ਝੋਨੇ ਦੀ ਖਰੀਦ ਨੂੰ ਲੈ ਕੇ ਮੰਤਰੀ ਕਟਾਰੂਚੱਕ ਦਾ ਬਿਆਨ/ ਮੰਡੀਆਂ ਅੰਦਰ ਰਿਕਾਰਡ ਖਰੀਦ ਹੋਣ ਦਾ ਦਾਅਵਾ/ ਖਰੀਦ 200 ਲੱਖ ਮੀਟਰਿਕ ਟਨ ਤੱਕ ਪਹੁੰਚਣ ਦੀ ਉਮੀਦ

0
2

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਅੰਮ੍ਰਿਤਸਰ ਵਿਖੇ ਮੀਡੀਆ ਦੇ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 14 ਨਵੰਬਰ ਤੱਕ ਸੂਬੇ ਵਿੱਚ 185.26 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ, ਜਿਸ ਵਿੱਚੋਂ 181.69 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਨੂੰ 41,972 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ, ਜਦਕਿ 146 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋਈ ਹੈ। ਕਟਾਰੂਚੱਕ ਨੇ ਕਿਹਾ ਕਿ ਬੰਪਰ ਫਸਲ ਕਾਰਨ ਖਰੀਦ 200 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਸਕਦੀ ਹੈ ਅਤੇ ਸਰਕਾਰ ਨੇ C C L ਦੀ ਹੱਦ ਵਧਾਉਣ ਲਈ ਕੇਂਦਰ ਨੂੰ ਚਿੱਠੀ ਲਿਖੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਦਾਅਵਾ ਕੀਤਾ ਕਿ 2027 ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ।
ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਬੰਪਰ ਫਸਲ ਹੋਣ ਕਾਰਨ ਖਰੀਦ ਦਾ ਅੰਕੜਾ 200 ਲੱਖ ਮੀਟ੍ਰਿਕ ਟਨ ਦੇ ਕਰੀਬ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਸੀ.ਸੀ.ਐੱਲ. (CCL) ਦੀ ਹੱਦ ਵਧਾਉਣ ਲਈ ਚਿੱਠੀ ਲਿਖੀ ਗਈ ਹੈ। ਉਨ੍ਹਾਂ ਵਧੇਰੇ ਝਾੜ ਦਾ ਕਾਰਨ ਨਹਿਰੀ ਪਾਣੀ ਦੀ ਸਪਲਾਈ ਵਿੱਚ ਹੋਏ ਵਾਧੇ ਅਤੇ ਮੌਸਮ ਨੂੰ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧ ਕੇ ਲਗਭਗ 80 ਫੀਸਦੀ ਤੱਕ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।
ਇਸ ਦੌਰਾਨ ਈ.ਡੀ. ਦੀ ਮਾਈਨਿੰਗ ਮਾਮਲੇ ਵਿੱਚ ਹੋਈ ਕਾਰਵਾਈ ਅਤੇ ਉਨ੍ਹਾਂ ਦੇ ਨਾਮ ਦਾ ਜ਼ਿਕਰ ਹੋਣ ਸਬੰਧੀ ਪੁੱਛੇ ਸਵਾਲ ‘ਤੇ ਕਟਾਰੂਚੱਕ ਨੇ ਕਿਹਾ ਕਿ ਹਰ ਗੱਲ ਦਾ ਜਵਾਬ ਦੇਣਗੇ ਅਤੇ ਲੋੜ ਪੈਣ ‘ਤੇ ਆਪਣਾ ਪੱਖ ਰੱਖਣਗੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਵਾਲੇ ਸੂਬਿਆਂ ਵਿੱਚ ਭਾਜਪਾ ਆਪਣੀਆਂ ਏਜੰਸੀਆਂ ਨੂੰ ਅੱਗੇ ਕਰਦੀ ਹੈ। ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਠਜੋੜ ਨੂੰ ਪਸੰਦ ਨਹੀਂ ਕਰਨਗੇ।
ਉਨ੍ਹਾਂ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਮੁੱਦਾ-ਲੈੱਸ ਅਤੇ ਲੀਡਰ-ਲੈੱਸ ਹੈ। ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਸਿਰਫ਼ ਯਾਤਰਾਵਾਂ ਕਰਨ ਦੀ ਬਜਾਏ ਲੋਕਾਂ ਲਈ ਕੀਤੇ ਕੰਮ ਮਹੱਤਵ ਰੱਖਦੇ ਹਨ। 2027 ਦੀਆਂ ਚੋਣਾਂ ਅਤੇ ਟਿਕਟਾਂ ਦੀ ਵੰਡ ਬਾਰੇ ਉਨ੍ਹਾਂ ਕਿਹਾ ਕਿ ਇਹ ਕੇਂਦਰੀ ਲੀਡਰਸ਼ਿਪ ਦਾ ਫੈਸਲਾ ਹੈ ਅਤੇ ਪਾਰਟੀ ਦੇ ਮਾਪਦੰਡਾਂ ‘ਤੇ ਖਰੇ ਉਤਰਨ ਵਾਲਿਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਵਿੱਚ ਹੈ ਅਤੇ ਫੈਸਲਾ ਅਦਾਲਤ ਨੇ ਕਰਨਾ ਹੈ। ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਅਤੇ ਮੰਤਰੀਆਂ ਦੇ ਘਰਾਂ ਬਾਹਰ ਝੋਨਾ ਸੁੱਟਣ ਬਾਰੇ ਉਨ੍ਹਾਂ ਕਿਹਾ ਕਿ ਹਰ ਵਰਗ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੈ ਅਤੇ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰੇਗੀ।

LEAVE A REPLY

Please enter your comment!
Please enter your name here