
ਮੋਗਾ ਦੇ ਸਰਕਾਰੀ ਹਸਪਤਾਲ ਦਾ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੈਂਟੀ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧਾਂ, ਬਾਥਰੂਮਾਂ, ਬਲੱਡ ਬੈਂਕ ਅਤੇ ਮੋਰਚਰੀ ਦਾ ਨਿਰੀਖਣ ਕੀਤਾ। ਮੀਡੀਆ ਗੱਲਬਾਤ ਦੌਰਾਨ ਜਤਿੰਦਰ ਸਿੰਘ ਸ਼ੈਂਟੀ ਨੇ ਕਿਹਾ ਕਿ ਪਿਛਲੀ ਵਿਜ਼ਿਟ ਦੇ ਮੁਕਾਬਲੇ ਹਸਪਤਾਲ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਹਾਲਾਂਕਿ ਕੁਝ ਕਮੀਆਂ ਅਜੇ ਵੀ ਬਾਕੀ ਹਨ। ਉਨ੍ਹਾਂ ਨੇ ਹਸਪਤਾਲ ਦੀ ਕਾਇਆਕਲਪ ਲਈ ਅਗਲੇ ਦੋ ਮਹੀਨਿਆਂ ਦਾ ਟੀਚਾ ਰੱਖਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਯੂਨੀਫਾਰਮ ਅਤੇ ਆਈ-ਕਾਰਡ ਲਾਜ਼ਮੀ ਪਹਿਨਣ ਦੇ ਨਿਰਦੇਸ਼ ਵੀ ਦਿੱਤੇ ਗਏ।

ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਪ੍ਰਬੰਧਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਆਉਣ ਵਾਲੇ ਦੋ ਮਹੀਨਿਆਂ ਦੇ ਅੰਦਰ ਹਸਪਤਾਲ ਦੀ ਕਾਇਆਕਲਪ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਾਫ਼-ਸੁਥਰਾ ਵਾਤਾਵਰਨ, ਬਿਹਤਰ ਸਿਹਤ ਸਹੂਲਤਾਂ ਅਤੇ ਸਨਮਾਨਜਨਕ ਵਿਵਹਾਰ ਮਿਲਣਾ ਬਹੁਤ ਜ਼ਰੂਰੀ ਹੈ। ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ।
ਚੈਕਿੰਗ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਠੇਕੇ ’ਤੇ ਕੰਮ ਕਰ ਰਹੇ ਸਮੂਹ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਉਹ ਡਿਊਟੀ ਦੌਰਾਨ ਲਾਜ਼ਮੀ ਤੌਰ ’ਤੇ ਨਿਰਧਾਰਤ ਯੂਨੀਫਾਰਮ ਪਹਿਨਣ ਅਤੇ ਆਪਣੇ ਗਲ ਵਿੱਚ ਪਛਾਣ ਪੱਤਰ (ਆਈ-ਕਾਰਡ) ਪਾ ਕੇ ਰੱਖਣ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਦੀ ਪਛਾਣ ਸਪੱਸ਼ਟ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਕਰਮਚਾਰੀ ਨਾਲ ਸੰਪਰਕ ਕਰਨ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਪ੍ਰਬੰਧਾਂ ਵਿੱਚ ਸਫ਼ਾਈ, ਕਰਮਚਾਰੀਆਂ ਦੀ ਜਵਾਬਦੇਹੀ ਅਤੇ ਮਰੀਜ਼ਾਂ ਦੀ ਸਹੂਲਤ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਹਸਪਤਾਲ ਦਾ ਨਿਰੀਖਣ ਕਰਕੇ ਸੁਧਾਰ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।

