ਫਰੀਦਕੋਟ ਮੰਡੀ ‘ਚ ਗੁੰਡਾਗਰਦੀ ਦਾ ਨੰਗਾ ਨਾਚ/ ਕਾਰੋਬਾਰੀ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ/ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਪ੍ਰਗਟਾਇਆ ਰੋਸ

0
1

ਫਰੀਦਕੋਟ ਦੀ ਪੁਰਾਣੀ ਅਨਾਜ ਮੰਡੀ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨੌਜਵਾਨਾਂ ਦੇ ਇੱਕ ਗਰੁੱਪ ਵੱਲੋਂ ਕਾਰੋਬਾਰੀ ਅਮਿਤ ਸੇਠੀ ਅਤੇ ਉਸਦੇ ਪੁੱਤਰ ਜੈ ਸੇਠੀ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਜੈ ਸੇਠੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੇ ਵਿਰੋਧ ਵਿੱਚ ਮੰਡੀ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਵਪਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਪੂਰੇ ਸ਼ਹਿਰ ਵਿੱਚ ਹੜਤਾਲ ਕੀਤੀ ਜਾਵੇਗੀ। ਉੱਧਰ ਪੁਲਿਸ ਨੇ ਮਾਮਲੇ ਵਿੱਚ ਬਿਆਨ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਦੇਰ ਸ਼ਾਮ ਦੀ ਹੈ। ਪੁਰਾਣੀ ਅਨਾਜ ਮੰਡੀ ਵਿੱਚ ਹੋਲਸੇਲ ਕਰਿਆਨੇ ਦਾ ਕਾਰੋਬਾਰ ਕਰਨ ਵਾਲੇ ਅਮਿਤ ਸੇਠੀ ਦੇ ਪੁੱਤਰ ਜੈ ਸੇਠੀ ਦੀ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਦੌਰਾਨ ਨੌਜਵਾਨਾਂ ਨੇ ਜੈ ਸੇਠੀ ਨਾਲ ਧੱਕਾ-ਮੁੱਕੀ ਕੀਤੀ। ਜਦੋਂ ਉਸਦੇ ਪਿਤਾ ਅਮਿਤ ਸੇਠੀ ਨੇ ਦਖ਼ਲ ਦੇ ਕੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਵੀ ਧੱਕਾ-ਮੁੱਕੀ ਕੀਤੀ। ਮੁੱਢਲੀ ਤਕਰਾਰ ਤੋਂ ਬਾਅਦ ਨੌਜਵਾਨ ਉੱਥੋਂ ਚਲੇ ਗਏ, ਪਰ ਕੁਝ ਸਮੇਂ ਬਾਅਦ ਉਹ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਪਿਸਤੌਲ ਅਤੇ ਹੋਰ ਹਥਿਆਰ ਲੈਕੇ ਮੁੜ ਮੌਕੇ ’ਤੇ ਪਹੁੰਚ ਗਏ ਅਤੇ ਅਮਿਤ ਸੇਠੀ ਤੇ ਉਸਦੇ ਪੁੱਤਰ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜੈ ਸੇਠੀ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ।

ਇਸ ਘਟਨਾ ਤੋਂ ਬਾਅਦ ਅੱਜ ਵਪਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੌਕੇ ’ਤੇ ਗੱਲਬਾਤ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਵਰਿੰਦਰ ਸ਼ਾਹ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਵਪਾਰ ਮੰਡਲ ਸਮੁੱਚੇ ਸ਼ਹਿਰ ਵਿੱਚ ਹੜਤਾਲ ਕਰਨ ਲਈ ਮਜਬੂਰ ਹੋਵੇਗਾ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਭਾਜਪਾ ਆਗੂ ਸਨੀ ਬਰਾੜ ਅਤੇ ਡਾ. ਸੰਜੀਵ ਗੋਇਲ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ। ਉੱਧਰ, ਥਾਣਾ ਸਿਟੀ ਦੇ ਐੱਸਐੱਚਓ ਰਾਜਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖ਼ਮੀ ਦੁਕਾਨਦਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here