
ਕੋਟਕਪੂਰਾ ਨੇੜੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਮੁਲਜ਼ਮਾਂ ਨੂੰ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲਾ ਥਾਣਾ ਸਦਰ ਕੋਟਕਪੂਰਾ ਦੇ ਪਿੰਡ ਢਿੱਲਵਾਂ ਕਲਾਂ ਨੇੜੇ ਦਾ ਹੈ, ਜਿੱਥੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਗਿਰੋਹ ਲਿੰਕ ਸੜਕ ’ਤੇ ਰਾਹਗੀਰਾਂ ਨੂੰ ਲੁੱਟਣ ਦੀ ਯੋਜਨਾ ਬਣਾ ਰਿਹਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪੰਜਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਪਿਛਲੀਆਂ ਵਾਰਦਾਤਾਂ ਅਤੇ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਪੁਲਿਸ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਕੋਟਕਪੂਰਾ ਦੇ ਏਐੱਸਆਈ ਕਰਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਿੰਡ ਢਿੱਲਵਾਂ ਕਲਾਂ ਨੇੜੇ ਨੈਸ਼ਨਲ ਹਾਈਵੇ ‘ਤੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀਆਂ ਨੇ ਇੱਕ ਗਿਰੋਹ ਬਣਾਇਆ ਹੋਇਆ ਹੈ, ਜੋ ਰਾਹਗੀਰਾਂ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਗਿਰੋਹ ਦੇ ਮੈਂਬਰ ਇਸ ਸਮੇਂ ਵੀ ਇੱਕ ਲਿੰਕ ਸੜਕ ‘ਤੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਮੁਲਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਡੀਐੱਸਪੀ ਸੰਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਗਿਰੋਹ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ ਅਤੇ ਪਿਛਲੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।

