ਸਮਰਾਲਾ ਪਹੁੰਚੇ ਚਰਨਜੀਤ ਚੰਨੀ ਨੇ ਘੇਰੀ ਸਰਕਾਰ/ ਗੈਂਗਸਟਰਵਾਦ ਤੇ ਨਸ਼ਿਆਂ ਨੂੰ ਲੈ ਕੇ ਚੁੱਕੇ ਵੱਡੇ ਸਵਾਲ/ ਸਰਕਾਰ ਬਣਨ ’ਤੇ ਨਸ਼ਿਆਂ ਦੇ ਪੂਰਨ ਸਫਾਏ ਦੇ ਦਾਅਵਾ

0
2

ਸਮਰਾਲਾ ਵਿਖੇ ਜਵਾਨੀ ਸੰਭਾਲ ਯਾਤਰਾ ਦੇ ਦੂਜੇ ਦਿਨ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਤਿੱਖਾ ਰੁਖ਼ ਅਖਤਿਆਰ ਕੀਤਾ ਹੈ। ਚੰਨੀ ਨੇ ਦੋਸ਼ ਲਾਇਆ ਕਿ ਸਰਕਾਰ ਟਰੱਕ ਮਾਲਕਾਂ ਸਮੇਤ ਸਾਰੇ ਵਰਗਾਂ ਦੀ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਾਂ ਤਾਂ ਨਸ਼ੇ ਅਤੇ ਗੈਂਗਸਟਰਵਾਦ ਰਹੇਗਾ ਜਾਂ ਅਸੀਂ ਰਹਾਂਗੇ। ਚੰਨੀ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਕੋਲ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਪੁਖ਼ਤਾ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੋਵਾਂ ਸਮੱਸਿਆਵਾਂ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮੌਜੂਦਾ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾਵੇਗੀ।
ਚੰਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਬੇਹੱਦ ਮਾੜੀ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਆਏ ਦਿਨ ਸ਼ਰੇਆਮ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਗੈਂਗਸਟਰਵਾਦ ਅਤੇ ਨਸ਼ਿਆਂ ਦੀ ਸਮੱਸਿਆ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਕਾਰਨ ਆਮ ਲੋਕਾਂ ਲਈ ਪੰਜਾਬ ਵਿੱਚ ਰਹਿਣਾ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਖੀਆਂ ਲਈ ਚਲਾਈ ਜਾ ਰਹੀ ਯੋਜਨਾ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਖੀਆਂ ਨੂੰ 10 ਹਜ਼ਾਰ ਰੁਪਏ ਦੇ ਕੇ ਕੰਮ ਕਰਵਾਇਆ ਜਾ ਰਿਹਾ ਹੈ, ਪਰ ਜੇਕਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਇਨ੍ਹਾਂ ਸਖੀਆਂ ਨੂੰ ਪੱਕੀਆਂ ਨੌਕਰੀਆਂ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਅਮਿਤ ਸ਼ਾਹ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਣ ਵਾਲੀ ਮੀਟਿੰਗ ਅਤੇ NDA ਗੱਠਜੋੜ ਨੂੰ ਲੈ ਕੇ ਵੀ ਚੰਨੀ ਨੇ ਭਾਜਪਾ ਅਤੇ ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਸਾਹਮਣੇ ਵੱਖ-ਵੱਖ ਹੋਣ ਦਾ ਦਿਖਾਵਾ ਕਰਦੀਆਂ ਹਨ, ਜਦਕਿ ਪਿਛਲੇ ਸਮੇਂ ਵਿੱਚ ਵੀ ਇਹ ਇਕੱਠੀਆਂ ਰਹੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਨ੍ਹਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੋਵਾਂ ਪਾਰਟੀਆਂ ਦੀ ਸਿਆਸਤ ਨੂੰ ਇੱਕ-ਦੂਜੇ ਨੂੰ ਦੇਖ ਕੇ ਕੀਤੇ ਜਾ ਰਹੇ ਸਿਆਸੀ ਡਰਾਮੇ ਕਰਾਰ ਦਿੱਤਾ।

LEAVE A REPLY

Please enter your comment!
Please enter your name here