
ਸਮਰਾਲਾ ਵਿਖੇ ਪਹੁੰਚੇ P D A ਪਰਿਵਾਰ ਦੇ ਸਮਾਜਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੋਹਣ ਲਾਲ ਬਲੱਗਣ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਨੂੰ ਮਾੜਾ ਦੱਸਦਿਆਂ ਨਸ਼ਿਆਂ, ਬੇਰੁਜ਼ਗਾਰੀ, ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮਹਿੰਗੀ ਬਿਜਲੀ ਦੇ ਮੁੱਦੇ ਚੁੱਕੇ। ਬਲੱਗਣ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਕਿਸੇ ਵੀ ਸਿਆਸੀ ਧਿਰ ਨਾਲ ਗਠਜੋੜ ਨਹੀਂ ਕਰੇਗੀ ਅਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਖੁਦ ਸਮਰਾਲਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਲਗਭਗ 100 ਵਿਧਾਨ ਸਭਾ ਹਲਕਿਆਂ ਵਿੱਚ ਸਰਗਰਮ ਹੈ ਅਤੇ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਪਿਛਲੇ ਲਗਭਗ ਪੰਜ ਸਾਲਾਂ ਤੋਂ ਪੀੜਤ ਲੋਕਾਂ ਦੇ ਵਿਚਕਾਰ ਰਹਿ ਕੇ ਕੰਮ ਕਰ ਰਹੇ ਹਨ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਅਤੇ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਰੱਖਣ ਕਾਰਨ ਲੋਕਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਹੁਤ ਸਾਰੇ ਮੁਲਾਜ਼ਮਾਂ ਨੂੰ 15 ਹਜ਼ਾਰ ਰੁਪਏ ਤੋਂ ਵੱਧ ਤਨਖਾਹ ਨਹੀਂ ਮਿਲ ਰਹੀ।
ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ਅਤੇ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਐਲਾਨ ਕੀਤਾ ਕਿ ਉਹ ਖੁਦ ਸਮਰਾਲਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਹੋਵੇਗਾ, ਜਦਕਿ ਅਕਾਲੀ ਦਲ ਅਤੇ ਕਾਂਗਰਸ ਵੀ ਚੋਣ ਮੈਦਾਨ ਵਿੱਚ ਮੁਕਾਬਲੇਬਾਜ਼ ਹੋਣਗੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਦੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਵੀ ਇੱਕੋ ਜਿਹੀਆਂ ਰਹੀਆਂ ਹਨ ਅਤੇ ਕਿਸਾਨ ਅੰਦੋਲਨ ਕਾਰਨ ਹੀ ਕੁਝ ਸਮੇਂ ਲਈ ਵੱਖ ਹੋਈਆਂ ਸਨ। ਉਨ੍ਹਾਂ ਕਿਹਾ ਕਿ PDA ਪਰਿਵਾਰ ਦੀ ਮੁੱਖ ਨੀਤੀ ਪਛੜੇ ਵਰਗਾਂ ਅਤੇ ਦਲਿਤ ਸਮਾਜ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਹੈ ਅਤੇ ਇਸੇ ਮੁੱਦੇ ਨੂੰ ਲੈ ਕੇ ਪਾਰਟੀ ਚੋਣਾਂ ਲੜੇਗੀ।

