
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ‘ਜਵਾਨੀ ਸੰਭਾਲੀ ਯਾਤਰਾ’ ਲੈ ਕੇ ਮੋਗਾ ਦੇ ਧਰਮਕੋਟ ਪਹੁੰਚੇ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਚੰਨੀ ਸਾਹਮਣੇ ਆਪਣੀਆਂ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਰੱਖੀਆਂ। ਇਸ ਦੌਰਾਨ ਕਈ ਲੋਕਾਂ ਨੇ ਝੂਠੇ ਪੁਲਿਸ ਪਰਚੇ ਦਰਜ ਹੋਣ, ਜ਼ਮੀਨਾਂ ‘ਤੇ ਕਬਜ਼ਿਆਂ ਅਤੇ ਪਰਿਵਾਰਕ ਮੈਂਬਰਾਂ ਦੇ ਜੇਲ੍ਹਾਂ ਵਿੱਚ ਬੰਦ ਹੋਣ ਦੇ ਦੋਸ਼ ਲਗਾਏ। ਇਸ ਮੌਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਚਿੱਟਾ, ਫਿਰੌਤੀ ਦੀਆਂ ਕਾਲਾਂ ਅਤੇ ਸਰਕਾਰੀ ਇਸ਼ਤਿਹਾਰ ਹੀ ਸਮੇਂ ਸਿਰ ਮਿਲਦੇ ਹਨ। ਚੰਨੀ ਨੇ ਦੋਸ਼ ਲਾਇਆ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਨਾਕਾਮ ਰਹੀ ਹੈ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕੇ ਦੇ ਵਿਧਾਇਕ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਨਸ਼ਿਆਂ, ਫਿਰੌਤੀਆਂ ਅਤੇ ਸੱਟੇਬਾਜ਼ੀ ਵਰਗੇ ਮੁੱਦਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਕਥਿਤ ਤੌਰ ’ਤੇ ਪੁਲਿਸ ਕੇਸਾਂ ਵਿੱਚ ਉਲਝਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਿਹੜੇ ਲੋਕ ਆਪਣੇ ਹੱਕਾਂ ਲਈ ਅਤੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਹੀ ਪਰਚੇ ਦਰਜ ਕਰਵਾਏ ਜਾ ਰਹੇ ਹਨ। ਚੰਨੀ ਨੇ ਕਿਹਾ ਕਿ ਇਲਾਕੇ ਦੇ ਕਈ ਪਰਿਵਾਰਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਹਨ। ਕੁਝ ਲੋਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਜ਼ਬਰਦਸਤੀ ਕਬਜ਼ੇ ਕੀਤੇ ਗਏ ਅਤੇ ਘਰਾਂ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਦੇ ਮੈਂਬਰ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਦਿਨ ਤੋਂ ਉਨ੍ਹਾਂ ਨੇ ‘ਜਵਾਨੀ ਸੰਭਾਲੀ ਯਾਤਰਾ’ ਸ਼ੁਰੂ ਕੀਤੀ ਹੈ, ਉਸ ਦਿਨ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦਾ ਦਰਦ ਸੁਣਨ ਨੂੰ ਮਿਲ ਰਿਹਾ ਹੈ। ਲੋਕ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਆ ਰਹੀਆਂ ਮੁਸ਼ਕਲਾਂ ਤੋਂ ਦੁਖੀ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਆਵਾਜ਼ ਉਠਾਉਣ। ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਤਿੰਨ ਚੀਜ਼ਾਂ ਸਮੇਂ ਸਿਰ ਮਿਲਦੀਆਂ ਹਨ। ਪਹਿਲੀ ਚਿੱਟਾ, ਜਿਸ ਦੀ ਮੰਗ ਕਰਨ ’ਤੇ ਨਸ਼ਾ ਜਲਦੀ ਪਹੁੰਚ ਜਾਂਦਾ ਹੈ। ਦੂਜੀ ਫਿਰੌਤੀ ਦੀਆਂ ਧਮਕੀ ਭਰੀਆਂ ਕਾਲਾਂ, ਜਿਨ੍ਹਾਂ ਵਿੱਚ ਸਵੇਰੇ ਫੋਨ ਕਰਕੇ ਲੱਖਾਂ ਰੁਪਏ ਦੀ ਮੰਗ ਕੀਤੀ ਜਾਂਦੀ ਹੈ ਅਤੇ ਸ਼ਾਮ ਸੱਤ ਵਜੇ ਦੁਬਾਰਾ ਫੋਨ ਕਰਕੇ ਧਮਕੀ ਦਿੱਤੀ ਜਾਂਦੀ ਹੈ। ਤੀਜੀ ਚੀਜ਼ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਇਸ਼ਤਿਹਾਰ ਹਨ, ਜੋ ਲੋਕਾਂ ਤੱਕ ਸਮੇਂ ਸਿਰ ਪਹੁੰਚ ਜਾਂਦੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਪਰ ਸਰਕਾਰ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਉਣ ਵਿੱਚ ਲੱਗੀ ਹੋਈ ਹੈ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਸੂਬੇ ਦਾ ਮਾਹੌਲ ਨਸ਼ਿਆਂ ਦੀ ਮਾਰ ਹੇਠ ਆ ਗਿਆ ਹੈ। ਅੰਤ ਵਿੱਚ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਲੈ ਕੇ ਆਏ ਸਨ, ਪਰ ਅੱਜ ਸੂਬੇ ਦੇ ਹਾਲਾਤ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ।

