ਦੀ ਬੋਲੀ, ਖਰੀਦ ਅਤੇ ਭਰਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਵਧੀ ਹੋਈ ਪੈਦਾਵਾਰ ਦੇ ਕਈ ਕਾਰਨ ਹਨ, ਜਿਨ੍ਹਾਂ ਵਿੱਚ ਮੌਸਮ, ਹਾਈਬ੍ਰਿਡ ਬੀਜ ਅਤੇ ਕੁਝ ਕਿਸਮਾਂ ਦੀ ਵੱਧ ਪੈਦਾਵਾਰ ਸ਼ਾਮਲ ਹੈ। ਬਾਸਮਤੀ ਹੇਠਲਾ ਰਕਬਾ ਘਟਣ ਕਾਰਨ ਵੀ ਆਮ ਝੋਨੇ ਦੀ ਆਮਦ ਵਧੀ ਹੈ।
ਲਿਫਟਿੰਗ ਬਾਰੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 43 ਤੋਂ 44 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਸਾਲ ਇਹ ਅੰਕੜਾ ਵੱਧ ਤੋਂ ਵੱਧ 50 ਹਜ਼ਾਰ ਮੀਟ੍ਰਿਕ ਟਨ ਰੋਜ਼ਾਨਾ ਦੇ ਕਰੀਬ ਸੀ। ਪਿਛਲੇ ਛੇ-ਸੱਤ ਦਿਨਾਂ ਵਿੱਚ ਝੋਨੇ ਦੀ ਆਮਦ ਵਿੱਚ ਰੋਜ਼ਾਨਾ 5 ਤੋਂ 6 ਹਜ਼ਾਰ ਮੀਟ੍ਰਿਕ ਟਨ ਦਾ ਵਾਧਾ ਹੋਇਆ ਹੈ। ਇਸ ਕਾਰਨ ਮੰਡੀਆਂ ਵਿੱਚ ਕੁਝ ਮਾਲ ਇਕੱਠਾ ਹੋਇਆ ਹੈ। ਤਿਉਹਾਰਾਂ ਦੌਰਾਨ ਲੇਬਰ ਅਤੇ ਟਰਾਂਸਪੋਰਟ ਦੀ ਘਾਟ ਕਾਰਨ ਲਿਫਟਿੰਗ ਪ੍ਰਭਾਵਿਤ ਹੋਈ, ਪਰ ਹੁਣ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਬਾਰਦਾਨੇ ਅਤੇ ਕਿਸਾਨਾਂ ਦੀ ਅਦਾਇਗੀ ਸਬੰਧੀ ਕੋਈ ਸਮੱਸਿਆ ਨਹੀਂ ਹੈ। ਅੰਤ ਵਿੱਚ ਡੀਸੀ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਗਿਆ ਤਾਂ ਸੀਏਕਿਊਐਮ ਦੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

