ਭਿੱਖੀਵਿੰਡ ‘ਚ ਮੈਡੀਕਲ ਸਟੋਰ ‘ਤੇ ਤਿੰਨ ਰਾਊਂਡ ਫਾਇਰਿੰਗ/ ਵਿਦੇਸ਼ੀ ਨੰਬਰ ਤੋਂ ਕਾਲ ਮਗਰੋਂ ਦੁਕਾਨ ‘ਤੇ ਚੱਲੀਆਂ ਗੋਲੀਆਂ

0
3

 

ਤਰਨਤਾਰਨ ਦੇ ਭਿੱਖੀਵਿੰਡ ਵਿੱਚ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਹੀਰਾ ਮੈਡੀਕਲ ਸਟੋਰ ‘ਤੇ ਤਿੰਨ ਰਾਊਂਡ ਫਾਇਰ ਕਰ ਦਿੱਤੇ। ਗੋਲੀਆਂ ਦੁਕਾਨ ਦੇ ਸ਼ੀਸ਼ੇ ਤੋੜ ਕੇ ਅੰਦਰ ਜਾ ਵੱਜੀਆਂ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਮਾਲਕ ਨੂੰ ਪਹਿਲਾਂ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਵੀ ਆਈ ਸੀ। ਉਧਰ ਪੁਲਿਸ ਨੇ ਮੌਕੇ ਤੋਂ ਤਿੰਨ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਲਗਾਤਾਰ ਫਿਰੌਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਕਾਰੋਬਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ ਸ਼ਾਮ ਕਰੀਬ 7 ਵਜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਨਿਸ਼ਾਨਾ ਬਣਾਉਂਦਿਆਂ ਤਿੰਨ ਰਾਊਂਡ ਫਾਇਰ ਕੀਤੇ। ਗੋਲੀਆਂ ਦੁਕਾਨ ਦੇ ਸ਼ੀਸ਼ੇ ਚੀਰਦੀਆਂ ਹੋਈਆਂ ਅੰਦਰ ਜਾ ਦਾਖਲ ਹੋਈਆਂ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਗੋਲੀਬਾਰੀ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਹੀਰਾ ਮੈਡੀਕਲ ਸਟੋਰ ਦੇ ਮਾਲਕ ਨਿਤਿਸ਼ ਕੱਕੜ ਪੁੱਤਰ ਹੀਰਾ ਲਾਲ ਕੱਕੜ ਨੂੰ ਕਿਸੇ ਅੰਤਰਰਾਸ਼ਟਰੀ ਫੋਨ ਨੰਬਰ ਤੋਂ ਵਟਸਐਪ ਕਾਲ ਆਈ ਸੀ, ਪਰ ਉਨ੍ਹਾਂ ਵੱਲੋਂ ਕਾਲ ਰਿਸੀਵ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਵਿਅਕਤੀਆਂ ਨੇ ਦੁਕਾਨ ’ਤੇ ਤਿੰਨ ਗੋਲੀਆਂ ਚਲਾਈਆਂ।

ਫਾਇਰਿੰਗ ਦੌਰਾਨ ਗੋਲੀਆਂ ਦੁਕਾਨ ਦੇ ਸ਼ੀਸ਼ੇ ਤੋੜ ਕੇ ਅੰਦਰ ਦਾਖ਼ਲ ਹੋ ਗਈਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।ਜ਼ਿਕਰਯੋਗ ਹੈ ਕਿ ਭਿੱਖੀਵਿੰਡ ਇਲਾਕੇ ਵਿੱਚ ਪਹਿਲਾਂ ਵੀ ਫਿਰੌਤੀ ਦੀਆਂ ਮੰਗਾਂ ਨੂੰ ਲੈ ਕੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਇਲਾਕੇ ਦੇ ਕਾਰੋਬਾਰੀਆਂ ਅਤੇ ਆਮ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਧਰ ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਭਾਜਪਾ ਆਗੂ ਸਿਤਾਰਾ ਸਿੰਘ ਡਲੀਰੀ ਅਤੇ ਜ਼ਿਲ੍ਹਾ ਸਪੋਕਸ ਪਰਸਨ ਡਾ. ਰਿਤੇਸ਼ ਚੋਪੜਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਇਨ੍ਹਾਂ ਨੂੰ ਰੋਕਣ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ, ਜਦਕਿ ਪੰਜਾਬ ਸਰਕਾਰ ਗੈਂਗਸਟਰਾਂ ’ਤੇ ਕਾਬੂ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਰਿਤੇਸ਼ ਚੋਪੜਾ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਏ ਦਿਨ ਫਿਰੌਤੀ ਲਈ ਫੋਨ ਆ ਰਹੇ ਹਨ ਅਤੇ ਫਿਰੌਤੀ ਨਾ ਦੇਣ ਵਾਲਿਆਂ ਦੀ ਜਾਨ-ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਫਿਰੌਤੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਬੰਦ ਕੀਤੇ ਗਏ ਅਸਲਾ ਲਾਇਸੈਂਸਾਂ ਨੂੰ ਮੁੜ ਚਾਲੂ ਕਰਨ ਅਤੇ ਲੋੜਵੰਦ ਲੋਕਾਂ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਦੀ ਮੰਗ ਵੀ ਕੀਤੀ।

ਘਟਨਾ ਸਥਾਨ ਤੇ ਪਹੁੰਚੇ ਭਿੱਖੀਵਿੰਡ ਪੁਲੀਸ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਘਟਨਾ ਸਥਾਨ ਦਾ ਮੁਆਇਨਾ ਕਰਕੇ ਤਿੰਨ ਖੋਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੁਕਾਨ ਮਾਲਕ ਨਿਤਿਸ਼ ਕੱਕੜ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਕਾਬੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਫਰੌਤੀ ਦੀਆਂ ਅਣਗਿਣਤ ਵਾਰਦਾਤਾਂ ਵਾਪਰ ਚੁੱਕੀਆਂ ਹਨ। ਪ੍ਰੰਤੂ ਭਿੱਖੀਵਿੰਡ ਪੁਲੀਸ ਇਨ੍ਹਾਂ ਵਾਰਦਾਤਾਂ ਨੂੰ ਟਰੇਸ ਕਰਨ ਵਿੱਚ ਨਕਾਮ ਸਾਬਿਤ ਹੋਈ ਹੈ। ਜਿਸਦਾ ਨਤੀਜਾ ਆਏ ਦਿਨ ਹੀ ਅਜਿਹੀਆਂ ਘਟਨਾਵਾਂ ਹੋਰ ਵਾਪਰ ਰਹੀਆਂ ਹਨ।

LEAVE A REPLY

Please enter your comment!
Please enter your name here