
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅਪਰਾਧ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕੈਮਿਸਟ ਨੂੰ ਗੋਲੀ ਮਾਰ ਕੇ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਇਨ੍ਹਾਂ ਦੇ ਪਾਕਿਸਤਾਨ ਨਾਲ ਜੁੜੇ ਤੱਤਾਂ ਨਾਲ ਸੰਪਰਕ ਦੀ ਗੱਲ ਸਾਹਮਣੇ ਆਈ ਹੈ ਅਤੇ ਪੁਲਿਸ ਸੰਸਥਾ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮੈਡੀ ਸੰਧੂ ਕਤਲ ਮਾਮਲੇ ਵਿੱਚ ਦਿੱਲੀ ਤੋਂ ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਹੋਈ ਹੈ ਅਤੇ ਪੁਲਿਸ ਨੇ ਇਸ ਨੈੱਟਵਰਕ ਨਾਲ ਜੁੜੇ ਹੁਣ ਤੱਕ 10 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ। ਉੱਥੇ ਹੀ 6 ਮੈਂਬਰੀ ਏਟੀਐਮ ਅਤੇ ਬੈਂਕ ਡਕੈਤੀ ਗਿਰੋਹ ਦਾ ਵੀ ਪਰਦਾਫਾਸ਼ ਕਰਕੇ ਹਥਿਆਰ ਅਤੇ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ। ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ।

